ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ ’ਤੇ ਝੋਨਾ ਲਾਉਣ ਲਈ ਪ੍ਰੇਰਿਆ

ਝੋਨੇ ਦੀ ਥਾਂ ਸਬਜ਼ੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸ਼ਤ ਕਰਨ ਕਿਸਾਨ: ਅਮਿਤ ਤਲਵਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਮੁਹਾਲੀ ਤੋਂ ‘ਆਪ’ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਇਕਬਾਲ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਝੋਨੇ ਦੀ ਵੱਟਾਂ ’ਤੇ ਕਾਸ਼ਤ ਦੀ ਤਕਨੀਕ ਨੂੰ ਅਪਣਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਝੋਨੇ ਦੀ ਥਾਂ ਸਬਜ਼ੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਕਿਸਾਨ ਜਥੇਬੰਦੀ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਡੀਸੀ ਨੂੰ ਮੰਗ ਪੱਤਰ ਦਿੱਤਾ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ।
ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਸ਼ਾਹਪੁਰ ਨੇ ਤੁਪਕਾ ਸਿੰਚਾਈ ਨਾਲ ਝੋਨੇ ਦੀ ਕਾਸ਼ਤ ਬਾਰੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਜਿੱਥੇ ਰਿਵਾਇਤੀ ਤਰੀਕੇ ਨਾਲ ਝੋਨੇ ਦੀ ਕਾਸ਼ਤ ਲਈ ਇੱਕ ਕਰੋੜ ਲੀਟਰ ਪਾਣੀ ਦੀ ਖਪਤ ਹੁੰਦੀ ਹੈ, ਉੱਥੇ ਉਸ ਵੱਲੋਂ ਤੁਪਕਾ ਸਿੰਚਾਈ ਦੀ ਵਰਤੋਂ ਨਾਲ ਝੋਨੇ ਦੀ ਕਾਸ਼ਤ ਕਰਕੇ ਕੇਵਲ 22.5 ਲੱਖ ਲੀਟਰ ਪਾਣੀ ਦੀ ਖਪਤ ਕੀਤੀ ਅਤੇ ਇਸ ਤਕਨੀਕ ਨਾਲ 29.5 ਕੁਇੰਟਲ ਪ੍ਰਤੀ ਏਕੜ ਝਾੜ ਪ੍ਰਾਪਤ ਕੀਤਾ।

ਕੈਂਪ ਵਿੱਚ ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਅਦਾਰਿਆਂ ਦੀਆਂ ਗਤੀਵਿਧੀਆਂ ਨੂੰ ਦਰਸਾਉਣ ਲਈ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖਰੜ ਸਥਿਤ ਸੈਂਟਰ ਵੱਲੋਂ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਝੋਨੇ ਦੀਆਂ ਨਵੀਆਂ ਕਿਸਮਾਂ ਪੀਆਰ-130 ਅਤੇ ਪੀਆਰ-131 ਦਾ ਬੀਜ ਵੀ ਮੁਹੱਈਆ ਕਰਵਾਇਆ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਵਿਭਾਗ ਵੱਲੋਂ ਉੱਚ ਮਿਆਰ ਦੀਆਂ ਖਾਦਾਂ, ਬੀਜ ਦਵਾਈਆਂ ਅਤੇ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਜਾਰੀ ਰਹਿਣਗੇ। ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਹਰਵਿੰਦਰ ਲਾਲ ਨੇ ‘ਆਪ’ ਵਿਧਾਇਕਾਂ, ਉੱਚ ਅਧਿਕਾਰੀਆਂ, ਕਿਸਾਨ ਬੀਬੀਆਂ ਅਤੇ ਖੇਤੀਬਾੜੀ ਕਾਲਜ ਝੰਜੇੜੀ, ਘੜੂੰਆਂ ਅਤੇ ਸਹੌੜਾਂ ਦੇ ਖੇਤੀ ਵਿਦਿਆਰਥੀਆਂ ਦਾ ਇਸ ਕੈਂਪ ਵਿੱਚ ਆਉਣ ’ਤੇ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…