ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ: ਸੁਖਬੀਰ ਬਾਦਲ
ਧਾਰਮਿਕ ਸਜ਼ਾ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਲੋਕਾਂ ਵਿੱਚ ਵਿਚਰਨਾ ਸ਼ੁਰੂ
ਅਫ਼ਸੋਸ ਪ੍ਰਗਟ ਕਰਨ ਲਈ ਬੀਬੀ ਕੁਲਦੀਪ ਕੌਰ ਕੰਗ ਦੇ ਘਰ ਮੁਹਾਲੀ ਪਹੁੰਚੇ ਸੁਖਬੀਰ ਬਾਦਲ
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਪਿਛਲੀ ਅਕਾਲੀ ਸਰਕਾਰ ਸਮੇਂ ਹੋਈਆਂ ਕਥਿਤ ਗਲਤੀਆਂ ਅਤੇ ਭੁੱਲਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਉਂਜ ਹਾਲੇ ਉਨ੍ਹਾਂ ਵੱਲੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ। ਸੁਖਬੀਰ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕੁਲਦੀਪ ਕੌਰ ਕੰਗ ਪਤਨੀ ਅਰਵਿੰਦਰ ਸਿੰਘ ਕੰਗ ਦੇ ਮੁਹਾਲੀ ਫੇਜ਼-4 ਸਥਿਤ ਘਰ ਪਹੁੰਚੇ ਅਤੇ ਉਨ੍ਹਾਂ ਦੇ ਮਾਤਾ ਅਵਤਾਰ ਕੌਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕੰਗ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਹਾਲਾਤ ਬਹੁਤ ਮਾੜੇ ਹਨ। ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਦਾ ਹਰ ਨਾਗਰਿਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਥਾਣਿਆਂ ’ਤੇ ਬੰਬ ਸੁੱਟੇ ਜਾ ਰਹੇ ਹਨ। ਗੈਂਗਸਟਰ ਫਿਰੌਤੀ ਲਈ ਸ਼ਰ੍ਹੇਆਮ ਧਮਕੀਆਂ ਦੇ ਰਹੇ ਹਨ। ਪਿਛਲੇ 10 ਸਾਲਾਂ ਵਿੱਚ ਪੰਜਾਬ ਅੰਦਰ ਗੈਂਗਸਟਰਵਾਦ ਵਧਿਆ ਹੈ ਅਤੇ ਪੰਜਾਬ ਵਿੱਚ ਮੁੜ ਤੋਂ ਅੱਤਵਾਦ ਸੁਰਜੀਤ ਹੋਣ ਦੇ ਖ਼ਦਸ਼ੇ ਵਧ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਸੂਬੇ ਦੇ ਲੋਕ ਡਰ ਦੇ ਸਾਏ ਹੇਠ ਜੀਵਨ ਬਤੀਤ ਕਰਨ ਲਈ ਮਜਬੂਰ ਹਨ।
ਸੁਖਬੀਰ ਨੇ ਭਾਜਪਾ ਅਤੇ ‘ਆਪ’ ’ਤੇ ਤੰਜ ਕੱਸਦਿਆਂ ਕਿਹਾ ਕਿ ਇਹ ਨਾ ਤਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ ਅਤੇ ਨਾ ਹੀ ਕਿਰਸਾਨੀ ਬਾਰੇ ਕੋਈ ਸਮਝ ਹੈ ਅਤੇ ਨਾ ਹੀ ਸਮਝਣਾ ਚਾਹੁੰਦੇ ਹਨ ਅਤੇ ਕੋਈ ਮਰੇ ਕੋਈ ਜੀਵੇ ਇਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਹੈ ਅਤੇ ਨਾ ਹੀ ਇਹ ਕੋਈ ਪ੍ਰਵਾਹ ਕਰਦੇ ਹਨ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਰਬਜੀਤ ਸਿੰਘ ਖ਼ਾਲਸਾ ਵੱਲੋਂ 14 ਜਨਵਰੀ ਨੂੰ ਮਾਘੀ ਮੇਲੇ ’ਤੇ ਨਵੀਂ ਪਾਰਟੀ ਬਣਾਉਣ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਨੇ ਸਿਰਫ਼ ਐਨਾ ਹੀ ਕਿਹਾ ਨਵੀਂ ਪਾਰਟੀ ਬਣਾਉਣ ’ਤੇ ਉਨ੍ਹਾਂ ਦਾ ਸਵਾਗਤ ਹੈ।
ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਗ ਪਰਿਵਾਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਵਰਕਰਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ। ਬੀਬੀ ਕੰਗ ਦੇ ਘਰ ਸੁਖਬੀਰ ਬਾਦਲ ਨੇ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਆਪਸੀ ਵਿਚਾਰ-ਚਰਚਾ ਕੀਤੀ। ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀ ਨਬਜ਼ ਟਟੋਲਣ ਦਾ ਯਤਨ ਕੀਤਾ।
ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਕਾਨੂੰਨੀ ਸਲਾਹਕਾਰ ਅਰਸ਼ਦੀਪ ਸਿੰਘ ਕਲੇਰ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸੁਖਵਿੰਦਰ ਸਿੰਘ ਛਿੰਦੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਅਰਵਿੰਦਰ ਸਿੰਘ ਕੰਗ ਅਤੇ ਹੋਰ ਪਤਵੰਤੇ ਹਾਜ਼ਰ ਸਨ।