
ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦੇਣ ਦੀ ਮੰਗ ਉੱਠੀ
ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ:
ਕਾਂਗਰਸ ਪਾਰਟੀ ਦੇ ਐਸਸੀ ਸੈਲ ਮੁਹਾਲੀ (ਸ਼ਹਿਰੀ) ਦੇ ਚੇਅਰਮੈਨ ਰਾਜੇਸ਼ ਲੱਖੋਤਰਾ ਦੀ ਅਗਵਾਈ ਹੇਠ ਅੱਜ ਪਿੰਡ ਮਟੌਰ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ। ਰਾਜੇਸ਼ ਲੱਖੋਤਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਹਾਲੀ ਹਲਕੇ ਦੇ ਵੱਖ-ਵੱਖ ਵਾਰਡਾਂ ਅਤੇ ਫੇਜ਼ਾਂ ਵਿਚ ਕਾਂਗਰਸ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨਾਲ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਵਿਚ ਏਕਤਾ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਚੋਣਾਂ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਦਾ ਅਸਰ ਦਿਖੇਗਾ ਅਤੇ ਦੇਸ਼ ਦੀ ਜਨਤਾ ਦਾ ਭਰਪੂਰ ਸਮਰਥਨ ਮਿਲੇਗਾ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਲਬੀਰ ਸਿੱਧੂ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਆਪਣੇ ਵਿਰੋਧੀਆਂ ਨੂੰ ਹਰਾ ਕੇ ਵੱਡੇ ਫਰਕ ਨਾਲ ਚੋਣ ਜਿੱਤਣਗੇ। ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਪਰਦੀਪ ਸੋਨੀ, ਐਸਸੀਸੈਲ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਜਨਰਲ ਸਕੱਤਰ ਮੱਖਣ ਸਿੰਘ, ਸੀਨੀਅਰ ਕਾਂਗਰਸੀ ਆਗੂ ਦਿਲਵਰ ਖਾਨ ਹਾਜ਼ਰ ਸਨ।