
ਮੁਹਾਲੀ ਹਮਲੇ ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਦੀ ਹਿਰਾਸਤ ਵਿੱਚ ਹੈ ਮੁਲਜ਼ਮ ਚੜ੍ਹਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਰਾਕੇਟ ਪ੍ਰੋਪੈਲਡ ਗਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਪਿਛਲੇ ਦਿਨੀਂ ਮੁੰਬਈ ਤੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੁਬਾਰਾ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ਚੜ੍ਹਤ ਸਿੰਘ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਕੋਲ ਹੈ। ਉਸ ਨੂੰ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦਰਜ ਇੱਕ ਪੁਰਾਣੇ ਵਿੱਚ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਚੜ੍ਹਤ ਸਿੰਘ, ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਖੂੰਖਾਰ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਲੰਡਾ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ।
ਬੀਤੀ 9 ਮਈ ਨੂੰ ਪੌਣੇ ਅੱਠ ਵਜੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਨਾਲ ਹਮਲਾ ਕੀਤਾ ਗਿਆ ਸੀ। ਪੁਲੀਸ ਅਨੁਸਾਰ ਚੜ੍ਹਤ ਸਿੰਘ ਇਸ ਹਮਲੇ ਦਾ ਮੁੱਖ ਸੰਚਾਲਕ ਹੈ। ਮੁਲਜ਼ਮ ਨੇ ਲੰਡਾ ਦੀ ਮਦਦ ਨਾਲ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦਾ ਰਿਹਾ ਸੀ। ਚੜ੍ਹਤ ਨੇ ਪਾਕਿਸਤਾਨ ਵਿੱਚ ਰਹਿੰਦੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾਂ ਰਾਹੀਂ ਪਾਕਿਸਤਾਨ ਦੀ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਮੰਗਵਾਏ ਸਨ।
ਜਾਣਕਾਰੀ ਅਨੁਸਾਰ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂਕਿ ਹਮਲੇ ਵਿੱਚ ਸ਼ਾਮਲ ਇੱਕ ਹੋਰ ਬਾਲ ਅਪਰਾਧੀ ਨੂੰ ਪਿਛਲੇ ਦਿਨੀਂ ਦਿੱਲੀ ਪੁਲੀਸ ਦੇ ਸਪੈਸ਼ਲ ਵਿੰਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਜਲਦੀ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਦੇ ਇੱਕ ਹੋਰ ਮੁਲਜ਼ਮ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਦੀ ਭਾਲ ਵਿੱਚ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।