117 ਗਰੀਬ ਵਿਧਾਇਕਾਂ ਦੇ ਖ਼ਰਚੇ ਪੂਰੇ ਕਰਨ ਲਈ ਸਰਕਾਰ ਨੇ ਆਮ ਲੋਕਾਂ ’ਤੇ ਟੈਕਸਾਂ ਦਾ ਭਾਰ ਪਾਇਆ: ਕੁੰਭੜਾ

ਦਲਿਤ ਸੰਗਠਨਾਂ ਨੇ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੀ ਚੁੱਪੀ ’ਤੇ ਵੀ ਚੁੱਕੇ ਸਵਾਲ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ 117 ਗਰੀਬ ਵਿਧਾਇਕਾਂ ਦੇ ਖਰਚੇ ਪੂਰੇ ਕਰਨ ਲਈ ਆਮ ਲੋਕਾਂ ’ਤੇ ਟੈਕਸਾਂ ਦਾ ਵਾਧੂ ਭਾਰ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੈਬਨਿਟ ਮੰਤਰੀਆਂ ਸਮੇਤ ਸਮੂਹ ਵਿਧਾਇਕਾਂ ਦੇ ਮਾਣ ਭੱਤੇ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਗਰੀਬ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਬੇਹੂਦਾ ਮਜ਼ਾਕ ਕੀਤਾ ਹੈ। ਪਿਛਲੇ ਢਾਈ ਸਾਲਾਂ ਵਿੱਚ ਸਰਕਾਰ ਲਗਪਗ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਅਤੇ ਸੂਬਾ ਸਰਕਾਰ ਦੀ ਮੌਜੂਦਾ ਸਥਿਤੀ ਇਹ ਹੈ ਕਿ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਾਂ ਦੇਣ ਵਿੱਚ ਦੇਰੀ ਹੋ ਰਹੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਕੁੰਭੜਾ ਅਤੇ ਹੋਰਨਾਂ ਦਲਿਤ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਦੂਜੇ ਪਾਸੇ ਮੰਤਰੀਆਂ ਅਤੇ ਵਿਧਾਇਕਾਂ ਦੇ ਮਾਣ ਭੱਤੇ ਅਤੇ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਦੀ ਚੁੱਪੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸੇ ਵੀ ਵਿਰੋਧੀ ਪਾਰਟੀ ਦੇ ਵਿਧਾਇਕ ਨੇ ਇਸ ਕਾਰਵਾਈ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਕਮਰਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਫਰੈਂਡਲੀ ਮੈਚ ਖੇਡ ਰਹੇ ਹਨ।
ਦਲਿਤ ਆਗੂ ਨੇ ਕਿਹਾ ਕਿ ਨਾ ਤਾਂ ਨਰੇਗਾ ਵਰਕਰਾਂ ਦੀ ਦਿਹਾੜੀ ਵਧਾਈ ਅਤੇ ਨਾ ਹੀ ਫੈਕਟਰੀ ਮਜ਼ਦੂਰਾਂ ਦੇ ਡੀਸੀ ਰੇਟ ’ਚ ਵਾਧਾ ਕੀਤਾ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਕਿਸੇ ਗਰੀਬ ਦਾ ਕਰਜ਼ਾ ਮੁਆਫ਼ ਕੀਤਾ ਹੈ। ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਤੋਂ ਵੀ ਸਰਕਾਰ ਨੇ ਹੱਥ ਪਿੱਛੇ ਖਿੱਚ ਲਏ ਹਨ। ਸਿੱਖਿਆ ਬੋਰਡ ਨੂੰ ਇਮਾਰਤ ਦਾ ਕਿਰਾਇਆ ਅਤੇ ਕਿਤਾਬਾਂ ਦੇ ਪੈਸੇ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਸਰਕਾਰ ਨੂੰ ਇੰਜ ਜਾਪਦਾ ਹੈ ਕਿ 117 ਵਿਧਾਇਕਾਂ ਦੇ ਘਰ ਦਾ ਗੁਜ਼ਾਰਾ ਨਾ ਚੱਲਣ ਕਾਰਨ ਤਨਖ਼ਾਹ ਅਤੇ ਭੱਤਿਆਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਉਸ ਦੀ ਭਰਪਾਈ ਲਈ ਪੈਟਰੋਲ, ਡੀਜ਼ਲ ਦੀਆਂ ਕੀਮਤਾਂ, ਬੱਸਾਂ ਦਾ ਭਾੜਾ ਅਤੇ ਬਿਜਲੀ ਦਰਾਂ ਵਧਾ ਕੇ ਆਮ ਲੋਕਾਂ ’ਤੇ ਵਾਧੂ ਬੋਝ ਪਾਇਆ ਗਿਆ ਹੈ।
ਇਸ ਮੌਕੇ ਹਰਚੰਦ ਸਿੰਘ ਜਖਵਾਲੀ, ਡਾ. ਜਗਜੀਵਨ ਸਿੰਘ, ਲਖਵੀਰ ਸਿੰਘ ਬੌਬੀ, ਕ੍ਰਿਸ਼ਨ ਸਿੰਘ ਮੁਹਾਲੀ, ਸੁਖਵਿੰਦਰ ਸਿੰਘ, ਪ੍ਰਧਾਨ ਦੌਲਤ ਰਾਮ, ਵਿਸ਼ਾਲ ਕੁਮਾਰ, ਰਿਸ਼ੀਰਾਜ ਮਹਾਰ, ਬੰਟੀ ਕੁਮਾਰ, ਕ੍ਰਿਸ਼ਨ ਸ਼ਰਮਾ ਅਤੇ ਨਿਖਿਲ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…