
ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਵੋਟਾਂ ਲੈਣ ਵਾਲੇ ਆਪਣੇ ਰਸਤੇ ਤੋਂ ਭਟਕੇ: ਸਿੱਧੂ
ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ: ਬਲਬੀਰ ਸਿੱਧੂ
ਸ਼ਹੀਦ ਭਗਤ ਸਿੰਘ ਦੇ ਸਮਰਥਕਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਮਰਥਕਾਂ ਨੇ ਮਿਲ ਕੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ ਦੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਆਜ਼ਾਦੀ ਦੇ ਇਤਿਹਾਸ ਅਤੇ ਸ਼ਹੀਦ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਨਾਲ ਜੁੜੀਆਂ ਗੱਲਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ ਅਤੇ ਪੂਰਾ ਪੰਡਾਲ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ।
ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅੱਜ ਸਾਡੇ ਸਾਰਿਆਂ ਲਈ ਪ੍ਰੇਰਣਾਦਾਇਕ ਹੈ। ਲਿਹਾਜ਼ਾ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਸਤੇ ’ਤੇ ਚੱਲਣ ਅਤੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕੇਸਰੀ ਪੱਗਾਂ ਬੰਨ੍ਹਣ ਨਾਲ ਇਨਕਲਾਬ ਨਹੀਂ ਆਉਣਾ, ਇਸ ਵਾਸਤੇ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਪਵੇਗਾ। ਉਨ੍ਹਾਂ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ। ਹੁਕਮਰਾਨਾਂ ’ਤੇ ਤੰਜ ਕੱਸਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਸ਼ਹੀਦਾਂ ਦੇ ਨਾਂ ’ਤੇ ਵੋਟਾਂ ਮੰਗਣ ਵਾਲੇ ਹੁਣ ਆਪਣੇ ਰਸਤੇ ਤੋਂ ਭਟਕ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੀ ਮਾਂ ਵਿਦਿਆਵਤੀ ਦੇ ਨਾਮ ’ਤੇ ਬਣੇ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।