Nabaz-e-punjab.com

ਸਰਕਾਰੀ ਹਸਪਤਾਲਾਂ ਵਿੱਚ ‘ਸਹੀ ਸਮੇਂ ’ਤੇ ਸਹੀ ਇਲਾਜ’ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ: ਸਿੱਧੂ

ਪੰਜਾਬ ਦੇ ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਪੰਜਾਬ ਦੇ ਨਵੇਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿਹਤ ਸੇਵਾਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਸਿਹਤ ਖੇਤਰ ਨੂੰ ਮੁੜ ਲੀਹ ’ਤੇ ਪਾਉਣ ਲਈ ਨਵੇਂ ਰਾਹ ਲੱਭਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਇਸ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਕੈਪਟਨ ਸਰਕਾਰ ਵੱਲੋਂ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ।
ਸ੍ਰੀ ਸਿੱਧੂ ਨੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲਦੇ ਹੀ ਆਪਣੇ ਨਵੇਂ ਨਾਅਰੇ ਦਾ ਐਲਾਨ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਵਿੱਚ ‘ਸਹੀ ਸਮੇਂ ’ਤੇ ਸਹੀ ਇਲਾਜ’ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਬੰਦ ਪਏ ਹਸਪਤਾਲਾਂ ਨੂੰ ਖੋਲ੍ਹਿਆ ਜਾਵੇਗਾ ਅਤੇ ਸਿਹਤ ਸੰਸਥਾਵਾਂ ਵਿੱਚ ਖ਼ਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਿਆ ਜਾਵੇਗਾ। ਉਨ੍ਹਾਂ ਸਮੂਹ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਂਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਈ ਜਾਵੇ।
ਇਸ ਤੋਂ ਪਹਿਲਾਂ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਨਵੇਂ ਸਿਹਤ ਮੰਤਰੀ ਦਾ ਦਫ਼ਤਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਝਾਤ ਪੁਆਈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …