ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ: ਸਿਹਤ ਮੰਤਰੀ

‘ਯੁੱਧ ਨਸ਼ਿਆਂ ਦੇ ਵਿਰੁੱਧ’: ਸਿਹਤ ਮੰਤਰੀ ਵੱਲੋਂ ਸਰਕਾਰੀ ਨਸ਼ਾ-ਛੁਡਾਊ ਕੇਂਦਰ ਮੁਹਾਲੀ ਦਾ ਨਿਰੀਖਣ

ਨਸ਼ਾ ਪੀੜਤਾਂ ਦਾ ਇਲਾਜ ਤੇ ਹੱਥੀਂ ਹੁਨਰ ਸਿਖਾ ਕੇ ਮੁੜ-ਵਸੇਬਾ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬੇ ਵਿੱਚ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਜੰਗੀ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ। ਜਿਸ ਦੇ ਆਉਂਦੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਮੁਹਾਲੀ ਦਾ ਨਿਰੀਖਣ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਵਿੱਢੀ ਮੁਹਿੰਮ ਵਿਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਉਨ੍ਹਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਆਪਣਾ ਕਾਰੋਬਾਰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ।
ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਪਰੰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਮੁਹੱਈਆ ਕਰਵਾ ਕੇ ਸਵੈ-ਰੁਜ਼ਗਾਰ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਅੌਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਮੈਂਬਰ ਨਸ਼ਿਆਂ ਦੀ ਦਲਦਲ ਵਿਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾ ਸਕੇ।
ਇਸ ਮੌਕੇ ਏਡੀਸੀ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਗੁਰਮੀਤ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਵੱਲੋਂ ਚੋਰੀ ਕੀਤੀ ਵਿਦੇਸ਼ੀ ਕਰੰਸੀ ਸਣੇ ਮੁਲਜ਼ਮ ਗ੍ਰਿਫ਼ਤਾਰ, ਮਟੌਰ ਥਾਣੇ ’ਚ ਕੇਸ ਦਰਜ

ਮੁਹਾਲੀ ਪੁਲੀਸ ਵੱਲੋਂ ਚੋਰੀ ਕੀਤੀ ਵਿਦੇਸ਼ੀ ਕਰੰਸੀ ਸਣੇ ਮੁਲਜ਼ਮ ਗ੍ਰਿਫ਼ਤਾਰ, ਮਟੌਰ ਥਾਣੇ ’ਚ ਕੇਸ ਦਰਜ ਮੁਹਾਲੀ …