
ਸੀਬੀਆਈ ਅਦਾਲਤ ਵੱਲੋਂ ਸਾਬਕਾ ਆਈਜੀ ਸਮੇਤ ਤਿੰਨ ਪੁਲੀਸ ਅਫ਼ਸਰਾਂ ਨੂੰ 3-3 ਸਾਲ ਦੀ ਕੈਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਸਿੱਖ ਨੌਜਵਾਨ ਨੂੰ ਘਰੋਂ ਚੁੱਕ ਕੇ ਬਾਅਦ ਵਿੱਚ ਪੁਲੀਸ ਹਿਰਾਸਤ ’ਚੋਂ ਭਗੌੜਾ ਕਰਾਰ ਦੇਣ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਆਈਜੀ (ਸੇਵਾਮੁਕਤ) ਬਲਕਾਰ ਸਿੰਘ ਸਮੇਤ ਸਾਬਕਾ ਡੀਐਸਪੀ ਊਧਮ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3-3 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਪੁਲੀਸ ਅਫ਼ਸਰਾਂ ’ਤੇ ਪਿੰਡ ਜੱਸੋ ਨੰਗਲ (ਜ਼ਿਲ੍ਹਾ ਅੰਮ੍ਰਿਤਸਰ) ਦੇ ਵਸਨੀਕ ਸਿੱਖ ਨੌਜਵਾਨ ਸੁਰਜੀਤ ਸਿੰਘ ਨੂੰ ਘਰੋਂ ਚੁੱਕ ਕੇ ਲਿਜਾਉਣ ਦਾ ਦੋਸ਼ ਹੈ।
ਇਸ ਸਬੰਧੀ ਪੀੜਤ ਨੌਜਵਾਨ ਦੀ ਪਤਨੀ ਬੀਬੀ ਪਰਮਜੀਤ ਕੌਰ ਦੀ ਸ਼ਿਕਾਇਤ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਘਟਨਾ ਦੇ 11 ਸਾਲਾਂ ਬਾਅਦ ਦੋਸ਼ੀ ਪੁਲੀਸ ਅਫ਼ਸਰਾਂ ਖ਼ਿਲਾਫ਼ ਧਾਰਾ 365 ਅਤੇ 120ਬੀ ਸਮੇਤ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਜੱਜ ਅਮਨਦੀਪ ਕੌਰ ਕੰਬੋਜ ਦੀ ਅਦਾਲਤ ਵਿੱਚ ਚੱਲ ਰਹੀ ਸੀ।
ਬੀਬੀ ਪਰਮਜੀਤ ਕੌਰ ਦੀ ਸ਼ਿਕਾਇਤ ਅਨੁਸਾਰ 7 ਮਈ 1992 ਨੂੰ ਪੰਜਾਬ ਪੁਲੀਸ ਦੀ ਇੱਕ ਟੀਮ ਸੁਰਜੀਤ ਸਿੰਘ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਥਾਣੇ ਲੈ ਗਈ ਸੀ ਅਤੇ ਅਗਲੇ ਦਿਨ 8 ਮਈ ਨੂੰ ਉਸ ਦੀ ਗ੍ਰਿਫ਼ਤਾਰੀ ਪਾ ਲਈ। ਪੀੜਤ ਪਰਿਵਾਰ ਤਰਲੇ ਕੱਢਦਾ ਰਿਹਾ ਸੀ ਲੇਕਿਨ ਪੁਲੀਸ ਨੇ ਸੁਰਜੀਤ ਸਿੰਘ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ। ਬਾਅਦ ਵਿੱਚ ਪੁਲੀਸ ਨੇ ਉਸ ਨੂੰ (ਸੁਰਜੀਤ) ਨੂੰ ਪੁਲੀਸ ਹਿਰਾਸਤ ’ਚੋਂ ਫਰਾਰ ਹੋਣ ਦੀ ਗੱਲ ਕਹਿ ਕੇ ਉਸ ਨੂੰ ਭਗੌੜਾ ਐਲਾਨਿਆ ਗਿਆ। ਜਦੋਂ ਕਈ ਸਾਲ ਪੁਲੀਸ ਨੇ ਪੀੜਤ ਪਰਿਵਾਰ ਨੂੰ ਕੋਈ ਆਈ ਗਈ ਨਹੀਂ ਦਿੱਤੀ ਤਾਂ ਪਰਮਜੀਤ ਕੌਰ ਵੱਲੋਂ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ। ਇਸ ਤਰ੍ਹਾਂ ਉੱਚ ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਲ 2003 ਵਿੱਚ ਇਸ ਦੀ ਕੇਸ ਜਾਂਚ ਸੀਬੀਆਈ ਨੂੰ ਸੌਂਪੀ ਗਈ।
ਸੀਬੀਆਈ ਨੇ ਮੁੱਢਲੀ ਜਾਂਚ ਤੋਂ ਬਾਅਦ ਉਕਤ ਪੁਲੀਸ ਅਫ਼ਸਰਾਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 365 ਅਤੇ 120ਬੀ ਦੇ ਤਹਿਤ ਨੌਜਵਾਨ ਨੂੰ ਘਰੋਂ ਅਗਵਾ ਕਰਨ ਦਾ ਪਰਚਾ ਦਰਜ ਕੀਤਾ ਗਿਆ। ਉਦੋਂ ਤੋਂ ਇਸ ਕੇਸ ਦੀ ਸੁਣਵਾਈ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਦੌਰਾਨ ਜੱਜ ਨੇ ਪੀੜਤ ਪਰਿਵਾਰ ਦੀ ਪੁਕਾਰ ਅਤੇ ਵਕੀਲਾਂ ਦੀਆਂ ਦਲੀਲਾਂ ਅਤੇ ਸੀਬੀਆਈ ਦੀ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਠੋਸ ਸਬੂਤਾਂ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੇ ਆਈਜੀ (ਸੇਵਾਮੁਕਤ) ਬਲਕਾਰ ਸਿੰਘ ਸਮੇਤ ਸਾਬਕਾ ਡੀਐਸਪੀ ਊਧਮ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3-3 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।