
ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ, ਪੁਲੀਸ ਵੱਲੋਂ ਧੱਕਾਮੁੱਕੀ ਤੇ ਖਿੱਚ-ਧੂਹ
ਮੁੱਖ ਮੰਤਰੀ ਨੂੰ ਸ਼ੋਸ਼ੇਬਾਜ਼ੀ ਛੱਡ ਗਰੀਬ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲੇ ਹੱਲ ਕਰਨ ਦੀ ਸਲਾਹ
ਮੁਹਾਲੀ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਕੀਤਾ ਸ਼ਾਂਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੋਮਵਾਰ ਨੂੰ ਮੁਹਾਲੀ ਵਿਖੇ ਵਾਈਪੀਐਸ ਚੌਕ ਨੇੜੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਾਅਦ ਦੁਪਹਿਰ ਪੰਜਾਬ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ। ਜਿਸ ਕਾਰਨ ਪੁਲੀਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਇਸ ਮੌਕੇ ਵਾਈਪੀਐੱਸ ਚੌਂਕ ਨੇੜੇ ਬੈਰੀਕੇਟ ਹਟਾ ਕੇ ਪੁਲੀਸ ਦਾ ਸੁਰੱਖਿਆ ਘੇਰਾ ਤੋੜ ਕੇ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਕਾਫ਼ੀ ਧੱਕਾਮੁੱਕੀ ਅਤੇ ਖਿੱਚ-ਧੂਹ ਕੀਤੀ ਗਈ। ਅੌਰਤਾਂ ਨੂੰ ਵੀ ਬਖ਼ਸ਼ਿਆਂ ਨਹੀਂ ਗਿਆ। ਜਿਸ ਕਾਰਨ ਨੱਕੋਂ ਨੱਕ ਰੋਹ ਨਾਲ ਭਰੇ ਖੇਤ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੜਕ ਉੱਤੇ ਧਰਨਾ ਲਗਾ ਕੇ ਬੈਠ ਗਏ। ਬਾਅਦ ਵਿੱਚ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ 17 ਨਵੰਬਰ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਮਜ਼ਦੂਰਾਂ ਨੂੰ ਸ਼ਾਂਤ ਕੀਤਾ ਗਿਆ। ਇਸ ਮਗਰੋਂ ਸ਼ਾਮ ਨੂੰ ਧਰਨਾ ਸਮਾਪਤ ਕੀਤਾ ਗਿਆ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਪ੍ਰਗਟ ਸਿੰਘ ਕਾਲਾਝਾੜ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕ੍ਰਿਸ਼ਨ ਚੌਹਾਨ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਸੂਬਾ ਸਰਕਾਰ ਮਜ਼ਦੂਰਾਂ ਦੇ ਮਸਲਿਆਂ ਪ੍ਰਤੀ ਸੰਜੀਦਾ ਨਾ ਹੋਣ ਕਾਰਨ ਗਰੀਬ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੇਂਡੂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਸਿਰਫ਼ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਰੁਜ਼ਗਾਰ ਗਰੰਟੀ, ਸਰਵ ਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੰਚਾਇਤੀ ਜ਼ਮੀਨਾਂ ਸਸਤੇ ਭਾਅ ਠੇਕੇ ’ਤੇ ਦੇਣ ਅਤੇ ਦਲਿਤਾਂ ਉੱਤੇ ਜ਼ਬਰ ਬੰਦ ਕਰਨ ਵਰਗੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। 5-5 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ, ਪਹਿਲਾਂ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਦੇਣ, ਬਿਜਲੀ ਬਿੱਲ ਮੁਆਫ਼ ਅਤੇ ਕੱਟੇ ਗਏ ਘਰੇਲੂ ਬਿਜਲੀ ਕੁਨੈਕਸ਼ਨ ਚਾਲੂ ਕਰਨ ਅਤੇ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਬਣਾਉਣ ਆਦਿ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜ਼ਦੂਰ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਦਲਣ ਦੇ ਬਾਵਜੂਦ ਸਰਕਾਰ ਲਾਰੇ ਲੱਪੇ ਲਗਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਫੌਕੀ ਇਸ਼ਤਿਹਾਰਬਾਜ਼ੀ, ਨੌਟੰਕੀਬਾਜ਼ੀ ਛੱਡ ਕੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਨ ਵੱਲ ਧਿਆਨ ਦੇਣ।

ਇਸ ਮੌਕੇ ਲਛਮਣ ਸਿੰਘ ਸੇਵੇਵਾਲਾ, ਬਲਦੇਵ ਸਿੰਘ ਨੂਰਪੁਰੀ, ਬਲਵਿੰਦਰ ਸਿੰਘ ਜਲੂਰ, ਕੁਲਵੰਤ ਸਿੰਘ ਸੇਲਬਰਾਹ, ਅਵਤਾਰ ਸਿੰਘ ਰਸੂਲਪੁਰ, ਨਿੱਕਾ ਸਿੰਘ ਬਹਾਦਰਪੁਰ ਤੇ ਹਰਮੇਸ਼ ਮਾਲੜੀ ਨੇ ਵਹੀ ਸੰਬੋਧਨ ਕੀਤਾ। ਮੰਚ ਸੰਚਾਲਕ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕੀਤਾ।