
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਤੇ ਅਕਾਲੀ ਆਗੂ ਚੰਦੂਮਾਜਰਾ ਨੇ ਕੀਤੀ ਸਮਾਗਮ ’ਚ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵੱਲੋਂ ਅੱਜ ਇੱਥੋਂ ਦੇ ਫੇਜ਼-3ਏ ਸਥਿਤ ਸ਼ਹੀਦ ਊਧਮ ਸਿੰਘ ਭਵਨ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸ਼ਿਰਕਤ ਕੀਤੀ।
ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਤੇ ਭਾਜਪਾ ਆਗੂ ਬੌਬੀ ਕੰਬੋਜ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਜਲ੍ਹਿਆਵਾਲਾ ਬਾਗ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਆਦਮਕੱਦ ਬੁੱਤ ਅੱਗੇ ਟਿਕਟ ਖਿੜਕੀ ਨੂੰ ਹਟਵਾਉਣ ਦੀ ਮੰਗ ਕੀਤੀ ਅਤੇ ਸ੍ਰੀ ਚੰਦੂਮਾਜਰਾ ਨੇ ਤੁਰੰਤ ਮੌਕੇ ’ਤੇ ਹੀ ਕੇਂਦਰੀ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਪ੍ਰਹਿਲਾਦ ਪਟੇਲ ਨਾਲ ਫੋਨ ਉੱਤੇ ਗੱਲ ਕੀਤੀ ਅਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਜਲਦੀ ਹੀ ਟਿਕਟ ਖਿੜਕੀ ਉੱਥੋਂ ਹਟਵਾ ਦਿੱਤੀ ਜਾਵੇਗੀ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਭਗਤਾਂ ਦੇ ਪਾਏ ਪੂਰਨਿਆਂ ’ਤੇ ਚੱਲਦਿਆਂ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਮਾਜ ਤੇ ਦੇਸ਼ ਸੇਵਾ ਲਈ ਤਿਆਰ ਰਹਿਣਾ ਚਾਹੀਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਲਈ ਵੀ ਪ੍ਰੇਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ।
ਇਸ ਦੌਰਾਨ ਪ੍ਰਬੰਧਕਾਂ ਨੇ ਮਹਿਮਾਨਾਂ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਭਵਨ ਦੇ ਪਾਰਕ ਵਿੱਚ ਬੂਟੇ ਵੀ ਲਗਾਏ। ਇਸ ਮੌਕੇ ਚੇਅਰਮੈਨ ਸ਼ੁਭਾਸ਼ ਚੰਦਰ, ਡਾ. ਬਲਦੇਵ ਬਾੜੀਆ ਸਰਪੰਚ, ਵਿਕਾਸ਼ ਕੁਮਾਰ ਸਾਮਾ, ਦੇਵੀ ਲਾਲ, ਕੇਵਲ ਕੰਬੋਜ, ਜੋਗਿੰਦਰ ਪਾਲ ਭਾਟਾ, ਹਰਮੀਤ ਕੰਬੋਜ, ਸੁਖਦੇਵ ਬੱਟੀ, ਨਵੀ ਜੋਸ਼ਨ, ਰਜੇਸ਼ ਪਾਇਲਟ, ਨਰੇਸ਼ ਹਾਂਡਾ ਅਤੇ ਸਰਪ੍ਰਸਤ ਦੋਲਤ ਰਾਮ ਕੰਬੋਜ ਵੀ ਹਾਜ਼ਰ ਸਨ।