ਬੈਂਕ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ: ਮਾਨ

ਭਲਾਈ ਸਕੀਮਾਂ ਅਧੀਨ ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਲੋੜਵੰਦਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਬੈਂਕਾਂ ਰਾਂਹੀ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਰਸੈਟੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ।
ਇਸ ਮੌਕੇ ਏਡੀਸੀ ਮਾਨ ਨੇ ਆਖਿਆ ਕਿ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਵਿਚ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਬੈਂਕ ਅਧਿਕਾਰੀ ਆਪਣੇ ਬੈਂਕਾਂ ਅਤੇ ਏ.ਟੀ.ਐਮਾਂ ਵਿਚ ਸੁਰੱਖਿਆ ਗਾਰਡਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਮਿੱਥੇ ਟਿਚਿਆਂ ਨੂੰ 100 ਫੀਸਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ।
ਚੀਫ਼ ਲੀਡ ਬੈਂਕ ਮੈਨੇਜਰ ਦਰਸ਼ਨ ਸੰਧੂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੇਟੀ ਰਾਹੀਂ 6575 ਵਿਅਕਤੀਆਂ ਨੂੰ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ’ਚੋਂ 3717 ਵੱਲੋਂ ਸਵੈ ਰੁਜ਼ਗਾਰ ਤਹਿਤ ਆਪਣੇ ਧੰਦੇ ਸ਼ੁਰੂ ਕੀਤੇ ਜਾ ਚੁੱਕੇ ਹਨ। ਸਟੈਂਡਅੱਪ ਇੰਡੀਆ ਪ੍ਰੋਗਰਾਮ ਤਹਿਤ 72 ਵਿਅਕਤੀਆਂ ਨੂੰ 1146 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਮੀਟਿੰਗ ਵਿੱਚ ਟੇ੍ਰਨਿੰਗ ਅਧੀਨ ਪੀਸੀਐਸ ਅਧਿਕਾਰੀ ਯਸਪਾਲ ਸ਼ਰਮਾ ਤੇ ਤਰਸ਼ੇਮ ਚੰਦ, ਡਿਪਟੀ ਜਨਰਲ ਮੈਨੇਜਰ ਦੂਮ ਐਸ ਵਰਮਾ, ਆਰ.ਬੀ.ਆਈ ਦੀ ਏ.ਜੀ.ਐਮ. ਮੈਡਮ ਵਿਭ੍ਹਾ, ਡੀ.ਡੀ.ਐਮ ਨਬਾਰਡ ਸੰਜੀਵ ਸ਼ਰਮਾ, ਬ੍ਰਾਂਚ ਮੈਨੇਜਰ ਪੀਐਨਬੀ ਅਰਸ਼ਪ੍ਰੀਤ ਕੌਰ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…