ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗਮਾਡਾ ਨਾਲ ਸਬੰਧਤ ਮਸਲੇ ਹੱਲ ਕਰਵਾਉਣ ਦੀ ਮੰਗ ਉੱਠੀ

ਐਮਪੀਸੀਏ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਮੀਟਿੰਗ ਦੌਰਾਨ ਸ਼ਹਿਰ ਦੇ ਮਸਲਿਆਂ ਬਾਰੇ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 1 ਫਰਵਰੀ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਮੁਲਾਕਾਤ ਦੌਰਾਨ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗਮਾਡਾ ਲਾਲ ਸਬੰਧਤ ਮਸਲੇ ਫੌਰੀ ਹੱਲ ਕਰਵਾਉਣ ਦੀ ਗੁਹਾਰ ਲਗਾਈ ਹੈ। ਐਮਪੀਸੀਏ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ। ਮੱਖ ਸਕੱਤਰ ਦੇ ਸੱਦੇ ’ਤੇ ਹੋਈ ਇਸ ਅਹਿਮ ਮੁਲਾਕਾਤ ਦੌਰਾਨ ਅਨੁਰਾਗ ਵਰਮਾ ਨੇ ਪ੍ਰਾਪਰਟੀ ਸਲਾਹਕਾਰਾਂ ਵੱਲੋਂ ਚੁੱਕੇ ਗਏ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਨੇ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ’ਤੇ ਗਮਾਡਾ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਸ਼ਹਿਰੀ ਵਿਕਾਸ ਨਾਲ ਜੁੜੇ ਮੁੱਦਿਆਂ ਅਤੇ ਗਮਾਡਾ ਨਾਲ ਸਬੰਧਤ ਲੋਕ ਮਸਲਿਆਂ ਦਾ ਨਿਬੇੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਗਮਾਡਾ ਅਧਿਕਾਰੀਆਂ ਵੱਲੋਂ ਕਈ ਮਸਲੇ ਸਰਕਾਰ ਪੱਧਰ ’ਤੇ ਹੀ ਹੱਲ ਹੋਣ ਦੀ ਗੱਲ ਕਹਿ ਕੇ ਟਾਲ-ਮਟੋਲ ਕੀਤੀ ਜਾਂਦੀ ਹੈ।
ਵਫ਼ਦ ਨੇ ਗਮਾਡਾ ਨੂੰ ਪਹਿਲਾਂ ਦਿੱਤੇ ਮੰਗ ਪੱਤਰ ਦੀਆਂ ਕਾਪੀਆਂ ਮੁੱਖ ਸਕੱਤਰ ਨੂੰ ਸੌਂਪਦੇ ਹੋਏ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਬਿਹਤਰੀ ਨਾਲ ਜੁੜੇ ਮੁੱਦਿਆਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਦੱਸਿਆ ਕਿ ਗਮਾਡਾ ਦੀਆਂ ਮੌਜੂਦਾ ਨੀਤੀਆਂ ਨੂੰ ਲੈ ਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਸੈਕਟਰ-76 ਤੋਂ 80 ਦੇ ਪਲਾਟਾਂ ਦੀ ਕੀਮਤ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ, ਲੈਂਡ ਪੂਲਿੰਗ ਦੇ ਪਲਾਟਾਂ ਦੀ ਮਲਕੀਅਤ ਬਦਲਣ ਵੇਲੇ ਪੀਐਲਸੀ ਚਾਰਜ ਲੈਣ ਦਾ ਫ਼ੈਸਲਾ ਵਾਪਸ ਲੈਣ, ਸਰਕਾਰੀ ਕੰਮਾਂ ਲਈ ਗਮਾਡਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨ, ਪਲਾਟਾਂ ਦੀ ਟਰਾਂਸਫ਼ਰ, ਐਕਸਟੈਂਸ਼ਨ ਅਤੇ ਕੰਪਾਉਂਡਿੰਗ ਫੀਸ ਵਿੱਚ ਕੀਤੇ ਗੈਰਜ਼ਰੂਰੀ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਵਫਦ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਮੁਹਾਲੀ ਸ਼ਹਿਰ ਦੀ ਉਸਾਰੀ ਵਿੱਚ ਵੱਡਾ ਯੋਗਦਾਨ ਦੇਣ ਵਾਲੇ ਸ਼ਹਿਰ ਦੇ ਪ੍ਰਾਪਰਟੀ ਸਲਾਹਕਾਰਾਂ ਨੂੰ ਜ਼ਮੀਨ ਜਾਇਦਾਦ ਦੇ ਸੌਦਿਆਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ।
ਐਮਪੀਸੀਏ ਦੇ ਪ੍ਰਧਾਨ ਡਡਵਾਲ ਨੇ ਦੱਸਿਆ ਕਿ ਮੁੱਖ ਸਕੱਤਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਪ੍ਰਾਪਰਟੀ ਸਲਾਹਕਾਰਾਂ ਵੱਲੋਂ ਚੁੱਕੇ ਗਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਵਫ਼ਦ ਅਨੁਸਾਰ ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਉਹ ਮਹੀਨੇ ਵਿੱਚ ਇੱਕ ਵਾਰ ਪ੍ਰਾਪਰਟੀ ਸਲਾਹਕਾਰਾਂ ਨਾਲ ਮੀਟਿੰਗ ਕਿਰਿਆ ਕਰਨਗੇ ਤਾਂ ਜੋ ਉਨ੍ਹਾਂ ਦੀ ਸਲਾਹ ਲੈ ਕੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਅਹਿਮ ਮਸਲਿਆਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪਾਰਸ ਮਹਾਜਨ, ਸਰਪ੍ਰਸਤ ਹਰਜਿੰਦਰ ਸਿੰਘ ਧਵਨ ਅਤੇ ਕੈਸ਼ੀਅਰ ਹਰਪ੍ਰੀਤ ਸਿੰਘ ਲਹਿਲ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…