ਬਾਦਲ ਪਰਿਵਾਰ ਨੂੰ ਧਰਮ ਦੇ ਨਾਂ ’ਤੇ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ’ਚ ਕਾਮਯਾਬ ਨਹੀਂ ਹੋਣ ਦਿਆਂਗੇ

ਪੰਥਕ ਅਕਾਲੀ ਲਹਿਰ ਤੇ ਸੰਤ ਸਮਾਜ ਦੇ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਜਥੇਬੰਦੀ ਦੇ ਵਿਸਥਾਰ ਲਈ ਗੰਭੀਰ ਚਿੰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਪੰਥ ਵੱਲ ਨਕਾਰੇ ਜਾ ਚੁੱਕੇ ਬਾਦਲ ਪਰਿਵਾਰ ਧਰਮ ਦੇ ਨਾਂ ’ਤੇ ਸਿੱਖਾਂ ਅਤੇ ਸਮੁੱਚੀ ਸੰਗਤ ਨੂੰ ਗੁੰਮਰਾਹ ਕਰਕੇ ਰਾਜਨੀਤੀ ਦੇ ਖੇਤਰ ਵਿੱਚ ਖੁੱਸੀ ਸਿਆਸੀ ਜ਼ਮੀਨ ਤਿਆਰ ਕਰਨ ਲਈ ਨਾਟਕਬਾਜੀ ਕਰਨ ਦੀ ਤਾਕ ਵਿੱਚ ਹੈ ਪ੍ਰੰਤੂ ਹੁਣ ਇਸ ਪਰਿਵਾਰ ਨੂੰ ਅਜਿਹੀ ਕਿਸੇ ਵੀ ਸਾਜ਼ਿਸ਼ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਅੱਜ ਮੁਹਾਲੀ ਵਿੱਚ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਰਚਾ ਕਰਦਿਆਂ ਬਾਬਾ ਬੇਦੀ ਅਤੇ ਭਾਈ ਰਣਜੀਤ ਸਿੰਘ ਨੇ ਪੰਥ ਦਰਦੀਆਂ ਨੂੰ ਇੱਕ ਮੰਚ ’ਤੇ ਇਕੱਤਰ ਕਰਨ ਅਤੇ ਜਥੇਬੰਦੀ ਦੇ ਵਿਸਥਾਰ ਲਈ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਲਗਭਗ 150 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਯੂਰਪ ਦੇ ਕਈ ਮੁਲਕ ’ਚ ਰਹਿੰਦੇ ਸਿੱਖਾਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਸਿੱਖਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਅੱਜ ਇਹ ਕਹਿ ਰਹੇ ਹਨ ਕਿ ਭਾਜਪਾ ਗੁਰੂ ਘਰਾਂ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ ਜਦੋ ਮਨਜਿੰਦਰ ਸਿੰਘ ਸਿਰਸਾ ਬਤੌਰ ਭਾਜਪਾ ਐਮਐਲਏ ਦਿੱਲੀ ਕਮੇਟੀ ਦਾ ਜਨਰਲ ਸਕੱਤਰ ਬਣਿਆ ਸੀ ਇਹ ਘੁਸਪੈਠ ਤਾਂ ਉਦੋਂ ਹੀ ਸ਼ੁਰੂ ਹੋ ਗਈ ਸੀ। ਇਹੀ ਨਹੀਂ ਦਿੱਲੀ ਕਮੇਟੀ ਦੇ ਕਈ ਮੈਂਬਰ ਵੀ ਭਾਜਪਾ ਦੀ ਟਿਕਟ ’ਤੇ ਕੌਂਸਲਰ ਬਣੇ ਸੀ।
ਪੰਥਕ ਆਗੂਆਂ ਨੇ ਕਿਹਾ ਕਿ ਅਜਿਹਾ ਬਾਦਲ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਕੀਤਾ ਗਿਆ ਹੈ, ਪ੍ਰੰਤੂ ਹੁਣ ਪੰਜਾਬ ਅਤੇ ਪੰਥ ਦੇ ਹਿੱਤਾਂ ਨਾਲ ਇਸ ਸਿਆਸੀ ਪਰਿਵਾਰ ਨੂੰ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਅਕਾਲੀ ਸਰਕਾਰ ਦੌਰਾਨ ਸ਼ਹੀਦ ਹੋਏ ਸਿੱਖ ਨੌਜਵਾਨਾਂ ਅਤੇ ਜ਼ਖ਼ਮੀ ਕੀਤੇ ਸੈਂਕੜੇ ਬੇਗੁਨਾਹਾਂ ਦੇ ਧੱਬੇ ਬਾਦਲ ਪਰਿਵਾਰ ਕਦੇ ਨਹੀਂ ਧੋ ਸਕਦਾ ਅਤੇ ਨਾ ਹੀ ਸਿੱਖ ਪੰਥ ਕਦੇ ਇਨ੍ਹਾਂ ਨੂੰ ਮੁਆਫ਼ ਕਰੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਆਰਐਸਐਸ ਦੀ ਦਲਖ਼ਅੰਦਾਜ਼ੀ ਨੂੰ ਸਿੱਖ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਇਸ ਮੌਕੇ ਬਾਬਾ ਭੋਲਾ ਸਿੰਘ ਭਿੰਡਰ ਕਲਾਂ, ਬਾਬਾ ਫੌਜਾ ਸਿੰਘ ਸੁਭਾਨਾ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਐਸਜੀਪੀਸੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਅਨਭੋਲ ਸਿੰਘ ਦੀਵਾਨਾ, ਪੰਥਕ ਅਕਾਲੀ ਲਹਿਰ ਦੇ ਜਨਰਲ ਸਕੱਤਰ ਜਸਜੀਤ ਸਿੰਘ ਸਮੁੰਦਰੀ, ਦਫ਼ਤਰ ਸਕੱਤਰ ਅੰਮ੍ਰਿਤ ਸਿੰਘ ਰਤਨਗੜ੍ਹ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…