
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੈਫ਼ਿਕ ਜਾਗਰੂਕਤਾ ਕੈਂਪ, ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ
ਪਿਛਲੇ ਮਹੀਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 1500 ਵਿਅਕਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ: ਸੁਖਵਿੰਦਰ ਕੁਮਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੇ ਚੇਅਰਮੈਨ ਗਿਰੀਸ਼ ਦਿਆਲਨ ਅਤੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੁੱਧਵਾਰ ਨੂੰ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਜੋ ਆਪਣੇ ਚਲਾਨਾਂ ਦੇ ਨਿਪਟਾਰੇ ਲਈ ਅੱਜ ਆਰਟੀਏ ਦਫ਼ਤਰ ਵਿਖੇ ਪਹੁੰਚੇ ਸਨ, ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਜਿਨ੍ਹਾਂ ਵਿੱਚ ਬਿਨਾਂ ਹੈਲਮਟ ਡਰਾਈਵਿੰਗ ਅਤੇ ਹੋਰ ਜੁਰਮਾ ਤਹਿਤ ਪਿਛਲੇ ਸਮੇਂ ਦੌਰਾਨ ਹੁਣ ਤੱਕ ਕਰੀਬ 1500 ਵਿਅਕਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਮੁਹਾਲੀ ਵਿੱਚ ਬੁਲਟ ਮੋਟਰ ਸਾਈਕਲਾਂ ’ਤੇ ਪਟਾਕੇ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਪੁਲੀਸ ਮੁਹਾਲੀ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਅਤੇ ਰੋਡ ਸੇਫ਼ਟੀ ਇੰਜੀਨੀਅਰ ਚਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।