Nabaz-e-punjab.com

ਦੂਰ ਦੁਰਾਡੇ ਬਦਲੀਆਂ: ਮਹਿਲਾ ਮੁਲਾਜ਼ਮਾਂ ਨੂੰ ਦੋ ਟੁਕ ਗੱਲ ਆਖੀ, ਨੌਕਰੀ ਛੱਡੋ ਤੇ ਘਰ ਬੈਠੋ

14 ਮਾਰਚ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਮਹਿਲਾ ਮੁਲਾਜ਼ਮਾਂ ਦੀ ਡੀਜੀਐਸਈ ਮੁਹੰਮਦ ਤਈਅਬ ਨਾਲ ਵੀ ਬੇਸਿੱਟਾ ਰਹੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਜੱਦੀ ਜ਼ਿਲ੍ਹੇ ਤੋਂ ਦੂਰ ਦੁਰਾਡੇ ਬਦਲੀਆਂ ਤੋਂ ਤੰਗ ਪ੍ਰੇਸ਼ਾਨ ਮਹਿਲਾ ਮੁਲਾਜ਼ਮਾਂ ਨੂੰ ਅੱਜ ਮੁੱਖ ਮੰਤਰੀ ਦੇ ਦਰਬਾਰ ’ਚੋਂ ਵੀ ਇਨਸਾਫ਼ ਨਹੀਂ ਮਿਲਿਆ। ਸੋਮਵਾਰ ਸਵੇਰੇ ਵਿਭਾਗ ਦੇ ਹੁਕਮਾਂ ਅਨੁਸਾਰ ਇੱਥੋਂ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਪੁੱਜੇ ਮੁਲਜ਼ਮਾਂ ਨੂੰ ਮੁਹਾਲੀ ਪ੍ਰਸ਼ਾਸਨ ਨੇ ਸਿੱਖਿਆ ਭਵਨ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਜਿਸ ਕਾਰਨ ਰੋਸ ਵਿੱਚ ਆਏ ਮੁਲਾਜ਼ਮਾਂ ਨੇ ਸਮੂਹਿਕ ਤੌਰ ’ਤੇ ਸਟੇਸ਼ਨ ਲੈਣ ਦਾ ਬਾਈਕਾਟ ਕਰ ਦਿੱਤਾ। ਇਸ ਮਗਰੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਪ੍ਰੰਤੂ ਕੋਈ ਹੱਲ ਨਾ ਹੋਣ ’ਤੇ ਕਰਮਚਾਰਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਦਿੱਤਾ। ਜਿੱਥੇ ਯੂਟੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਬਾਅਦ ਵਿੱਚ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸਿੰਘ ਬਰਾੜ ਨੇ ਕਰਮਚਾਰਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀ ਮੁਸ਼ਕਲਾਂ ਨੂੰ ਛੇਤੀ ਹੱਲ ਕੀਤਾ ਜਾਵੇਗਾ। ਇਸ ਉਪਰੰਤ ਉਨ੍ਹਾਂ ਦੀ ਬਾਅਦ ਦੁਪਹਿਰ ਸਾਢੇ 3 ਡੀਜੀਐਸਈ ਮੁਹੰਮਦ ਤਈਅਬ ਨਾਲ ਮੀਟਿੰਗ ਤੈਅ ਕੀਤੀ ਗਈ ਪਰ ਮਹਿਲਾ ਮੁਲਾਜ਼ਮਾਂ ਦੀ ਡੀਜੀਐਸਈ ਨਾਲ ਮੀਟਿੰਗ ਬੇਸਿੱਟਾ ਰਹੀ। ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਨੌਕਰੀ ਕਰਨੀ ਹੈ ਤਾਂ ਕਰਨ ਨਹੀਂ ਘਰ ਬੈਠ ਜਾਣ। ਜਿਸ ਦੀ ਮੁਲਾਜ਼ਮ ਜਥੇਬੰਦੀ ਦੇ ਸੂਬਾਈ ਆਗੂਆਂ ਅਸੀਸ ਜੁਲਹਾ, ਵਿਕਾਸ ਕੁਮਾਰ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਤਰਨਜੀਤ ਕੌਰ ਅਤੇ ਦੀਪਕਾ ਮੋਗਾ ਨੇ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਕ ਪਾਸੇ ਮੋਤੀਆਂ ਵਾਲੀ ਸਰਕਾਰ ਘਰ ਘਰ ਨੌਕਰੀ ਦੇਣ ਦਾ ਦਾਅਵਾ ਕਰ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਨੌਕਰੀ ਛੱਡ ਕੇ ਘਰ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਮੁਲਾਜ਼ਮ ਜਥੇਬੰਦੀ ਸਿੱਖਿਆ ਵਿਭਾਗ ਵੱਲੋਂ ਜ਼ਬਰਦਸਤੀ ਦੂਰ ਦੁਰਾਡੇ ਕੀਤੀਆ ਜਾ ਰਹੀਆ ਬਦਲੀਆਂ ਦਾ ਡਟ ਕੇ ਵਿਰੋਧ ਕਰੇਗੀ ਅਤੇ ਉੱਚ ਅਧਿਕਾਰੀਆਂ ਦੇ ਤਾਨਾਸ਼ਾਹੀ ਫੁਰਮਾਨਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਮੰਨਿਆਂ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 14 ਮਾਰਚ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹਲਕਾ ਸੰਗਰੂਰ ਵਿੱਚ ਮਹਿਲਾ ਕਰਮਚਾਰਨਾਂ ਵੱਲੋਂ ਆਪਣੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਬੰਧਤ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…