ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਇੰਨ ਬਿੰਨ ਸਖ਼ਤੀ ਨਾਲ ਲਾਗੂ ਕਰਨ ’ਤੇ ਜ਼ੋਰ

ਵਿਧਾਨ ਸਭਾ ਚੋਣਾਂ: ਕਿਸੇ ਵਿਰੁੱਧ ਸ਼ਿਕਾਇਤ ਕਰਨ ਸਬੰਧੀ ਨਿੱਜੀ ਹਿੱਤ ਦੀ ਵਰਤੋਂ ਨਾ ਕੀਤੀ ਜਾਵੇ: ਚੋਣ ਅਬਜ਼ਰਵਰ

ਚੋਣ ਅਬਜ਼ਰਵਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜ਼ਰਵਰ (ਜਨਰਲ) ਨੀਰਜ਼ ਸੇਮਵਾਲ, ਚੋਣ ਅਬਜ਼ਰਵਰ (ਖਰਚਾ) ਜਯੋਤੀ ਰਾਦਿੱਤਿਆ ਅਤੇ ਚੋਣ ਅਬਜ਼ਰਵਰ (ਪੁਲੀਸ) ਸ੍ਰੀ ਮਹੀਪਾਲ ਨੇ ਅੱਜ ਛੁੱਟੀ ਵਾਲੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਦੀ ਮੌਜੂਦਗੀ ਵਿੱਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ, ਰਿਟਰਨਿੰਗ ਅਫ਼ਸਰਾਂ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣਾਂ ਦੇ ਅਮਲ ਨੂੰ ਪੁਰਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਮੰਗ ਕੀਤੀ।
ਇਸ ਮੌਕੇ ਚੋਣ ਅਬਜਰਵਰ (ਜਨਰਲ) ਨੀਰਜ਼ ਸੇਮਵਾਲ ਨੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਚੋਣਾਂ ਸਬੰਧੀ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਇੰਨ ਬਿੰਨ ਲਾਗੂ ਕੀਤਾ ਜਾਵੇੇ। ਉਨ੍ਹਾਂ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਸ਼ਾਂਤੀ ਪੂਰਵਕ ਨੇਪਰੇ ਚੜ੍ਹਾਉਣ ਲਈ ਆਤਮਿਕ ਸ਼ਕਤੀ ਦੀ ਵਰਤੋਂ ਕਰਦਿਆਂ ਨਸ਼ਾ ਮੁਕਤ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਆਪਣੀ ਚੋਣ ਡਿਊਟੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਚੰਗੀ ਤਰ੍ਹਾਂ ਜਰੂਰ ਪੜ੍ਹ ਲੈਣ ਅਤੇ ਕਿਸੇ ਕਿਸਮ ਦੀ ਦਿੱਕਤ ਸਬੰਧੀ ਆਪਣੇ ਹਲਕੇ ਦੇ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਮਿਲਿਆ ਜਾਵੇ। ਇਸ ਤੋਂ ਇਲਾਵਾ ਵੋਟਰ ਚੋਣ ਅਬਜ਼ਰਵਰਾਂ ਨਾਲ ਵੀ ਸਿੱਧਾ ਸੰਪਰਕ ਕਾਇਮ ਕਰ ਸਕਦੇ ਹਨ ਪਰ ਸ਼ਿਕਾਇਤ ਕਰਨ ਤੋਂ ਪਹਿਲਾਂ ਉਸ ਸਬੰਧੀ ਕਿਸੇ ਨਿੱਜੀ ਹਿੱਤ ਦੀ ਵਰਤੋਂ ਨਾ ਕੀਤੀ ਜਾਵੇ।
ਇਸ ਮੌਕੇ ਚੋਣ ਅਬਜ਼ਰਵਰ (ਖਰਚਾ) ਸ੍ਰੀ ਜਯੋਤੀ ਰਾਦਿੱਤਿਆ ਨੇ ਰਾਜਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜ ਰਿਹਾ ਉਮੀਦਵਾਰ 28 ਲੱਖ ਰੁਪਏ ਤੱਕ ਹੀ ਖਰਚ ਕਰ ਸਕਦਾ ਹੈ ਅਤੇ ਹੁਣ ਨਾਮਜ਼ਦਗੀਆਂ ਵਾਪਸ ਲੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸਾਰੇ ਉਮੀਦਵਾਰਾਂ ਨੂੰ ਰੋਜ਼ਾਨਾ ਆਪਣੇ ਖਰਚੇ ਸਬੰਧੀ ਬਕਾਇਦਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਚੋਣ ਖ਼ਰਚੇ ਸਬੰਧੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਆਈਟਮਾਂ ਦੇ ਰੇਟ ਫਿਕਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਸਬੰਧੀ ਜੇਕਰ ਕੋਈ ਵੀ ਅਦਾਇਗੀ ਕਰਨੀ ਹੈ ਤਾਂ ਉਸ ਦਾ ਲੈਣ-ਦੇਣ ਬੈਂਕ ਖਾਤੇ ’ਚੋਂ ਕੀਤਾ ਜਾਵੇ ਜਾਂ ਚੈੱਕ ਰਾਹੀਂ ਅਦਾਇਗੀ ਕੀਤੀ ਜਾਣੀ ਚਾਹੀਦੀ ਹੈ। ਚੋਣ ਅਬਜ਼ਰਵਰ (ਪੁਲੀਸ) ਸ੍ਰੀ ਮਹੀਪਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਾਂਤ ਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਬੂਥਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸਮੂਹ ਐਂਟਰੀ ਪੁਆਇੰਟਾਂ ਤੇ ਹੋਰ ਸੰਪਰਕ ਸੜਕਾਂ ’ਤੇ 24 ਘੰਟੇ ਨਾਕੇਬੰਦੀ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਰਨਦੇਵ ਸਿੰਘ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਮੁਹਾਲੀ ਦੀ ਰਿਟਰਨਿੰਗ ਅਫ਼ਸਰ ਸ੍ਰੀਮਤੀ ਅਨੁਪ੍ਰੀਤਾ ਜੌਹਲ, ਖਰੜ ਦੇ ਰਿਟਰਨਿੰਗ ਅਫ਼ਸਰ ਅਮਨਿੰਦਰ ਕੌਰ ਬਰਾੜ, ਡੇਰਾਬੱਸੀ ਦੇ ਰਿਟਰਨਿੰਗ ਅਫ਼ਸਰ ਰੁਹੀ ਦੂਗੀ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਨੁਮਾਇੰਦੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…