nabaz-e-punjab.com

ਵਿਦਿਆਰਥੀਆਂ ਦੇ ਦਾਖ਼ਲੇ ਸਬੰਧੀ ਵਿਨਿਯਮਾਂ ਦੀ ਉਲੰਘਣਾ ਕਰਨ ਦਾ ਗੰਭੀਰ ਨੋਟਿਸ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਵੱਲੋਂ ਵਿਨਿਯਮਾਂ ਦੀ ਉਲੰਘਣਾ ਕਰਨ ਦਾ ਬੋਰਡ ਮੈਨੇਜਮੈਂਟ ਨੇ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਸਿੱਖਿਆ ਸੰਸਥਾਵਾਂ ਨੂੰ ਵਿਨਿਯਮਾਂ ਦੀ ਪਾਲਣਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸਿੱਖਿਆ ਬੋਰਡ ਦੀ ਜਾਣਕਾਰੀ ਅਨੁਸਾਰ ਅਕਸਰ ਇਹ ਦੇਖਿਆ ਗਿਆ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਦੇ ਸ਼ਡਿਊਲ ਦੀ ਸਮਾਪਤੀ ਬਾਅਦ ਵੀ ਕੁੱਝ ਸਕੂਲਾਂ ਵੱਲੋਂ ਐਫ਼ੀਲੀਏਸ਼ਨ ਵਿਨਿਯਮਾਂ ਦੀ ਉਲੰਘਣਾ ਕਰਦੇ ਹੋਏ ਪ੍ਰਵਾਨਿਤ ਗਿਣਤੀ ਤੋਂ ਵੱਧ ਬੱਚੇ ਦਾਖ਼ਲ ਕਰ ਲਏ ਜਾਂਦੇ ਹਨ ਅਤੇ ਬਾਅਦ ਵਿੱਚ ਵਿਦਿਆਰਥੀਆਂ ਦੇ ਭਵਿੱਖ ਦਾ ਹਵਾਲਾ ਦਿੰਦੇ ਹੋਏ ਪੰਜਾਬ ਬੋਰਡ ਤੋਂ ਵਾਧੂ ਸੈਕਸ਼ਨ ਦੀ ਮੰਗ ਕੀਤੀ ਜਾਂਦੀ ਹੈ ਜਦਕਿ ਸੰਸਥਾਵਾਂ ਦੇ ਨੌਵੀਂ, ਦਸਵੀਂ ਜਾਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖ਼ਲ ਕੀਤੇ ਗਏ ਵਿਦਿਆਰਥੀਆਂ ਦੀ ਗਿਣਤੀ ਹੇਠਲੀਆਂ ਸ਼੍ਰੇਣੀਆਂ ਦੇ ਮੁਕਾਬਲੇ ਬਹੁਤ ਘੱਟ ਹੁੰਦੀ ਹੈ ਅਤੇ ਬੁਨਿਆਦੀ ਢਾਂਚਾ ਅਤੇ ਸ਼ਰਤਾਂ ਦੀ ਪੂਰਤੀ ਨਾ ਕਰਦੇ ਹੋਏ ਵੀ ਸੰਸਥਾਵਾਂ ਵਾਧੂ ਸੈਕਸ਼ਨ ਲੈਣ ਲਈ ਕੇਸ ਅਪਲਾਈ ਕਰਦੀਆਂ ਹਨ, ਜੋ ਕਿ ਤਰਕਸੰਗਤ ਨਹੀਂ ਹੈ।
ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਗੁਣਾਤਮਿਕ ਸਿੱਖਿਆ ਨੂੰ ਤਰਜ਼ੀਹ ਦਿੰਦੇ ਹੋਏ ਦੱਸਿਆ ਕਿ ਬੋਰਡ ਮੈਨੇਜਮੈਂਟ ਵੱਲੋਂ ਹੁਣ ਇਹ ਨਿਰਣਾ ਲਿਆ ਗਿਆ ਹੈ ਕਿ ਅਕਾਦਮਿਕ ਸੈਸ਼ਨ 2023-24 ਦੌਰਾਨ ਜਿਨ੍ਹਾਂ ਸੰਸਥਾਵਾਂ ਦੇ ਵਾਧੂ ਸੈਕਸ਼ਨ ਲਈ ਕੇਸ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਕੇਵਲ ਐਫ਼ੀਲੀਏਸ਼ਨ ਵਿਨਿਯਮਾਂ ਅਨੁਸਾਰ ਹੀ ਵਿਚਾਰਿਆ ਜਾਵੇਗਾ ਅਤੇ ਇਨਫ਼ਰਾਸਟਰਕਚਰ ਅਤੇ ਸ਼ਰਤਾਂ ਦੀ ਪੂਰਤੀ ਨਾ ਕਰਨ ਵਾਲੀਆਂ ਸੰਸਥਾਵਾਂ ਦੇ ਕੇਸ ਬਿਨਾਂ ਕੋਈ ਵਿਚਾਰ ਕੀਤਿਆਂ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੇ ਜੁਰਮਾਨੇ ਜਾਂ ਹੋਰ ਛੋਟ ਨਾਲ ਵੀ ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਅਪੀਅਰ ਕਰਵਾਉਣ ਦੀ ਪ੍ਰਵਾਨਗੀ ਜਾਂ ਕਾਰਜ ਬਾਅਦ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਐਫ਼ੀਲੀਏਸ਼ਨ ਵਿਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਿੱਖਿਆ ਸੰਸਥਾਵਾਂ ਵਿਰੁੱਧ ਐਫ਼ੀਲੀਏਸ਼ਨ ਵਿਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਬੋਰਡ ਮੁਖੀ ਨੇ ਦੱਸਿਆ ਕਿ ਵਾਧੂ ਸੈਕਸ਼ਨ ਸਬੰਧੀ ਸੂਚਨਾ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ਨੂੰ ਉਨ੍ਹਾਂ ਦੀ ਲਾਗ-ਇਨ ਆਈਡੀ ’ਤੇ ਭੇਜੀ ਜਾਵੇਗੀ। ਇਸ ਤੋਂ ਇਲਾਵਾ ਹੋਰ ਸਬੰਧਤ ਜਾਣਕਾਰੀ ਸਕੂਲ ਬੋਰਡ ਦੀ ਵੈੱਬ-ਸਾਈਟ ’ਤੇ ਅਪਲੋਡ ਕੀਤੀ ਜਾ ਰਹੀ ਹੈ।

Load More Related Articles

Check Also

ਮੇਅਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਕਰਨ ਦੇ ਹੁਕਮ

ਮੇਅਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਕਰਨ ਦੇ ਹੁਕਮ ਕੁਆਲਿਟੀ ਨਾਲ…