Nabaz-e-punjab.com

ਸਰਕਾਰੀ ਹਾਈ ਸਕੂਲ ਪਿੰਡ ਕੁੰਭੜਾ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਸਕੂਲੀ ਬੱਚਿਆਂ ਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪ੍ਰਦੂਸ਼ਣ ਅਤੇ ਨਸ਼ਿਆਂ ਕਾਰਨ ਮਨੁੱਖੀ ਸਰੀਰ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਥੋਂ ਦੇ ਸਰਕਾਰੀ ਹਾਈ ਸਕੂਲ ਕੁੰਭੜਾ ਵਿੱਚ ਸਕੂਲ ਦੀ ਮੁੱਖ ਅਧਿਆਪਕਾ ਜਸਵਿੰਦਰ ਕੌਰ ਦੇ ਸਹਿਯੋਗ ਨਾਲ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਪੁਲੀਸ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਦੱਸਿਆ ਕਿ ਇਹ ਸੈਮੀਨਾਰ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਪੀ (ਟਰੈਫ਼ਿਕ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਟਰੈਫ਼ਿਕ) ਸੋਹਣ ਲਾਲ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ।
ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਵਿੱਚ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਵਾਪਰਨ ਵਾਲੇ ਸੜਕ ਹਾਦਸਿਆਂ ਬਾਰੇ ਸੁਚੇਤ ਕੀਤਾ ਗਿਆ। ਉੱਥੇ ਨਸ਼ਿਆਂ ਅਤੇ ਪ੍ਰਦੂਸ਼ਣ ਕਾਰਨ ਮਨੁੱਖੀ ਸਰੀਰ ਨੂੰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜ਼ੈਬਰਾ ਕਰਾਸਿੰਗ ਲਾਈਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਾਹਨ ਚਲਾਉਣ ਸਮੇਂ ਹਮੇਸ਼ਾ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਲੜਕਾ/ਲੜਕੀਆਂ ਦੋਵਾਂ ਲਈ ਹੈਲਮਟ ਲਾਜ਼ਮੀ ਹੈ। ਬੁਲਟ ਮੋਟਰ ਸਾਈਕਲ ਨਾਲ ਪਟਾਕੇ ਨਾ ਵਜਾਉਣ, ਧੁੰਦ ਦੇ ਦਿਨਾਂ ਵਿੱਚ ਡਰਾਈਵਿੰਗ ਬਹੁਤ ਧਿਆਨ ਨਾਲ ਕਰਨ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਕੋਈ ਵੀ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, ਗਲਤ ਸਾਈਡ ਡਰਾਈਵਰੀ ਨਾ ਕਰਨ ਬਾਰੇ ਪ੍ਰੇਰਿਆ ਗਿਆ।
ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ। ਇਸ ਮੌਕੇ ਸਿਪਾਹੀ ਕੁਲਵਿੰਦਰ ਸਿੰਘ ਵੱਲੋਂ ਪ੍ਰਦੂਸ਼ਣ ਅਤੇ ਨਸ਼ਿਆਂ ਦੇ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਜਾਗਰੂਕ ਕੀਤਾ। ਅਖੀਰ ਵਿੱਚ ਸਕੂਲ ਦੀ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਟਰੈਫ਼ਿਕ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…