ਪੰਜਾਬ ਵਿੱਚ ਕਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਟਲਿਆ ਨਹੀਂ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਮਾਮਲੇ ਵਧਣ ਦੀ ਗੱਲ ਮੰਨੀ, ਚਿੰਤਾ ਪ੍ਰਗਟਾਈ

ਭਾਜਪਾ ਦੇ ਦੋਸ਼ ਬਿਲਕੁਲ ਕੋਰਾ ਝੂਠ ਅਤੇ ਸਿਆਸੀ ਦੂਸ਼ਣਬਾਜ਼ੀ ਤੋਂ ਪ੍ਰੇਰਿਤ: ਕੈਪਟਨ ਅਮਰਿੰਦਰ ਸਿੰਘ

ਕਿਹਾ ਟੀਕੇ ਦੀ ਪਹਿਲੀ ਖ਼ੁਰਾਕ ਤੋਂ ਬਾਅਦ ਵਧੀਆ ਮਹਿਸੂਸ ਕੀਤਾ, ‘ਚੜ੍ਹਦੀ ਕਲਾ’ ਵਿੱਚ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਵੱਲੋਂ ਕੋਵਿਡ ਵੈਕਸੀਨ ਨੂੰ ਰੱਦ ਕਰਨ ਸਬੰਧੀ ਭਾਜਪਾ ਆਗੂਆਂ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਖ਼ਾਰਜ ਕਰਦਿਆਂ ਇਸ ਨੂੰ ਸੱਤਾਧਾਰੀ ਪਾਰਟੀ ਦਾ ਕੋਰਾ ਝੂਠ ਅਤੇ ਸਿਆਸੀ ਤੌਰ ’ਤੇ ਪ੍ਰੇਰਿਤ ਦੂਸ਼ਣਬਾਜ਼ੀ ਦੱਸਿਆ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਖੇ ਕਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਕੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ। ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕੋਵਿਡ ਟੀਕੇ ਤੋਂ ਬਾਅਦ ਕਿਵੇਂ ਮਹਿਸੂਸ ਕਰ ਰਹੇ ਹਨ ਤਾਂ ਮੰਤਰੀ ਨੇ ਕਿਹਾ ਕਿ ਉਹ ‘ਚੜ੍ਹਦੀ ਕਲਾ’ ਵਿੱਚ ਹਨ ਅਤੇ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ। ਮੁੱਖ ਮੰਤਰੀ ਦੇ ਕੋਵਿਡ ਦਾ ਟੀਕਾ ਏਐਨਐਮ ਮਨਪ੍ਰੀਤ ਕੌਰ ਨੇ ਲਗਾਇਆ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰ ਕਈ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਵੀ ਕਰੋਨਾ ਵੈਕਸੀਨ ਦੀ ਖ਼ੁਰਾਕ ਲੈ ਚੁੱਕੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੇ ਉਸ ਦਾਅਵੇ ਦੀ ਆਲੋਚਨਾ ਕੀਤੀ ਜਿਸ ਵਿੱਚ ਉਸ ਨੇ ਕਿਹਾ ਕਿ ਪੰਜਾਬ ਸਮੇਤ ਵਿਰੋਧੀ ਪਾਰਟੀਆਂ ਵਾਲੇ ਹੋਰ ਸੂਬਿਆਂ ਵੱਲੋਂ ਕਰੋਨਾ ਵੈਕਸੀਨ ਸਬੰਧੀ ਸ਼ੰਕੇ ਜ਼ਾਹਰ ਕੀਤੇ ਗਏ ਅਤੇ ਟੀਕਾਕਰਨ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਨੂੰ 1.34 ਲੱਖ ਕਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਮਿਲੀਆਂ ਸਨ, ਜਿਨ੍ਹਾਂ ’ਚੋਂ 2500 ਪਹਿਲਾਂ ਹੀ ਲਗਾ ਦਿੱਤੀਆਂ ਗਈਆਂ ਹਨ।
ਪੰਜਾਬ ਵਿੱਚ ਕੋਵਿਡ ਟੀਕਾਕਰਨ ਦੀ ਹੌਲੀ ਰਫ਼ਤਾਰ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਹੱਦ ਤੱਕ ਮੀਡੀਆ ਵੀ ਲੋਕਾਂ ਨੂੰ ਡਰਾ ਰਿਹਾ ਸੀ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕੇ ਦੀ ਮਹੱਤਤਾ ਅਤੇ ਕਾਰਗਰਤਾ ਬਾਰੇ ਜਾਗਰੂਕਤਾ ਫੈਲਾਉਣ। ਇਹ ਮੰਨਦਿਆਂ ਕਿ ਪੰਜਾਬ ਵਿੱਚ ਕੋਵਿਡ ਦੇ ਮਾਮਲੇ ਵਧ ਰਹੇ ਹਨ ਅਤੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ 1 ਹਜ਼ਾਰ ਦੀ ਗਿਣਤੀ ਨੂੰ ਪਾਰ ਕਰ ਗਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਥਿਤੀ ਦੀ ਚੰਗੀ ਤਰ੍ਹਾਂ ਨਿਗਰਾਨੀ ਕਰ ਰਹੀ ਹੈ। ਮਾਮਲਿਆਂ ਦੇ ਮੁੜ ਉੱਭਰਨ ਲਈ ਪੰਜਾਬੀਆਂ ਦੇ ਆਮ ਅਤੇ ਲਾਪਰਵਾਹ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸੁਰੱਖਿਆ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਜਿਸ ਵਿੱਚ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸ਼ਾਮਲ ਹੈ ਅਤੇ ਆਪਣੇ ਰੱਖਿਅਕਾਂ ਨੂੰ ਨਿਰਾਸ਼ ਨਾ ਹੋਣ ਦੇਣ ਕਿਉਂਕਿ ਪੰਜਾਬ ਵਿੱਚ ਕੋਰਨਾਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ।

Load More Related Articles
Load More By Nabaz-e-Punjab
Load More In Awareness/Campaigns

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…