Nabaz-e-punjab.com

ਮੁਹਾਲੀ ਵਿੱਚ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਲਹਿਰਾਉਣਗੇ ਤਿਰੰਗਾ

ਡੀਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀ ਪ੍ਰਬੰਧਾਂ ਦੀ ਸਮੀਖਿਆ

ਸੂਬਾ ਪੱਧਰੀ ਸਮਾਰੋਹ ਦੀ ਸਫਲਤਾ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਕੀਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣਗੇ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀਐਸਐਫ਼, ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਗਣਤੰਤਰ ਦਿਵਸ ਸਮਾਰੋਹ ਦੀਆਂ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਸ੍ਰੀ ਦਿਆਲਨ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਰਾਜ ਪੱਧਰੀ ਸਮਾਰੋਹ ਮੁਹਾਲੀ ਵਿੱਚ ਹੋ ਰਿਹਾ ਹੈ। ਇਸ ਲਈ ਡਿਊਟੀ ਤੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਦੀਆਂ ਡਿਊਟੀਆਂ ਸਮਾਗਮ ਲਈ ਲੱਗੀਆਂ ਹਨ। ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਕਿ ਸਮਾਗਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਯਕੀਨੀ ਬਣਾਉਣ।
ਡੀਸੀ ਨੇ ਕਿਹਾ ਕਿ ਸਮਾਗਮ ਦੌਰਾਨ ਹੋਣ ਵਾਲਾ ਪ੍ਰੋਗਰਾਮ ਦੇਸ਼ ਭਗਤੀ ਦੇ ਵਿਸ਼ੇ ’ਤੇ ਆਧਾਰਿਤ ਹੋਵੇਗਾ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸਭਿਆਚਾਰਕ ਵੰਨਗੀਆਂ ਪੇਸ਼ ਕਰਨਗੇ। ਉਨ੍ਹਾਂ ਸਮੂਹ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੇਸ਼ਕਾਰੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪ੍ਰਗਟਾਈ ਜਾਵੇ। ਮੀਟਿੰਗ ਵਿੱਚ ਝਾਕੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਅਤੇ ਝਾਕੀਆਂ ਵਿੱਚ ਇਕਸਾਰਤਾ ਲਿਆਉਣ ’ਤੇ ਜ਼ੋਰ ਦਿੱਤਾ।
ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਪੀ (ਟਰੈਫ਼ਿਕ) ਕੇਸਰ ਸਿੰਘ, ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੇ ਕਾਰਜਕਾਰੀ ਐਸਡੀਐਮ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਸਕੱਤਰ ਆਰਟੀਏ ਸੁਖਵਿੰਦਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਡਿਵੀਜ਼ਨਲ ਜੰਗਲਾਤ ਅਫ਼ਸਰ ਗੁਰਅਮਨ ਸਿੰਘ ਬੈਂਸ, ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…