Nabaz-e-punjab.com

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਬਾਰਦਾਨੇ ਦੀ ਕੋਈ ਘਾਟ ਨਹੀਂ: ਭਾਰਤ ਭੂਸ਼ਣ ਆਸ਼ੂ

ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ: ਭਾਰਤ ਭੂਸ਼ਣ ਆਸ਼ੂ

ਸੂਬੇ ਦੀਆਂ ਮੰਡੀਆਂ ‘ਚ 54 ਲੱਖ ਮੀਟਰਕ ਟਨ ਕਣਕ ਦੀ ਹੋਈ ਆਮਦ, 50 ਲੱਖ ਮੀਟ੍ਰਿਕ ਟਨ ਖਰੀਦ ਕੀਤੀ

ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ, 20 ਲੱਖ ਮੀਟਰਕ ਟਨ ਕਣਕ ਚੁੱਕੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਅਪ੍ਰੈਲ:
ਪੰਜਾਬ ਰਾਜ ਦੇ ਕਿਸਾਨਾਂ ਨੂੰ ਕਣਕ ਦੀ ਖਰੀਦ ਸਬੰਧੀ ਅੱਜ ਤੱਕ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਸਕੀਮ ਤਹਿਤ 2600 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਕਤ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ 1141 ਕਰੋੜ ਰੁਪਏ ਦੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਸਨ, 1500 ਕਰੋੜ ਰੁਪਏ ਅੱਜ ਤੱਕ ਕਲੀਅਰ ਹੋ ਗਏ ਹਨ ਅਤੇ ਕੱਲ੍ਹ ਤੱਕ ਕੁੱਲ 4200 ਕਰੋੜ ਰੁਪਏ ਦੀਆਂ ਅਦਾਇਗੀਆਂ ਨੂੰ ਵੀ ਕਲੀਅਰ ਕਰ ਦਿੱਤਾ ਜਾਵੇਗਾ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਪੈਦਾਵਾਰ ਕੀਤੀ ਕਣਕ ਦਾ ਇੱਕ-ਇੱਕ ਦਾਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਹਰ ਹੀਲੇ ਖਰੀਦਿਆ ਜਾਵੇਗਾ।
ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ 54 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਪਹਿਲਾਂ ਹੀ 50 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 20 ਲੱਖ ਮੀਟਰਕ ਟਨ ਕਣਕ ਪਹਿਲਾਂ ਹੀ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਚੁਕਾਈ ਕੀਤੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਖਰੀਦ ਅਤੇ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਬਾਰਦਾਨਾ (ਖਾਲੀ ਬੋਰੀਆਂ) ਦੇ ਮੁੱਦੇ ‘ਤੇ, ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਪੱਛਮੀ ਬੰਗਾਲ ਵਿੱਚ ਚੋਣਾਂ ਦੇ ਕਾਰਨ, ਬਹੁਤ ਸਾਰੀਆਂ ਜੂਟ ਮਿਲਾਂ ਬੰਦ ਹਨ, ਜਿਸ ਨਾਲ ਦੇਸ਼ ਭਰ ਵਿੱਚ ਬਾਰਦਾਨੇ ਦੀ ਭਾਰੀ ਕਿੱਲਤ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮੁੱਦਾ ਭਾਰਤ ਦੇ ਜੂਟ ਕਮਿਸ਼ਨਰ ਕੋਲ ਵੀ ਚੁੱਕਿਆ ਸੀ, ਪਰ ਉਹ ਪੰਜਾਬ ਸੂਬੇ ਦੀ ਮਦਦ ਕਰਨ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਬਾਰਦਾਨੇ ਦੀ ਕੁਝ ਘਾਟ ਸੀ, ਪਰ ਹੁਣ ਮਾਮਲਾ ਸੁਲਝ ਗਿਆ ਹੈ। ਉਨ੍ਹਾਂ ਕਿਹਾ ਕਿ 12 ਅਪ੍ਰੈਲ, 2021 ਨੂੰ ਭਾਰਤ ਸਰਕਾਰ ਨੇ ਆੜ੍ਹਤੀਆਂ ਦੁਆਰਾ ਵਰਤੇ ਗਏ ਬਰਦਾਨੇ ਦੀ ਵਰਤੋਂ ਲਈ ਸੂਬਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਸੀ, ਜਿਸ ਲਈ 41.90 ਰੁਪਏ ਪ੍ਰਤੀ ਬੋਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਦਾ ਸਿਆਸੀਕਰਨ ਨਾ ਕਰਨ ਕਿਉਂਕਿ ਪੰਜਾਬ ਸੂਬੇ ਵਿੱਚ ਹੁਣ ਬਰਦਾਨੇ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ, ਜ਼ਿਲ੍ਹਾ ਪ੍ਰਸ਼ਾਸਨ ਜਾਂ ਉਨ੍ਹਾਂ ਦੇ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾਣਗੀਆਂ। ਡੀਬੀਟੀ ਦੇ ਮੁੱਦੇ ‘ਤੇ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 18 ਮਹੀਨਿਆਂ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰ ਰਹੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਹਰੇਕ ਕਿਸਾਨ ਨੂੰ ਅਦਾਇਗੀ ਨਿਰਧਾਰਤ ਸਮੇਂ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਅਤੇ ਆੜ੍ਹਤੀਏ (ਕਮਿਸ਼ਨ ਏਜੰਟ) ਦੋਵੇਂ ਹੀ ਚੱਲ ਰਹੀ ਕਣਕ ਦੀ ਖਰੀਦ ਤੋਂ ਖੁਸ਼ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …