Share on Facebook Share on Twitter Share on Google+ Share on Pinterest Share on Linkedin ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼-1 (ਪੁਰਾਣਾ ਬੈਰੀਅਰ) ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਮਨੋਹਰ ਕੀਰਤਨ ਕੀਤਾ ਅਤੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ’ਤੇ ਸਮੁੱਚੀ ਸਿੱਖ ਕੌਮ ਨੂੰ ਬਹੁਤ ਮਾਣ ਹੈ, ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾ. ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਆਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਅਤੇ ਹੋਰਨਾਂ ਨੂੰ ਵੀ ਪ੍ਰੇਰਦੇ ਸਨ। ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾ. ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬੱਬਰਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਜੋ ਗਰਾਮ ਪੰਚਾਇਤ ਤੋਂ ਲੈ ਕੇ ਪਾਰਲੀਮੈਂਟ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ। ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਗੁਰਦੁਆਰਾ ਸਾਹਿਬ ਫੇਜ਼-6 ਦੇ ਪ੍ਰਧਾਨ ਜਸਪਾਲ ਸਿੰਘ, ਗੁਰਦੁਆਰਾ ਸਾਹਿਬ ਫੇਜ਼-1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ