ਡੇਰਾ ਸਿਰਸਾ ਪੇ੍ਰਮੀਆਂ ਤੋਂ ਵੋਟਾਂ ਮੰਗਣ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਪ੍ਰੋ. ਬਡੂੰਗਰ

ਗੁਰਦੁਆਰਾ ਅੰਬ ਸਾਹਿਬ ਵੱਲੋਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ, ਬਡੂੰਗਰ ਨੇ ਕੀਤਾ ਰਵਾਨਾ

ਭਾਈ ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਚੁੱਕੇ ਕਈ ਪੰਥਕ ਮੁੱਦੇ, ਬਡੂੰਗਰ ਵੱਲੋਂ ਮਿਲ ਬੈਠ ਕੇ ਹੱਲ ਕਰਨ ਦਾ ਭਰੋਸਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਫਰਵਰੀ:
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਫੇਜ਼-8 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਨੂੰ ਐਸਜੀਪੀਸੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਲੇ ਕੀਤੀ। ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਗਿੱਲ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋੋ. ਬਡੂੰਗਰ ਨੇ ਸਪੱਸ਼ਟ ਆਖਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਮੰਗਣ ਅਤੇ ਡੇਰੇ ਵਿੱਚ ਜਾਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਅਕਾਲੀ ਆਗੂਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਹ ਭਾਵੇ ਕੋਈ ਵੀ ਹੋਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਇਸ ਕਮੇਟੀ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ ਕਿ ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਅਤੇ ਸੰਗਤ ਨੂੰ ਗੁੰਮਰਾਹ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਜਾਅਲੀ ਹੁਕਮਨਾਮਾ ਜਾਰੀ ਕਰਨਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਕਮਨਾਮੇ ’ਤੇ 3 ਅਪਰੈਲ 2017 ਤਰੀਕ ਲਿਖੀ ਹੋਈ ਹੈ ਅਤੇ ਹੁਕਮਨਾਮੇ ਉੱਤੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਵੀ ਦਸਖ਼ਤ ਕੀਤੇ ਹੋਏ ਹਨ। ਜਦੋਂ ਕਿ ਸਭ ਨੂੰ ਪਤਾ ਹੈ ਕਿ ਮੌਜੂਦਾ ਸਮੇਂ ਵਿੱਚ ਜਥੇਦਾਰ ਨੰਦਗੜ੍ਹ ਕਿਸੇ ਵੀ ਤਖ਼ਤ ਦੇ ਜਥੇਦਾਰ ਨਹੀਂ ਹਨ।
ਪੱਤਰਕਾਰਾਂ ਵੱਲੋਂ ਕਾਨੂੰਨੀ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਜਥੇਦਾਰ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਬਰਗਾੜੀ ਬੇਅਦਬੀ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ’ਤੇ ਬਡੂੰਗਰ ਨੇ ਕਿਹਾ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ ਪਿਛਲੇ ਸਾਲ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਜੋੜ ਮੇਲੇ ਦੌਰਾਨ ਸਕੂਲੀ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਸੀ ਅਤੇ 10 ਜਨਵਰੀ ਨੂੰ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ 125 ਸਕੂਲ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗੁਰਮਤਿ ਦਾ ਪਾਠ ਪੜ੍ਹਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਜਾਂ ਕਾਲਜ ਨੌਜਵਾਨਾਂ ਨੂੰ ਗੁਰਮਤਿ ਦੀ ਸਿੱਖਿਆ ਦੇਵੇਗਾ ਤਾਂ ਐਸਜੀਪੀਸੀ ਵੱਲੋਂ ਸਬੰਧਤ ਸਿੱਖਿਆ ਸੰਸਥਾਨ ਨੂੰ ਅਧਿਆਪਕ ਦੀ ਅੱਧੀ ਤਨਖ਼ਾਹ ਦਿੱਤੀ ਜਾਵੇਗੀ।
ਇਸੇ ਦੌਰਾਨ ਚਲਦੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਜ਼ਾਦ ਮੈਂਬਰ ਭਾਈ ਹਰਦੀਪ ਸਿੰਘ ਨੇ ਐਸਜੀਪੀਸੀ ਪ੍ਰਧਾਨ ਬਡੂੰਗਰ ਦੇ ਕੋਲ ਕਈ ਪੰਥਕ ਮੁੱਦੇ ਚੁੱਕਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵਿਵਾਦਿਤ ਕਿਤਾਬ ਬਾਰੇ ਉਨ੍ਹਾਂ ਦੀ ਸ਼ਿਕਾਇਤ ’ਤੇ ਹਾਲੇ ਤੱਕ ਜਾਂਚ ਕਿਸੇ ਕਿਨਾਰੇ ਨਹੀਂ ਲੱਗੀ ਹੈ। ਇਸ ਗੱਲ ਨੂੰ ਕਰੀਬ 9 ਸਾਲ ਬੀਤ ਚੁੱਕੇ ਹਨ। ਇਸ ਦੇ ਜਵਾਬ ਵਿੱਚ ਬਡੂੰਗਰ ਨੇ ਕਿਹਾ ਕਿ ਉਹ ਪਤਾ ਲਗਾਉਣਗੇ ਕਿ ਜਾਂਚ ਕਿਥੇ ਪੁੱਜੀ ਹੈ। ਇਸੇ ਤਰ੍ਹਾਂ ਭਾਈ ਹਰਦੀਪ ਸਿੰਘ ਦੀ ਮੰਗ ਕਿ ਰਿਊੜੀਆਂ ਵਾਂਗ ਵੰਡੇ ਜਾਂਦੇ ਸਿਰੋਪਾਓ ਦੇ ਮਾਮਲੇ ਵਿੱਚ ਬਡੂੰਗਰ ਨੇ ਕਿਹਾ ਕਿ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕੀਤੀ ਜਾਵੇਗੀ। ਇੰਝ ਹੀ ਗੁਰਦੁਆਰਾ ਅੰਬ ਸਾਹਿਬ ਦੀ ਮੁਹਾਲੀ ਨੇੜਲੇ ਪਿੰਡਾਂ ਵਿਚਲੀ ਜ਼ਮੀਨ ਨੂੰ ਵੇਚਣ ਸਮੇਤ ਕਈ ਹੋਰ ਸਿੱਖ ਮਸਲਿਆਂ ’ਤੇ ਚਰਚਾ ਕੀਤੀ। ਪ੍ਰੋ. ਬਡੂੰਗਰ ਨੇ ਇਨ੍ਹਾਂ ਸਾਰੇ ਹੀ ਮਸਲਿਆਂ ’ਤੇ ਆਪਸ ਵਿੱਚ ਮਿਲ ਬੈਠ ਕੇ ਗੱਲਬਾਤ ਰਾਹੀਂ ਸੁਲਝਾਉਣ ਦਾ ਭਰੋਸਾ ਦਿੱਤਾ ਹੈ।
ਅੱਜ ਗੁਰਦੁਆਰਾ ਅੰਬ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਬਾਅਦ ਸ਼ੁਰੂ ਹੋਏ ਨਗਰ ਕੀਰਤਨ ਫੇਜ਼-8 ਤੇ 9, ਕ੍ਰਿਕਟ ਸਟੇਡੀਅਮ ਫੇਜ਼ 10, ਫੇਜ਼ 11 ਗੁਰਦੁਆਰਾ ਸਾਹਿਬ, ਪੁਲਿਸ ਥਾਣਾ ਫੇਜ਼-11, ਨਾਈਪਰ, ਵਣ ਭਵਨ, ਪੁਲੀਸ ਸਟੇਸ਼ਨ ਫੇਜ਼ 8 ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8, ਕੋਸਮੋ ਹਸਪਤਾਲ, ਫੇਜ਼ 7 ਲਾਈਟਾ, ਗੁਰਦੁਆਰਾ ਸਾਚਾ ਧੰਨ, 3-5 ਦੀਆਂ ਲਾਈਟਾਂ, ਗੁਰਦੁਆਰਾ ਸਾਹਿਬਵਾੜਾ ਫੇਜ਼ 5, ਸਵਾਮੀ ਰਾਮ ਤੀਰਥ ਸਕੂਲ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4, ਖੋਖਾ ਮਾਰਕੀਟ, ਗੁਰਦੁਆਰਾ ਸਿੰਘ ਸਭਾ ਫੇਜ਼ 1 ਪੁਰਾਣਾ ਡੀ ਸੀ ਦਫਤਰ, ਫਰੈਂਕੋ ਹੋਟਲ ਫੇਜ਼-1 ਕੋਲੋਂ ਹੁੰਦਾ ਹੋਇਆ ਸ਼ਾਮ ਨੂੰ ਫੇਜ਼ 2 ਦੇ ਗੁਰਦੁਆਰਾ ਸਾਹਿਬ ਵਿੱਚ ਸੰਪੂਰਨ ਹੋਇਆ। ਜਿਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਦਸਿੰਘ ਸੋਂਧੀ ਦੀ ਅਗਵਾਈ ਹਠ ਸ਼ਹਿਰ ਦੀ ਸੰਗਤ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਧਰ, ਗੁਰਦੁਆਰਾ ਅੰਬ ਸਾਹਿਬ ਵਿੱਚ ਸ਼ਾਮ ਨੂੰ ਫੇਜ਼ 8 ਵਿਖੇ ਸ਼ਾਮ 6:30 ਤੋਂ ਰਾਤ 8:30 ਵਜੇ ਤੱਕ ਅਖੰਡ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ। ਦੂਜੇ ਦਿਨ 8 ਫਰਵਰੀ ਨੂੰ ਸਵੇਰੇ 9 ਵਜੇ ਤੋਂ ਰਾਤ 12 ਵਜੇ ਤੱਕ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰਨਗੇ। ਸਮਾਗਮ ਦੇ ਅਖੀਰਲੇ ਦਿਨ 9 ਫਰਵਰੀ ਨੂੰ ਅੰਮ੍ਰਿਤ ਸੰਚਾਰ ਹੋਵੇਗਾ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਪੰਥਕ ਆਗੂ ਭਾਈ ਹਰਦੀਪ ਸਿੰਘ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਡੀਸੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਕਲਗੀਧਰ ਸਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਫੇਜ਼-9 ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਮਾਨ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਰਛਪਾਲ ਸਿੰਘ ਛੀਨਾ, ਨਰਿੰਦਰ ਸਿੰਘ ਲਾਂਬਾ ਸਮੇਤ ਵੱਡੀ ਗਿਣਤੀ ਆਗੂ ਅਤੇ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…