
ਕਾਲੇ ਖੇਤੀ ਕਾਨੂੰਨ: ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ਵਿੱਚ ਗਣਤੰਤਰ ਦਿਵਸ ਦੇ ਮੌਕੇ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ਵਿੱਚ ਵੀਰਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਰਿਹਰਸਲ ਕੀਤੀ ਗਈ। ਖਰੜ ਅਤੇ ਮੁਹਾਲੀ ਸ਼ਹਿਰੀ ਖੇਤਰ ਸਮੇਤ ਨੇੜਲੇ ਪਿੰਡਾਂ ’ਚੋਂ ਹੋ ਕੇ ਇਹ ਟਰੈਕਟਰ ਮਾਰਚ ਵਾਇਆ ਲਾਂਡਰਾਂ ਅਤੇ ਚੱਪੜਚਿੜੀ ਤੋਂ ਖਾਨਪੁਰ ਟੋਲ ਪਲਾਜਾ ’ਤੇ ਪਹੁੰਚ ਕੇ ਸਮਾਪਤ ਹੋਇਆ। ਰਸਤੇ ਵਿੱਚ ਚਾਰ ਚੁਫੇਰੇ ਟਰੈਕਟਰ ਹੀ ਟਰੈਕਟਰ ਨਜ਼ਰ ਆਏ ਅਤੇ ਹਰ ਵਿਅਕਤੀ ਕਿਸਾਨਾਂ ਦੇ ਇਸ ਸਪੈਸ਼ਲ ਮਾਰਚ ਨੂੰ ਦੇਖਣ ਲਈ ਉਤਾਵਲਾ ਸੀ।
ਟਰੈਕਟਰ ਮਾਰਚ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਦਵਿੰਦਰ ਸਿੰਘ ਦੇਹਕਲਾਂ, ਕੁਲਵੰਤ ਸਿੰਘ ਤ੍ਰਿਪੜੀ, ਗੁਰਨਾਮ ਸਿੰਘ ਦਾਊਂ, ਗੁਰਮੀਤ ਸਿੰਘ, ਜਸਵੀਰ ਸਿੰਘ ਘੋਗਾ ਅਤੇ ਜਗਜੀਤ ਸਿੰਘ ਕਰਾਲਾ ਨੇ ਦੱਸਿਆ ਕਿ ਅੱਜ ਦਾ ਟਰੈਕਟਰ ਮਾਰਚ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਧੜੇਬੰਦੀ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਸਮੁੱਚੇ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਅਮਨ ਸ਼ਾਂਤੀ ਬਣਾ ਕੇ ਰੱਖੀ ਅਤੇ ਆਵਾਜਾਈ ਵਿੱਚ ਵੀ ਵਿਘਨ ਨਹੀਂ ਪੈਣ ਦਿੱਤਾ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਹੱਡ ਚੀਰਵੀਂ ਠੰਢ ਵਿੱਚ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹਨ ਪ੍ਰੰਤੂ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਅੰਨਦਾਤਾ ਨੂੰ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਉਣ ਦੀ ਜ਼ਿੱਦ ’ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕਦੇ ਕਿਸਾਨਾਂ ਨੂੰ ਅਤਿਵਾਦੀ ਅਤੇ ਦੇਸ਼ਧਰੋਹੀ ਦੱਸ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਕਦੇ ਵਿਦੇਸ਼ੀ ਫੰਡਿਗ ਦਾ ਰਾਗ ਅਲਾਪਿਆ ਜਾਂਦਾ ਹੈ ਅਤੇ ਕਦੇ ਕੇਂਦਰੀ ਏਜੰਸੀਆਂ ਤੋਂ ਨੋਟਿਸ ਦੇ ਕੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਭਾਵੇਂ ਭਾਵੇਂ ਜਿੰਨਾ ਮਰਜ਼ੀ ਜੁਰਮ ਢਾਹ ਲਵੇ ਪ੍ਰੰਤੂ ਕਿਸਾਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਲਏ ਬਿਨਾਂ ਆਪਣਾ ਸੰਘਰਸ਼ ਖਤਮ ਨਹੀਂ ਕਰਨਗੇ ਅਤੇ ਦਿੱਲੀ ਜਿੱਤ ਕੇ ਹੀ ਵਾਪਸ ਘਰਾਂ ਨੂੰ ਪਰਤਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਲਈ 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ’ਤੇ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਵਿੱਚ ਮੁਹਾਲੀ ਜ਼ਿਲ੍ਹੇ ਤੋਂ ਕਾਫ਼ਲਿਆਂ ਦੇ ਰੂਪ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰਾਂ ’ਤੇ ਸਵਾਰ ਹੋ ਕੇ ਦਿੱਲੀ ਰਵਾਨਾ ਹੋਣਗੇ।