
ਜੁਰਮ ਨੂੰ ਠੱਲ੍ਹ ਪਾਉਣ ਲਈ ਥਾਣਾ ਮੁਖੀ ਨੇ ਹੋਟਲ ਮਾਲਕਾਂ ਨਾਲ ਕੀਤੀ ਅਹਿਮ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲੌਂਗੀ ਪੁਲੀਸ ਨੇ ਇਲਾਕੇ ਵਿੱਚ ਜੁਰਮ ਨੂੰ ਠੱਲ੍ਹ ਪਾਉਣ ਲਈ ਹੋਟਲ ਮਾਲਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਬਲੌਂਗੀ ਥਾਣਾ ਦੇ ਐਸਐਚਓ ਪੈਰੀਵਿੰਕਲ ਗਰੇਵਾਲ ਨੇ ਹੋਟਲ ਮਾਲਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਸ਼ੱਕੀ ਵਿਅਕਤੀ ਉਨ੍ਹਾਂ ਦੇ ਹੋਟਲ ਵਿੱਚ ਆਉਂਦਾ ਹੈ ਜਾਂ ਠਹਿਰਦਾ ਹੈ ਤਾਂ ਉਸ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
ਮੀਟਿੰਗ ਵਿੱਚ ਮੌਜੂਦ ਨੌਜਵਾਨ ਆਗੂ ਨਰੇਸ਼ ਕੁਮਾਰ ਨੇਸ਼ੀ ਨੇ ਦੱਸਿਆ ਕਿ ਥਾਣਾ ਮੁਖੀ ਨੇ ਹੋਟਲ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਹੋਟਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਅਤੇ ਫਾਇਰ ਸੇਫ਼ਟੀ ਨਿਯਮਾਂ ਦੀ ਇੰਨਬਿੰਨ ਪਾਲਣਾ ਕਰਨਾ ਯਕੀਨੀ ਬਣਾਈ ਜਾਵੇ। ਥਾਣਾ ਮੁਖੀ ਨੇ ਇਹ ਵੀ ਹਦਾਇਤ ਕੀਤੀ ਕਿ ਹੋਟਲਾਂ ਵਿੱਚ ਵਧੀਆ ਕੁਆਲਿਟੀ ਦੇ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਹੋਟਲ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਹ ਕਦਮ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰ ਰਹੇ ਹਾਦਸੇ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ। ਹੋਟਲ ਮਾਲਕਾਂ ਨੇ ਰਾਤ ਸਮੇਂ ਪੁਲੀਸ ਗਸ਼ਤ ਵਧਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਰਣਜੀਤ ਸਿੰਘ, ਅਨਿਲ ਕੁਮਾਰ, ਲਲਿਤ ਕੁਮਾਰ, ਕ੍ਰਿਸ਼ਨ ਸਿੰਘ, ਅਭਿਸ਼ੇਕ ਕੁਮਾਰ, ਕੁਲਵੰਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।