ਇਸ ਵਾਰ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ ਮਰਦਮ-ਸ਼ੁਮਾਰੀ: ਡਾ. ਅਭਿਸ਼ੇਕ ਜੈਨ

ਪੰਜਾਬ ਵਿੱਚ ਮਰਦਮ-ਸ਼ੁਮਾਰੀ ਦੇ ਮੱਦੇਨਜ਼ਰ ਡਾਇਰੈਕਟਰ ਨੇ ਅਗਾਊਂ ਤਿਆਰੀਆਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਭਾਰਤ ਸਰਕਾਰ ਵੱਲੋਂ ਆਗਾਮੀ ਮਰਦਮ-ਸ਼ੁਮਾਰੀ ਦੇ ਮੱਦੇਨਜ਼ਰ ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ (ਅਪਰੇਸ਼ਨ) ਡਾ. ਅਭਿਸ਼ੇਕ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮਰਦਮ-ਸ਼ੁਮਾਰੀ ਸਬੰਧੀ ਅਗਾਊਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇਸ ਵਾਰ ਜਨਗਣਨਾ ਡਿਜੀਟਲ ਰੂਪ ਵਿੱਚ ਹੋਵੇਗੀ, ਜਿਸ ਲਈ ਗਿਣਤੀਕਾਰ ਨੂੰ ਆਪਣੇ ਮੋਬਾਈਲ ਫੋਨ ’ਤੇ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀ ਐਪ ਡਾਊਨਲੋਡ ਕਰਨੀ ਪਵੇਗੀ।
ਮੀਟਿੰਗ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਏਡੀਸੀ (ਜਨਰਲ) ਸ੍ਰੀਮਤੀ ਕੋਮਲ ਮਿੱਤਲ, ਏਡੀਸੀ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਏਡੀਸੀ (ਸ਼ਹਿਰੀ) ਸ੍ਰੀਮਤੀ ਪੂਜਾ ਸਿਆਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਾ. ਅਭਿਸ਼ੇਕ ਜੈਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਮਰਦਮ-ਸ਼ੁਮਾਰੀ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਲਾਜ਼ਮੀ ਲਿਸਟਾਂ ਦੀ ਤਿਆਰੀ ਯਕੀਨੀ ਬਣਾਈ ਜਾਵੇ ਅਤੇ ਬਲਾਕ ਪੱਧਰ ’ਤੇ ਗਿਣਤੀਕਾਰਾਂ ਦੇ ਯੂਨਿਟ ਸਥਾਪਤੀ ਲਈ ਤਿਆਰੀ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਵੱਲੋਂ ਜਨਗਣਨਾ ਲਈ ਅਤਿ ਲੋੜੀਂਦੀਆਂ ਵਾਰਡਾਂ, ਮੁਹੱਲਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਆਦਿ ਦੀ ਢੁਕਵੀਂ ਸੂਚੀ ਤਿਆਰ ਕਰ ਕੇ ਭੇਜੀ ਜਾਵੇ ਤਾਂ ਜੋ ਮਰਦਮਸ਼ੁਮਾਰੀ ਲਈ ਅਗਲੇਰੀ ਕਾਰਵਾਈ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਬਣੇ ਨਵੇਂ ਵਾਰਡਾਂ ਅਤੇ ਕਲੋਨੀਆਂ ਨੂੰ ਵੀ ਲਿਸਟਾਂ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਹਰ ਖੇਤਰ ਨੂੰ ਮਰਦਮ-ਸ਼ੁਮਾਰੀ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
ਜਨਮ ਅਤੇ ਮੌਤ ਦੇ ਸਰਟੀਫਿਕੇਟ ਬਣਾਉਣ ਵੇਲੇ ਲਾਜ਼ਮੀ ਨਿਯਮਾਂ ਦੀ ਪਾਲਣਾ ’ਤੇ ਜ਼ੋਰ ਦਿੰਦਿਆਂ ਡਾ. ਅਭਿਸ਼ੇਕ ਜੈਨ ਨੇ ਕਿਹਾ ਕਿ ਮੌਤ ਦਾ ਸਰਟੀਫਿਕੇਟ ਲੈਣ ਵੇਲੇ ਮੌਤ ਦਾ ਕਾਰਨ ਲਿਖਿਆ ਜਾਣਾ ਬਹੁਤ ਜ਼ਰੂਰੀ ਹੈ ਭਾਵੇਂ ਮੌਤ ਕਿਸੇ ਹਸਪਤਾਲ ਜਾਂ ਫਿਰ ਘਰ ਵਿਚ ਹੋਈ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਵੀ ਗਠਿਤ ਕੀਤੀ ਜਾਵੇ ਜਿਹੜੀ ਸਮੇਂ-ਸਮੇਂ ਸਿਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਦੀ ਸਮੀਖਿਆ ਕਰੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਰਦਮਸ਼ੁਮਾਰੀ ਇਕ ਬਹੁਤ ਮਹੱਤਵਪੂਰਨ ਕਾਰਜ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਖੋਜ ਅਫ਼ਸਰ (ਨਕਸ਼ੇ)-ਕਮ-ਇੰਚਾਰਜ ਸੀਆਰਐੱਸ ਵਰਿੰਦਰ ਕੌਰ, ਅਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…