
5 ਕਰੋੜ ਦੀ ਲਾਗਤ ਨਾਲ ਮੁਹਾਲੀ ਹਲਕੇ ਵਿੱਚ ਬਣਨਗੇ ਤਿੰਨ ਨਵੇਂ ਸਰਕਾਰੀ ਹਸਪਤਾਲ
ਸਿਹਤ ਮੰਤਰੀ ਬਲਬੀਰ ਸਿੱਧੂ ਦੇ ਯਤਨਾਂ ਨੂੰ ਪਿਆ ਬੂਰ, 4 ਤੋਂ 6 ਮਹੀਨਿਆਂ ਵਿੱਚ ਹੋਵੇਗੀ ਹਸਪਤਾਲਾਂ ਦੀ ਉਸਾਰੀ
ਪਿੰਡ ਸਨੇਟਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬਣਨ ਨਾਲ ਪੇਂਡੂ ਲੋਕਾਂ ਨੂੰ ਘਰਾਂ ਨੇੜੇ ਮਿਲੇਗੀ ਇਲਾਜ ਦੀ ਸੁਵਿਧਾ
ਸੈਕਟਰ-69 ਤੇ ਸੈਕਟਰ-79 ਵਿੱਚ ਬਣਨਗੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਮੁੱਢਲੀਆਂ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਮੁਹਾਲੀ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਲੋਕਾਂ ਦੀ ਮੰਗਾਂ ਅਤੇ ਸਮੇਂ ਦੀ ਲੋੜ ਨੂੰ ਦੇਖਦੇ ਹੋਏ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 3 ਨਵੇਂ ਹਸਪਤਾਲ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਸੈਕਟਰ-69 ਵਿੱਚ ਕਰੀਬ 1 ਕਰੋੜ 3 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਸੈਕਟਰ-79 ਵਿਖੇ ਕਰੀਬ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਨ ਜਾ ਰਹੇ ਹਨ। ਇੰਜ ਹੀ ਪਿੰਡ ਸਨੇਟਾ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਪੇਂਡੂ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾ ਰਿਹਾ ਹੈ। ਇਸ ਦੇ ਬਣਨ ਨਾਲ ਆਲੇ ਦੁਆਲੇ ਦੇ ਦਰਜਨਾਂ ਪਿੰਡਾਂ ਨੂੰ ਲਾਭ ਹੋਵੇਗਾ ਅਤੇ ਪੇਂਡੂ ਲੋਕਾਂ ਨੂੰ ਘਰਾਂ ਦੇ ਨੇੜੇ ਸਸਤਾ ਤੇ ਚੰਗਾ ਇਲਾਜ ਮਿਲੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਸਾਰੀਆਂ ਸਿਹਤ ਸੰਸਥਾਵਾਂ ਦੀ ਉਸਾਰੀ 4 ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਪੂਰੀਆਂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਫੇਜ਼-23ਬੀ 1 ਵਿੱਚ 10 ਕਰੋੜ ਦੀ ਲਾਗਤ ਨਾਲ ਬਣ ਰਿਹਾ ਕਮਿਊਨਿਟੀ ਹੈਲਥ ਸੈਂਟਰ ਵੀ ਇਸ ਸਾਲ ਅਕਤੂਬਰ ਵਿੱਚ ਪੂਰਾ ਹੋ ਜਾਵੇਗਾ। ਇੱਥੋਂ ਦੇ ਫੇਜ਼-6 ਵਿੱਚ ਡਾ. ਬੀ.ਆਰ.ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿੱਚ ਇਸ ਸਾਲ ਦਾਖ਼ਲੇ ਸ਼ੁਰੂ ਹੋਣ ਜਾ ਰਹੇ ਹਨ। ਇਸ 500 ਬੈਡ ਦੇ ਹਸਪਤਾਲ ਵਿੱਚ 300 ਬੈਡ ਮੌਜੂਦ ਹਨ ਅਤੇ 200 ਬੈਡ ਬਹੁਤ ਛੇਤੀ ਵਧਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਸਿਹਤ ਸੰਸਥਾਵਾਂ ਦੀ ਮੰਗ ਕੀਤੀ ਜਾ ਰਹੀ ਸੀ, ਜੋ ਕਾਂਗਰਸ ਸਰਕਾਰ ਨੇ ਪੂਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਲੋਕਾਂ ਦੀ ਸਿਹਤ ਸੰਭਾਲ ਵਿੱਚ ਅਹਿਮ ਰੋਲ ਹੁੰਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਦਿੱਕਤ ਦਾ ਸ਼ੁਰੂਆਤੀ ਤੌਰ ਉੱਤੇ ਹੀ ਇਨ੍ਹਾਂ ਸੰਸਥਾਵਾਂ ਰਾਹੀਂ ਇਲਾਜ ਹੋਣ ਨਾਲ ਬਿਮਾਰੀ ਨੂੰ ਗੰਭੀਰ ਰੂਪ ਧਾਰਨ ਤੋਂ ਰੋਕਿਆ ਜਾ ਸਕਦਾ ਹੈ। ਇਸ ਦੇ ਨਾਲ-ਨਾਲ ਮੁੱਢਲੇ ਪੜਾਅ ਉੱਤੇ ਹੀ ਮਰੀਜ਼ਾਂ ਦਾ ਇਲਾਜ ਹੋ ਸਦਕਾ ਹੈ ਅਤੇ ਵੱਡੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਘਟਦੀ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।