nabaz-e-punjab.com

ਬਜਟ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੇਪੀਐਸ ਗਿੱਲ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਅਤੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲਿਆਂ ਨੂੰ ਵੀ ਯਾਦ ਕੀਤਾ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਕਰਜ਼ਿਆਂ ਦਾ ਹੱਲ ਕਰਨ ਦਾ ਪ੍ਰਣ, ਕਿਸਾਨਾਂ ਦੀ ਸੰਪਤੀ ਕੁਰਕ ਕਰਨ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਜੂਨ:
ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ, ਨਸ਼ਿਆਂ ਕਾਰਨ ਜਾਨ ਗੁਆਉਣ ਵਾਲਿਆਂ ਨੂੰ ਯਾਦ ਕਰਨ ਦੇ ਨਾਲ-ਨਾਲ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ 10 ਉਘੀਆਂ ਹਸਤੀਆਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਆਪਣੀਆਂ ਨਿਵੇਕਲੀਆਂ ਪ੍ਰਾਪਤੀਆਂ ਰਾਹੀਂ ਸੂਬੇ ’ਤੇ ਅਮਿੱਟ ਛਾਪ ਛੱਡੀ। ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਨ੍ਹਾਂ ਸ਼ਖਸੀਅਤਾਂ ਦੇ ਪਰਿਵਾਰਾਂ ਤੱਕ ਸਦਨ ਦਾ ਸ਼ੋਕ ਸੰਦੇਸ਼ ਪਹੁੰਚਾਉਣ ਲਈ ਇਕ ਮਤਾ ਪਾਸ ਕੀਤਾ। ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਸਦਨ ਵੱਲੋਂ ਸੰਸਦ ਮੈਂਬਰ ਵਿਨੋਦ ਖੰਨਾ ਅਤੇ ਸੂਬੇ ਦੇ ਸਾਬਕਾ ਪੁਲੀਸ ਮੁਖੀ ਕੰਵਰ ਪਾਲ ਸਿੰਘ ਗਿੱਲ ਤੋਂ ਇਲਾਵਾ ਨਿਸ਼ਾਨ ਸਿੰਘ, ਗੁਰਦੇਵ ਸਿੰਘ ਅਤੇ ਬੰਤਾ ਸਿੰਘ (ਸਾਰੇ ਆਜ਼ਾਦੀ ਘੁਲਾਟੀਏ), ਸ਼ਹੀਦ ਪਰਮਜੀਤ ਸਿੰਘ ਅਤੇ ਇੰਸਪੈਕਟਰ-ਕਮ-ਕੰਪਨੀ ਕਮਾਂਡਰ (ਸੀ.ਆਰ.ਪੀ.ਐਫ) ਰਘੁਬੀਰ ਸਿੰਘ, ਕਾਂਸਟੇਬਲ ਲਵਪ੍ਰੀਤ ਸਿੰਘ, ਖੇਤੀ ਵਿਗਿਆਨੀ ਡਾ. ਦਿਲਬਾਗ ਸਿੰਘ ਅਠਵਾਲ ਅਤੇ ਕਿਰਪਾਲ ਸਿੰਘ ਖੀਰਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਇਕ ਮੈਂਬਰ ਦੀ ਅਪੀਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਨੂੰ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਜਿਸ ਲਈ ਸਪੀਕਰ ਸਹਿਮਤ ਹੋ ਗਏ।
ਇਸ ਉਪਰੰਤ ਇਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਹਾਲ ਹੀ ਵਿਚ ਉਨ੍ਹਾਂ ਨੇ ‘ਕੁਰਕੀ’ ਦਾ ਅੰਤ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਪਿੱਛੇ ਮੁੜਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਅਤੇ ਉਨ੍ਹਾਂ ਦੀ ਸਰਕਾਰ ਛੇਤੀ ਹੀ ਕਿਸਾਨਾਂ ਦੇ ਕਰਜ਼ਾ ਦਾ ਹੱਲ ਕਰੇਗੀ ਅਤੇ ਜ਼ਮੀਨ ਜਾਂ ਜਾਇਦਾਦ ਕੁਰਕ ਨਾ ਹੋਣ ਨੂੰ ਵੀ ਯਕੀਨੀ ਬਣਾਏਗੀ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਕਾਲੀ-ਭਾਜਪਾ ਸਰਕਾਰ ਦੇ ਇਕ ਦਹਾਕਾ ਦੇ ਸੱਤਾ ਕਾਲ ਦੌਰਾਨ ਸੂਬੇ ਵਿਚ ਨਸ਼ਿਆਂ ਨਾਲ ਜਾਨਾਂ ਗੁਆਉਣ ਵਾਲਿਆਂ ਨੂੰ ਵੀ ਸ਼ਰਧਾਂਜਲੀ ਦੇਣ ਲਈ ਕੀਤੀ ਅਪੀਲ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ। ਇਸੇ ਦੌਰਾਨ ਕਾਂਗਰਸੀ ਮੈਂਬਰ ਬ੍ਰਹਮ ਮਹਿੰਦਰਾ, ਹਰਮਿੰਦਰ ਗਿੱਲ ਅਤੇ ਗੁਰਕੀਰਤ ਸਿੰਘ ਕੋਟਲੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪੁਲੀਸ ਮੁਖੀ ਗਿੱਲ ਦਾ ਨਾਂ ਸ਼ੋਕ ਮਤੇ ਵਿੱਚ ਸ਼ਾਮਲ ਕਰਨ ਦਾ ਵਿਰੋਧ ਕਰਦਿਆਂ ਵਾਕ ਆਊਟ ਕਰਕੇ ਸਦਨ ਅਤੇ ਸਪੀਕਰ ਦੀ ਮਰਿਆਦਾ ਨੂੰ ਘਟਾਉਣ ਦੀ ਕੀਤੀ ਕੋਸ਼ਿਸ਼ ਅਤੇ ਵਿਛੜੀਆਂ ਸ਼ਖਸੀਅਤਾਂ ਦੇ ਨਿਰਾਦਰ ਦੀ ਤਿੱਖੀ ਆਲੋਚਨਾ ਕੀਤੀ।
ਉਨ੍ਹਾਂ ਨੇ ਅਕਾਲੀ ਦਲ ਦੇ ਵਾਕ ਆਉਟ ਨੂੰ ਸਿਆਸੀ ਢਕਵੰਜ ਦੱਸਿਆ ਜਿਨ੍ਹਾਂ ਕੋਲ ਸਰਕਾਰ ਦੇ ਵਿਰੁੱਧ ਕੋਈ ਵੀ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਵਾਈਟ-ਪੇਪਰ ਜਾਰੀ ਕਰਨ ਦੇ ਕਾਰਨ ਅਕਾਲੀ ਆਪ ਨੂੰ ਆਪਣੇ ਆਪ ਨੂੰ ਨੁੱਕਰੇ ਲੱਗਾ ਮਹਿਸੂਸ ਕਰ ਰਹੇ ਹਨ। ਬਾਅਦ ਵਿੱਚ ਕਾਂਗਰਸੀ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਦੇ ਤਿੰਨ ਮੈਂਬਰ ਵਾਕ ਆਊਟ ਵਿੱਚ ਸ਼ਾਮਲ ਨਹੀਂ ਹੋਏ ਜਿਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਅਕਾਲੀਆਂ ਦੇ ਖੜੇ੍ਹ ਹੋਣ ਲਈ ਕੋਈ ਸਹਾਰਾ ਨਹੀਂ ਹੈ। ਆਮ ਆਦਮੀ ਪਾਰਟੀ ਦੀ ਵੀ ਚਾਲ ਪੂਰੀ ਤਰ੍ਹਾਂ ਬੇਢੱਬੀ ਸੀ ਜਿਸ ਦਾ ਪ੍ਰਗਟਾਵਾ ਇਸ ਦੇ ਆਪਣੇ ਭਾਈਵਾਲ ਲੋਕ ਇਨਸਾਫ ਪਾਰਟੀ ਦੇ ਮੈਂਬਰਾਂ ਦੇ 15ਵੀਂ ਵਿਧਾਨ ਸਭਾ ਦੇ ਪਹਿਲੇ ਸਮਾਗਮ ਦੇ ਉਲਟ ਇਸ ਵਾਰ ਅਸਲ ਵਿੱਚ ਅਲਾਟ ਹੋਈਆਂ ਸੀਟਾਂ ’ਤੇ ਬੈਠਣ ਤੋਂ ਹੁੰਦਾ ਹੈ।
ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਖੇਤੀ ਕਰਜ਼ਿਆਂ ਦੀ ਸਮੱਸਿਆ ਦੇ ਸਥਾਈ ਹੱਲ ਕਰਨ ਲਈ ਵਿਚਾਰ ਕਰ ਰਹੀ ਹੈ। ਸ੍ਰੀ ਸਿੱਧੂ ਕਿ ਉਨ੍ਹਾਂ ਦਾ ਉਦੇਸ਼ ਕਿਸਾਨਾਂ ਨੂੰ ਏਨਾ ਕੁ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਰਜ਼ਾ ਲੈਣ ਦੀ ਜ਼ਰੂਰਤ ਨਾ ਪਵੇ। ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਹਰ ਮਦਦ ਦੇਵੇਗੀ। ਸ੍ਰੀ ਸਿੱਧੂ ਨੇ ਸ਼ਾਹੂਕਾਰਾਂ ਦੀ ਲਾਇਸੈਂਸ ਪ੍ਰਣਾਲੀ ਦਾ ਵੀ ਸੁਝਾਅ ਦਿੱਤਾ ਤਾਂ ਜੋ ਜ਼ਰੂਰੀ ਲੋੜ ਦੇ ਕਾਰਨ ਕਰਜ਼ਾ ਲੈਣ ਦੀ ਪ੍ਰਣਾਲੀ ’ਚ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ। ਮੰਤਰੀ ਨੇ ਫਸਲੀ ਬੀਮੇ ਦੀ ਗੱਲ ਵੀ ਆਖੀ ਜਿਸ ਬਾਰੇ ਸਰਕਾਰ ਵਿਚਾਰ ਕਰ ਰਹੀ ਹੈ ਤਾਂ ਜੋ ਸੰਕਟ ’ਚ ਘਿਰੇ ਸੂਬੇ ਦੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਸਰ ਛੋਟੂ ਰਾਮ ਪੰਜਾਬ ਰਾਹਤ ਕਰਜ਼ਾ ਐਕਟ-1934 ਦੀਆਂ ਲੀਹਾਂ ’ਤੇ ਕੰਟਰੋਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਲਈ ਗਈ ਰਾਸ਼ੀ ਤੋਂ ਦੁੱਗਣੇ ਤੋਂ ਵੱਧ ਅਦਾ ਨਾ ਕਰਨੇ ਪਵੇ। ਉਨ੍ਹਾਂ ਨੇ ਨਰੇਗਾ ਦੀ ਦੁਰਵਰਤੋਂ ਨੂੰ ਰੋਕਣ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਉਣ ਲਈ ਵੀ ਕੇਂਦਰ ਸਰਕਾਰ ਤੋਂ ਦਖਲ ਦੇਣ ਦੀ ਅਪੀਲ ਕੀਤੀ। ਘੱਟੋ-ਘੱਟ ਸਮਰਥਣ ਮੁੱਲ ਦੇ ਮਾਮਲੇ ਵਿੱਚ ਸ੍ਰੀ ਸਿੱਧੂ ਨੇ ਕਿਹਾ ਕਿ ਖੇਤੀ ਲਾਗਤ ਵਿੱਚ ਤਬਦੀਲੀ ਦੇ ਅਨੁਸਾਰ ਹੀ ਫਸਲਾਂ ਦਾ ਘੱਟੋ-ਘੱਟ ਸਮਰਥਣ ਮੁੱਲ ਤੈਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਢੁਕਵਾਂ ਭਾਅ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…