Nabaz-e-punjab.com

ਮੁਲਤਾਨੀ ਕੇਸ: ਹੁਣ ਜਸਟਿਸ ਫਤਿਹਦੀਪ ਸਿੰਘ ਕਰਨਗੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ

ਹਾਈ ਕੋਰਟ ਵਿੱਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਹੋਵੇਗੀ ਸੁਣਵਾਈ, ਛਾਪੇਮਾਰੀ ਜਾਰੀ

ਮੁਹਾਲੀ ਪੁਲੀਸ ਦੀ ਛਾਪੇਮਾਰੀ ’ਤੇ ਵੀ ਸਵਾਲ ਉੱਠਣੇ ਸ਼ੁਰੂ, ਪੁਲੀਸ ਦੀ ਛਾਪੇਮਾਰੀ ਮਹਿਜ਼ ਡਰਾਮੇਬਾਜ਼ੀ: ਅਲੋਚਕ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਸਾਬਕਾ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਕਰੀਬ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪ੍ਰੰਤੂ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲੀਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।
ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਦਾਲਤ ਮੁਹਾਲੀ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਅਦਾਲਤ ਦਾ ਮੰਨਣਾ ਹੈ ਕਿ ਉਨ੍ਹਾਂ (ਸੈਣੀ) ਦੇ ਖ਼ਿਲਾਫ਼ ਬਹੁਤ ਗੰਭੀਰ ਕਿਸਮ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲੀਸ ਦੀ ਜਾਂਚ ਅਤੇ ਮੁਲਜ਼ਮ ਦੀ ਪੁੱਛਗਿੱਛ ਬਹੁਤ ਜ਼ਰੂਰੀ ਹੈ। ਜਿਸ ਕਾਰਨ ਸੈਣੀ ਦੀ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ।
ਉਧਰ, ਹੁਣ ਸੈਣੀ ਦੀ ਗ੍ਰਿਫ਼ਤਾਰੀ ਸਬੰਧੀ ਮੁਹਾਲੀ ਪੁਲੀਸ ਦੀ ਛਾਪੇਮਾਰੀ ਕਾਰਵਾਈ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਪੁਲੀਸ ਟੀਮਾਂ ਬਣਾ ਕੇ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਨ ਦੀ ਗੱਲ ਕਹਿ ਰਹੀ ਹੈ ਪ੍ਰੰਤੂ ਅਲੋਚਕਾਂ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਮਹਿਜ਼ ਡਰਾਮੇਬਾਜ਼ੀ ਦੱਸਿਆ ਹੈ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਸਰਕਾਰੀ ਅਤਿਆਚਾਰ ਤੇ ਭ੍ਰਿਸ਼ਟਾਚਾਰੀ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਠੋਸ ਕਾਰਵਾਈ ਨਹੀਂ ਹੋ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਐਸਜੀਪੀਸੀ ਦੇ ਸਾਬਕਾ ਮੈਂਬਰ ਮੱਖਣ ਸਿੰਘ ਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਜੇ ਪੁਲੀਸ ਚਾਹੁੰਦੀ ਤਾਂ ਸੈਣੀ ਆਪਣੀ ਰਿਹਾਇਸ਼ ਤੋਂ ਭੱਜ ਨਹੀਂ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਡੀਜੀਪੀ ਜੈੱਡ ਪਲੱਸ ਸੁਰੱਖਿਆ ਛੱਡ ਕੇ ਭੇਤਭਰੀ ਹਾਲਤ ਵਿੱਚ ਰੂਪੋਸ਼ ਹੋ ਗਏ ਹਨ ਜਦੋਂਕਿ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਮਹਿਸੂਸ ਕਰਦੇ ਹੋਏ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਸੈਣੀ ਬਿਨਾਂ ਸੁਰੱਖਿਆ ਤੋਂ ਕਿਸੇ ਗੁਪਤ ਥਾਂ ’ਤੇ ਜਾ ਕੇ ਲੁਕ ਗਿਆ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕੀ ਹੁਣ ਉਨ੍ਹਾਂ ਨੂੰ ਕਿਸੇ ਤੋਂ ਕੋਈ ਖ਼ਤਰਾ ਨਹੀਂ ਹੈ? ਜਾਂ ਸੁਰੱਖਿਆ ਗਾਰਡ ਫੌਕੀ ਟੌਅਰ ਲਈ ਰੱਖੇ ਹੋਏ ਸੀ। ਉਨ੍ਹਾਂ ਮੰਗ ਕੀਤੀ ਕਿ ਸਿੱਖ ਨੌਜਵਾਨਾਂ ’ਤੇ ਜੁਲਮ ਢਾਹੁਣ ਅਤੇ ਨਵੀਂ ਪੀੜ੍ਹੀ ਦਾ ਘਾਣ ਕਰਵਾਉਣ ਵਾਲੇ ਸਾਬਕਾ ਪੁਲੀਸ ਅਧਿਕਾਰੀ ਨੂੰ ਤੁਰੰਤ ਗ੍ਰਿਫ਼ਤਾਰੀ ਕਰਕੇ ਸਲਾਖ਼ਾ ਪਿੱਛੇ ਬੰਦ ਕੀਤਾ ਜਾਵੇ।

Load More Related Articles

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…