ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਾਖ਼ਲ ਕਰਵਾਉਣ ਲਈ ਅਲਖ ਜਗਾਉਣਗੇ ਅਧਿਆਪਕ

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਨੂੰ ਤਰਜੀਹ ਦੇਣ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਸਿੱਟੇ ਵਜੋਂ ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਸਮਾਜ ਦੀ ਸੋਚ ਬਦਲ ਗਈ ਹੈ। ਇਸ ਦੇ ਬਾਵਜੂਦ ਨਵੇਂ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਦੀ ਦਾਖ਼ਲ ਦਰ ਨੂੰ ਹੋਰ ਵਧਾਉਣ ਲਈ ਅਧਿਆਪਕਾਂ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਅਲਖ ਜਗਾਉਣਗੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਗੀਤਕਾਰ ਅਧਿਆਪਕ ਸੁਖਦੇਵ ਹਠੂਰੀਆ ਦਾ ਲਿਖਿਆ ਅਤੇ ਗਾਇਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ ਗੀਤ ‘ਜਾਗੋ’ ਨੂੰ ਰਿਲੀਜ਼ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਹੁਣ ਬਦਲ ਗਈ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਈ-ਕੰਟੈਂਟ ਦੀ ਵਰਤੋਂ, ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਖੇਡ-ਵਿਧੀ ਰਾਹੀਂ ਪੜ੍ਹਾਈ, ਸਮਾਰਟ ਕਲਾਸ-ਰੂਮ, ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਰਾਹੀਂ ਗੁਣਾਤਮਿਕ ਸਿੱਖਿਆ, ਬੋਰਡ ਦੀਆਂ ਕਲਾਸਾਂ ਦੇ ਵਧੀਆ ਨਤੀਜਿਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਲਗਾਈਆਂ ਜਾ ਰਹੀਆਂ ਵਾਧੂ ਕਲਾਸਾਂ ਕਾਰਨ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਬਦਲਾਓ ਆਇਆ ਹੈ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਮੁਹਿੰਮ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਅਧਿਆਪਕ ਬਹੁਤ ਮਿਹਨਤ ਕਰ ਰਹੇ ਹਨ। ਲਿਹਾਜ਼ਾ ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਬਿਹਤਰ ਬਣ ਸਕੇ। ਗੀਤਕਾਰ ਵੱਲੋਂ ਲਿਖੇ ਇਸ ਗੀਤ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਗੁਣਾਤਮਿਕ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਬੋਹਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਸ੍ਰੀਮਤੀ ਰਾਜਿੰਦਰ ਕੌਰ, ਗੀਤਕਾਰ ਸੁਖਦੇਵ ਹਠੂਰੀਆ ਅਤੇ ਗਾਇਕ ਹਰਪ੍ਰੀਤ ਸਿੰਘ ਜਗਰਾਓ, ਰਾਜਿੰਦਰ ਸਿੰਘ ਚਾਨੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…