
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਬ੍ਰਾਹਮਣ ਸਭਾ ਮੁਹਾਲੀ ਵੱਲੋਂ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਵੱਖ-ਵੱਖ ਸਮਾਗਮਾਂ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ2 ਸਥਿਤ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਅਸ਼ੋਕ ਝਾਅ ਦੇ ਦਫ਼ਤਰ ਵਿੱਚ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅੌਜਲਾ, ਜ਼ਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਵਿਸ਼ਾਲ ਸ਼ਰਮਾ, ਜਸਮਿੰਦਰ ਪਾਲ ਸਿੰਘ ਮੰਡਲ ਪ੍ਰਧਾਨ, ਬਿਕਰਮਜੀਤ ਸਿੰਘ, ਐਡਵੋਕੇਟ ਰੁਚੀ ਸ਼ੇਖੜੀ, ਆਸ਼ੂ ਵੈਦ ਮਟੌਰ, ਸ੍ਰੀਮਤੀ ਰੇਖਾ ਸ਼ਰਮਾ ਸਮੇਤ ਹੋਰਨਾਂ ਮੋਹਤਬਰ ਵਿਅਕਤੀਆਂ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸੀਨੀਅਰ ਆਗੂਆਂ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਆ। ਉਨ੍ਹਾਂ ਨੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਨ ਦਾ ਆਹਿਦ ਵੀ ਲਿਆ।