Share on Facebook Share on Twitter Share on Google+ Share on Pinterest Share on Linkedin ਬਰਸਾਤਾਂ ਦੌਰਾਨ ਪਾਣੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਜੀਤੀ ਸਿੱਧੂ ਮੇਅਰ ਜੀਤੀ ਸਿੱਧੂ ਨੇ ਲਖਨੌਰ ਚੋਅ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਵੀ ਇਲਾਕੇ ਵਿੱਚ ਲੋਕਾਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਵੇਗੀ। ਲਖਨੌਰ ਵਿਖੇ ਚੋਅ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਆਉਣ ਵਾਲੇ ਮੌਸਮ ਨੂੰ ਵੇਖਦਿਆਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਅਗਾਊੱ ਪ੍ਰਬੰਧ ਕਰਨ ਲਈ ਮੁਹਾਲੀ ਨਗਰ ਨਿਗਮ ਪੱਬਾਂ ਭਾਰ ਹੋ ਕੇ ਕੰਮ ਕਰ ਰਹੀ ਹੈ ਅਤੇ ਪੂਰੇ ਮੁਹਾਲੀ ਵਿੱਚ ਹੀ ਡਰੇਨਾਂ ਦੀ ਸਫਾਈ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ। ਮੇਅਰ ਨੇ ਕਿਹਾ ਕਿ ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਨਵੀਂਆਂ ਰੋਡ ਗਲੀਆਂ ਵੀ ਬਣਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪੁਰਾਣੀਆਂ ਰੋਡ ਗਲੀਆਂ ਦੀ ਸਫਾਈ ਅਤੇ ਮੁਰੰਮਤ ਦਾ ਕੰਮ ਵੀ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਾਬਜ਼ ਧਿਰ ਦੇ ਸਾਰੇ ਹੀ ਕੌਂਸਲਰ ਆਪੋ-ਆਪਣੇ ਵਾਰਡਾਂ ਵਿੱਚ ਡਰੇਨੇਜ ਦੇ ਕੰਮ ਦੀ ਨਜ਼ਰਸਾਨੀ ਕਰ ਰਹੇ ਹਨ ਤੇ ਸਾਰੀਆਂ ਰਿਪੋਰਟਾਂ ਉਨ੍ਹਾਂ ਨੂੰ ਪੁੱਜਦੀਆਂ ਕਰ ਰਹੇ ਹਨ ਜਿਨ੍ਹਾਂ ਦੇ ਆਧਾਰ ਤੇ ਹੀ ਸਾਰੇ ਵਾਰਡਾਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਲਖਨੌਰ ਚੋਅ ਬਾਰੇ ਜੀਤੀ ਸਿੱਧੂ ਨੇ ਕਿਹਾ ਕਿ ਇਸ ਚੋਅ ਵਿੱਚ ਮੁਹਾਲੀ ਦੇ ਸੈਕਟਰ-70, ਸੈਕਟਰ-71, ਪਿੰਡ ਮਟੌਰ, ਫੇਜ਼-5, ਫੇਜ਼-3ਬੀ2 ਦੀ ਡਰੇਨਜ਼ ਦਾ ਪਾਣੀ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਸਨਅਤੀ ਖੇਤਰ ਦਾ ਪਾਣੀ ਵੀ ਇਸੇ ਡਰੇਨੇਜ ਵਿੱਚ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਚੋਅ ’ਚੋਂ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਹੋ ਸਕੇ ਇਸ ਲਈ ਜੇਸੀਬੀ ਮਸ਼ੀਨਾਂ ਲਗਾ ਕੇ ਇੱਥੇ ਸਫ਼ਾਈ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ