Nabaz-e-punjab.com

ਹਰਿਆਣਾ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਭਾਈ ਜਤਿੰਦਰਪਾਲ ਸਿੰਘ

ਕਲਗੀਧਰ ਸੇਵਕ ਜਥਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਗੁਆਂਢੀ ਸੂਬਾ ਹਰਿਆਣਾ ਦੀ ਖੱਟਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪਿਛਲੇ ਦਿਨੀਂ ਹਰਿਆਣਾ ਦੇ ਪਿੰਡ ਬਦਸੂਈ ਵਿੱਚ ਦੰਗਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ’ਤੇ ਹਮਲਾ ਕਰਕੇ ਇੱਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਹੋਰ ਕਈ ਹੋਰ ਸਿੱਖ ਜ਼ਖ਼ਮੀ ਹੋਏ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿੱਜੀ ਦਖ਼ਲ ਦੇਣਾ ਚਾਹੀਦਾ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇੰਝ ਜਾਪਦਾ ਹੈ ਜਿਵੇਂ ਸਿੱਖਾਂ ਨੂੰ ਹਰਿਆਣਾ ਵਿੱਚ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਜਾਂਦਾ ਹੋਵੇ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸਿੱਖ ਨਵੰਬਰ 1984 ਅਤੇ ਹੋਂਦ ਚਿਲੜ ਕਾਂਡ ਨੂੰ ਭੁੱਲ ਨਹੀਂ ਸਕੇ ਹਨ ਪ੍ਰੰਤੂ ਹੁਣ ਫਿਰ ਹਰਿਆਣਾ ਵਿੱਚ ਸਿੱਖਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ, ਜੋ ਬਹੁਤ ਹੀ ਮੰਦਭਾਗੀ ਗੱਲ ਹੈ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਹਰਿਆਣਾ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਹੋਰਨਾਂ ਦੇਸ਼ਾਂ ਵਿੱਚ ਸਿੱਖ ਵਿਦੇਸ਼ ਮੰਤਰੀ ਤੇ ਹੋਰ ਅਹਿਮ ਰੁਤਬਿਆਂ ’ਤੇ ਬਿਰਾਜਮਾਨ ਹਨ ਪ੍ਰੰਤੂ ਭਾਰਤ ਵਿੱਚ ਸਿੱਖ ਖ਼ੁਦ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਵਿੱਚ ਸਿੱਖਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਖੱਟਰ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੀਟਿੰਗ ਵਿੱਚ ਡਾ. ਸੰਤ ਸਿੰਘ, ਗੁਰਦੇਵ ਸਿੰਘ ਬੈਂਸ, ਮਹਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ, ਖੇਮ ਸਿੰਘ, ਰਤਨ ਸਿੰਘ, ਅਜੀਤ ਸਿੰਘ, ਜੋਗਿੰਦਰ ਸਿੰਘ ਬੈਦਵਾਨ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਆਰਐਸ ਆਨੰਦ, ਜਤਿੰਦਰਪਾਲ ਸਿੰਘ ਡਿੰਪੀ, ਕਮਲਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…