ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 80 ਹਜ਼ਾਰ 307 ਮੀਟਰਿਕ ਟਨ ਝੋਨਾ ਪੁੱਜਿਆ

ਮੰਡੀਆਂ ’ਚੋਂ 56 ਹਜ਼ਾਰ 836 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 80 ਹਜ਼ਾਰ 307 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 80 ਹਜ਼ਾਰ 015 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ’ਚੋਂ 56 ਹਜ਼ਾਰ 836 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ ਅਤੇ ਬਾਕੀ ਰਹਿੰਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਨਗਰੇਨ ਨੇ 18 ਹਜ਼ਾਰ 659 ਮੀਟਰਿਕ ਟਨ, ਮਾਰਕਫੈੱਡ ਨੇ 32 ਹਜ਼ਾਰ 123 ਮੀਟਰਿਕ ਟਨ, ਪਨਸਪ ਨੇ 12 ਹਜ਼ਾਰ 445 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 11 ਹਜ਼ਾਰ 031 ਮੀਟਰਿਕ ਟਨ, ਐਫ਼ਸੀਆਈ ਨੇ 5 ਹਜ਼ਾਰ 623 ਮੀਟਰਿਕ ਟਨ ਝੋਨਾ ਖ਼ਰੀਦਿਆਂ ਗਿਆ ਹੈ ਜਦੋਂਕਿ ਆੜ੍ਹਤੀਆਂ ਨੇ 134 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਦਿਆਲਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸਐਮਐਸ ਲੱਗੀ ਕੰਬਾਈਨ ਨਾਲ ਹੀ ਕਰਵਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ ਕਿਉਂਕਿ ਰਾਤ ਨੂੰ ਫਸਲ ਕੱਟਣ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾ ਕੇ ਨਾ ਸਾੜਿਆ ਜਾਵੇ, ਕਿਉਂਕਿ ਅਜਿਹਾ ਕਰਨ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ, ਉੱਥੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…