
ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਨਵੀਂ ਅਦਾਲਤ ਵਿੱਚ ਸ਼ੁੱਕਰਵਾਰ ਤੱਕ ਸੁਣਵਾਈ ਟਲੀ
ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਬੁੱਧਵਾਰ ਨੂੰ ਵੀ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਨਵੀਂ ਅਦਾਲਤ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਕੇਸ ਦੀ ਸੁਣਵਾਈ 10 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਅੱਜ ਕੇਸ ਦੀ ਸੁਣਵਾਈ ਦੌਰਾਨ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਸਮੇਤ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਸਮੇਤ ਜਾਂਚ ਅਧਿਕਾਰੀ ਅਦਾਲਤ ਵਿੱਚ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਸੁਮੇਧ ਸੈਣੀ ਦੇ ਵਕੀਲ ਏਪੀਐਸ ਦਿਉਲ ਸੁਣਵਾਈ ਸਮੇਂ ਅਦਾਲਤ ਵਿੱਚ ਹਾਜ਼ਰ ਨਹੀਂ ਸਨ। ਬਚਾਅ ਪੱਖ ਦੇ ਦੂਜੇ ਵਕੀਲ ਐਚਐਸ ਧਨੋਆ ਨੇ ਅਦਾਲਤ ਨੂੰ ਦੱਸਿਆ ਕਿ ਸੀਨੀਅਰ ਵਕੀਲ ਦਿਉਲ ਦੀ ਬਜ਼ੁਰਗ ਮਾਂ ਬਿਮਾਰ ਹਨ। ਇਸ ਕਾਰਨ ਉਹ ਅਦਾਲਤ ਵਿੱਚ ਨਹੀਂ ਆ ਸਕੇ। ਲਿਹਾਜ਼ਾ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ ਦਿੱਤੀ ਜਾਵੇ। ਅਦਾਲਤ ਨੇ ਬਚਾਅ ਪੱਖ ਦੀ ਦਲੀਲ ਨੂੰ ਮੰਨਦਿਆਂ ਸੈਣੀ ਖ਼ਿਲਾਫ਼ ਕੇਸ ਦੀ ਸੁਣਵਾਈ 10 ਜੁਲਾਈ ਤੱਕ ਅੱਗੇ ਟਾਲ ਦਿੱਤੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੇਸ ਨੂੰ ਸੁਣਵਾਈ ਲਈ ਦੂਜੀ ਅਦਾਲਤ (ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ) ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਸੀ। ਸਪੈਸ਼ਲ ਪੀਪੀ ਸਰਤੇਜ ਸਿੰਘ ਨਰੂਲਾ ਨੇ ਅਦਾਲਤ ਵਿੱਚ ਚਾਰ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਨਿਆਂ-ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਚੁੱਕਦਿਆਂ ਲਿਖਤੀ ਰੂਪ ਵਿੱਚ ਸਮੁੱਚੇ ਘਟਨਾਕ੍ਰਮ, ਸੀਬੀਆਈ ਦੀ ਜਾਂਚ ਅਤੇ ਮੌਜੂਦਾ ਕਾਰਵਾਈ ਬਾਰੇ ਵਿਸਥਾਰ ਨਾਲ ਤੱਥ ਪੇਸ਼ ਕੀਤੇ ਗਏ ਸੀ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਿਹਾ ਸੀ। ਨਵੀਂ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਸੁਣਵਾਈ ਸ਼ੁਰੂ ਹੋਵੇਗੀ।