ਬੀਬੀ ਪ੍ਰੀਤਮ ਕੌਰ ਭਿਓਰਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ’ਤੇ ਜ਼ੋਰ ਦਿੱਤਾ

ਬੇਅੰਤ ਸਿੰਘ ਦੀ ਤੀਜੀ ਪੀੜ੍ਹੀ ਦਾ ਪੰਜਾਬ ਦੀ ਸਿਆਸਤ ’ਤੇ ਕਾਬਜ਼ ਹੋਣਾ ਸਿੱਖ ਪੰਥ ਲਈ ਵੱਡੀ ਚੁਨੌਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਅਤੇ ਬੁੜੈਲ ਜੇਲ੍ਹ ਬਰੇਕ ਮਾਮਲੇ ਵਿੱਚ ਸਜ਼ਾ ਕੱਟ ਰਹੇ ਖਾੜਕੂ ਕਾਰਕੁਨ ਪਰਮਜੀਤ ਸਿੰਘ ਭਿਓਰਾ ਦੀ ਮਾਤਾ ਬੀਬੀ ਪ੍ਰੀਤਮ ਕੌਰ (87) ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ 9 ਵਜੇ ਸਥਾਨਕ ਸੈਕਟਰ-71 ਸਥਿਤ ਐਨਆਰਆਈ ਬੇਟੀ ਹਰਮਿੰਦਰ ਕੌਰ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਕੌਮ ਨੂੰ ਕਾਫੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਇਨ੍ਹਾਂ ਸਾਰੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਸਾਰੇ ਸਿੱਖਾਂ ਨੂੰ ਇੱਕਜੱੁਟ ਹੋਣਾ ਚਾਹੀਦਾ ਹੈ। ਦਲ ਖਾਲਸਾ ਦੇ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ, ਨਰੈਣ ਸਿੰਘ ਚੌੜਾ, ਸੁਖਦੇਵ ਸਿੰਘ, ਵਕੀਲ ਸਿਮਰਨਜੀਤ ਸਿੰਘ, ਜਸਪਾਲ ਸਿੰਘ ਹੇਰਾਂ ਅਤੇ ਟਕਸਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਪੰਥਕ ਏਕਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਤੀਜੀ ਪੀੜ੍ਹੀ ਦਾ ਪੰਜਾਬ ਦੀ ਸਿਆਸਤ ’ਤੇ ਕਾਬਜ਼ ਹੋਣਾ ਸਿੱਖ ਪੰਥ ਲਈ ਵੱਡੀ ਚੁਨੌਤੀ ਵਾਲੀ ਗੱਲ ਹੈ। ਬੁਲਾਰਿਆਂ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਸਿੱਖ ਕੌਮ ਦੇ ਜਿੰਦਾ ਸ਼ਹੀਦ ਹਨ। ਇਨ੍ਹਾਂ ਸਮੇਤ ਹੋਰ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਇਹ ਸਾਰੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਕੱਟ ਚੁੱਕੇ ਹਨ।
ਜਥੇਦਾਰ ਭਾਈ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਕਾਨੂੰਨ ਬੇੜੀ ਦੇ ਚੱਲਦਿਆਂ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਅੱਜ ਆਪਣੀ ਮਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਕੁਝ ਪਲ ਦੀ ਪੈਰੋਲ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ ਜਦੋਂਕਿ ਕਾਨੂੰਨ ਲਈ ਖ਼ਤਰਾਂ ਬਣੇ ਹੋਏ ਗੈਂਗਸਟਰਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਲੇਕਿਨ ਜਿਹੜੇ ਕੌਮ ਤੇ ਪੰਥ ਦੇ ਪ੍ਰਵਾਨੇ ਹਨ। ਉਨ੍ਹਾਂ ਨਾਲ ਪ੍ਰਸ਼ਾਸਨ ਅਤੇ ਕਾਨੂੰਨ ਵੀ ਧੱਕਾ ਕਰਦਾ ਆ ਰਿਹਾ ਹੈ।
ਇਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਸਪੁੱਤਰ ਭਾਈ ਈਸਰ ਸਿੰਘ, ਅਖੰਡ ਕੀਰਤਨੀ ਜਥਾ ਦੇ ਆਗੂ ਆਰਪੀ ਸਿੰਘ, ਦਮਦਮੀ ਟਕਸਾਲ ਦੇ ਮੁਖੀ ਵੱਲੋਂ ਭਾਈ ਸੁਖਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ, ਅਕਾਲੀ ਦਲ (ਅੰਮ੍ਰਿਤਸਰ) ਦੇ ਜਨਜਲ ਸਕੱਤਰ ਮਹਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਗੋਵਾਲ, ਯੂਨਾਈਟਿਡ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ, ਹਵਾਰਾ ਕਮੇਟੀ ਵੱਲੋਂ ਪ੍ਰੋ. ਬਰਜਿੰਦਰ ਸਿੰਘ, ਗੁਰਚਰਨ ਸਿੰਘ, ਬੀਬੀ ਪ੍ਰੀਤਮ ਕੌਰ, ਭਾਈ ਦਲਜੀਤ ਸਿੰਘ ਬਿੱਟੂ, ਅਮਰੀਕ ਸਿੰਘ ਈਸੜੂ, ਜਤਿੰਦਰ ਸਿੰਘ ਈਸੜੂ, ਕੁਲਦੀਪ ਸਿੰਘ ਭਾਗੋਵਾਲ, ਅਮਰ ਸਿੰਘ ਚਾਹਲ ਸਮੇਤ ਹੋਰ ਗਰਮ ਖਿਆਲੀ ਆਗੂ ਮੌਜੂਦ ਸਨ। ਅਖੀਰ ਵਿੱਚ ਜਥੇਦਾਰ ਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਭਾਈ ਪਰਮਜੀਤ ਸਿੰਘ ਭਿਓਰਾ ਦੀਆਂ ਭੈਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਧਰ, ਸਰਬੱਤ ਖਾਲਸਾ ਦੇ ਆਗੂ ਧਿਆਨ ਸਿੰਘ ਮੰਡ, ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …