ਤਿੰਨ ਸੰਸਦ ਮੈਂਬਰਾਂ ਨੇ ਅਧਿਕਾਰੀਆਂ ਨੂੰ ਐਮਪੀ ਫ਼ੰਡਾਂ ਤਹਿਤ ਅਲਾਟ ਕੰਮਾਂ ’ਚ ਤੇਜ਼ੀ ਲਿਆਉਣ ਲਈ ਕਿਹਾ

ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੀਤੀ ਅਹਿਮ ਮੀਟਿੰਗ

ਡੀਸੀ ਨੇ ਸਾਰੇ ਪ੍ਰਾਜੈਕਟਾਂ ਬਾਰੇ ਹਫ਼ਤਾਵਾਰੀ ਸਥਿਤੀ ਅੱਪਡੇਟ ਤੇ ਕੰਮ ਤੇਜ਼ ਕਰਨ ਦਾ ਭਰੋਸਾ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 10 ਜਨਵਰੀ:
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਐਮਪੀ ਫ਼ੰਡਾਂ ਤਹਿਤ ਅਲਾਟ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਕਤ ਆਗੂਆਂ ਨੇ ਉਨ੍ਹਾਂ ਵੱਲੋਂ ਮੁਹਾਲੀ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਵਿਕਾਸ ਕੰਮਾਂ ਦੀ ਨਿਯਮਤ ਤੌਰ ’ਤੇ ਖ਼ੁਦ ਪ੍ਰਗਤੀ ਦੇਖਣ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਪਿਛਲੇ ਹਫ਼ਤੇ ਹੋਈ ਪ੍ਰਗਤੀ ਬਾਰੇ ਹਫ਼ਤਾਵਾਰੀ ਰਿਪੋਰਟ ਭੇਜਣ ਨੂੰ ਕਿਹਾ।
ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੁਹਾਲੀ ਵਿੱਚ ਸ਼ੁਰੂ ਕੀਤੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮਾਣਕਪੁਰ ਸ਼ਰੀਫ਼ ਦੇ ਆਈਟੀਆਈ ਦੇ ਨਵੀਨੀਕਰਨ ਦੇ ਸਭ ਤੋਂ ਮਹੱਤਵਪੂਰਨ ਪ੍ਰਾਜੈਕਟ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਸ ਨੂੰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਤਬਦੀਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ 1.28 ਕਰੋੜੀ ਪ੍ਰਾਜੈਕਟ ਛੇਤੀ ਮੁਕੰਮਲ ਕੀਤੇ ਜਾਣ। ਇਸ ਗਰਾਂਟ ’ਚੋਂ 1 ਕਰੋੜ ਰੁਪਏ ਸਿਰਫ਼ ਮਸ਼ੀਨਰੀ ਲਈ ਹਨ।
ਮਹਾਰਾਣੀ ਪ੍ਰਨੀਤ ਕੌਰ ਨੇ ਟਿਵਾਣਾ, ਅਮਲਾਲਾ, ਖੇੜੀ ਗੁੱਜਰਾਂ ਅਤੇ ਬਿਜਨਪੁਰ ਲਈ ਦਿੱਤੀਆਂ ਗਰਾਂਟਾਂ ਦੀ ਸਥਿਤੀ ਬਾਰੇ ਪੁੱਛਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਕੰਮ ਸਮੇਂ ਸਿਰ ਸ਼ੁਰੂ ਕਰਕੇ ਮੁਕੰਮਲ ਕੀਤੇ ਜਾਣ। ਉਨ੍ਹਾਂ ‘ਹਾਈ ਰਾਈਜ਼ ਟਾਵਰਾਂ’ ਵਿੱਚ ਰਹਿੰਦੇ ਲੋਕਾਂ ਨੂੰ ਬਰਸਾਤ ਦੌਰਾਨ ਨਿਰਵਿਘਨ ਬਿਜਲੀ-ਪਾਣੀ ਦੀ ਸਪਲਾਈ ’ਤੇ ਜ਼ੋਰ ਦਿੱਤਾ। ਕਿਉਂਕਿ ਹੜ੍ਹਾਂ ਦੌਰਾਨ ਇਹ ਵੱਡੀ ਸਮੱਸਿਆ ਦੇਖਣ ਨੂੰ ਮਿਲੀ ਸੀ।
ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਦੇ ਕੰਮਾਂ ਬਾਰੇ ਕਿਹਾ ਕਿ ਗਰਾਂਟਾਂ ਦੀ ਸਮਾਂਬੱਧ ਵਰਤੋਂ ਕੀਤੀ ਜਾਵੇ ਤਾਂ ਜੋ ਕੰਮ ਮੁਕੰਮਲ ਕਰਨ ਲਈ ਅਗਲੀ ਕਿਸ਼ਤ ਜਾਰੀ ਕੀਤੀ ਜਾ ਸਕੇ। ਉਨ੍ਹਾਂ ਖਰੜ ਅਤੇ ਕੁਰਾਲੀ ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਥਿਤੀ ਬਾਰੇ ਵੀ ਪੁੱਛਿਆ। ਜ਼ੀਰਕਪੁਰ ਤੋਂ ਕੁਰਾਲੀ ਤੱਕ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਭਵਿੱਖੀ ਯੋਜਨਾਬੰਦੀ ਦੀ ਲੋੜ ’ਤੇ ਜ਼ੋਰ ਦਿੱਤਾ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਰ ਹਫ਼ਤੇ ਸਾਰੇ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨਗੇ ਅਤੇ ਜਿੱਥੇ ਕਿਤੇ ਵੀ ਕੰਮ ਪਛੜ ਗਿਆ ਜਾਪਿਆ, ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਭਵਿੱਖ ਵਿੱਚ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਸੁਪਰ ਸਕਸ਼ਨ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…