Nabaz-e-punjab.com

ਜ਼ਿਲ੍ਹਾ ਪੁਲੀਸ ਵੱਲੋਂ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਟਰੈਫ਼ਿਕ ਨਿਯਮਾਂ, ਪ੍ਰਦੂਸ਼ਣ ਤੇ ਨਸ਼ਿਆਂ ਕਾਰਨ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈਲ ਵੱਲੋਂ ਐਸਐਸਪੀ ਹਰਚਰਨ ਸਿੰਘ ਭੁੱਲਰ, ਐਸਪੀ (ਟਰੈਫ਼ਿਕ) ਕੇਸਰ ਸਿੰਘ ਅਤੇ ਡੀਐਸਪੀ (ਟਰੈਫ਼ਿਕ) ਨਵਰੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਥੋਂ ਦੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਬਲੌਂਗੀ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਣ ਦੇ ਨਾਲ-ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਸ਼ਿਆਂ ਕਾਰਨ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਕਾਲਜ ਦੀ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਨੇ ਜ਼ਿਲ੍ਹਾ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਨੂੰ ਕਲਾਸ ਵਿੱਚ ਸਪੈਸ਼ਲ ਪਾਠ ਪੜ੍ਹਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਉਹ ਹੈਲਮਟ ਜ਼ਰੂਰ ਪਹਿਨਣ ਅਤੇ ਚਾਰ ਪਹੀਆ ਵਾਹਨ ਵਿੱਚ ਸਫ਼ਰ ਕਰਦੇ ਸਮੇਂ ਸੀਟ ਬੈਲਟ ਲਗਾ ਕੇ ਰੱਖਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਕੋਈ ਵੀ ਵਾਹਨ ਚਲਾਉਂਦੇ ਸਮੇਂ ਮੋਬਾਈਲ ਨਾ ਸੁਣਨ, ਗਲਤ ਸਾਈਡ ਡਰਾਈਵਿੰਗ ਨਾ ਕਰਨ, ਰੈਡ ਲਾਈਟ ਦੀ ਉਲੰਘਣਾ ਨਾ ਕਰਨ, ਮੋਟਰਸਾਈਕਲ ਨਾਲ ਪਟਾਕੇ ਨਾ ਮਾਰਨ, ਵਾਹਨ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅਜੋਕੇ ਸਮੇਂ ਵਿੱਚ ਪਲੀਤ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਪ੍ਰੇਰਿਆ। ਸਿਪਾਹੀ ਕੁਲਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਚੱਡਾ ਨੇ ਜ਼ਿਲ੍ਹਾ ਪੁਲੀਸ ਦਾ ਧੰਨਵਾਦ ਕੀਤਾ ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…