ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ
ਵੱਡੀ ਗਿਣਤੀ ਵਿੱਚ ਸ਼ਖ਼ਸੀਅਤਾਂ ਤੇ ਸੰਗਤ ਨੇ ਕੀਤੀ ਸ਼ਿਰਕਤ, ਵਿਸ਼ਾਲ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਮੁਹਾਲੀ ਵਿਖੇ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਤੋਂ ਵਰੋਸਾਏ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਦੀ 55ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਅੱਜ ਸਮਾਪਤ ਹੋ ਗਿਆ। ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਵਹੀ ਸਜਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ।
ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ ਕਿ ਸੱਚਖੰਡਵਾਸੀ ਸੰਤ ਈਸ਼ਰ ਸਿੰਘ ਲੰਬਿਆਂ ਵਾਲੇ ਧਰਮ ਪ੍ਰਚਾਰ ਦੀ ਇੱਕ ਸੰਸਥਾ ਸਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ ਧਰਮ ਦੇ ਪ੍ਰਚਾਰ ਲਈ ਅਨੇਕਾਂ ਕਾਰਜ ਕੀਤੇ ਹਨ, ਸੰਤਾਂ ਦੀ ਯਾਦ ਵਿੱਚ ਚੱਲ ਰਹੀ ਗੁਰਮਤਿ ਸੰਗੀਤ ਅਕੈਡਮੀ ਵਿੱਚ ਕੀਰਤਨ ਸਿਖਲਾਈ ਲੈ ਕੇ ਪ੍ਰਚਾਰਕ ਦੇਸ਼ ਵਿਦੇਸ਼ ਵਿੱਚ ਧਰਮ ਦਾ ਪ੍ਰਚਾਰ ਕਰ ਰਹੇ ਹਨ।
ਬਾਬਾ ਅਮਰਾਓ ਸਿੰਘ ਲੰਬਿਆਂ ਸਾਹਿਬ ਨੇ ਸੰਗਤ ਨੂੰ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਭਾਈ ਕਰਮਜੀਤ ਸਿੰਘ ਅਤੇ ਭਾਈ ਕਮਲਪ੍ਰੀਤ ਸਿੰਘ ਨੇ ਸਾਰੇ ਜਥਿਆਂ ਦਾ ਸਨਮਾਨ ਕੀਤਾ।