
ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸੰਚਾਲਨ ਸਪੈਸ਼ਲ ਮੰਡਲ ਮੁਹਾਲੀ ਵੱਲੋਂ ਡਿਵੀਜ਼ਨ ਦਫ਼ਤਰ ਮੁਹਾਲੀ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀ ਡਿਵੀਜਨ ਮੁਹਾਲੀ ਇਕਾਈ ਦੇ ਪ੍ਰਧਾਨ ਸੁਰਿੰਦਰ ਸਿੰਘ ਮੱਲੀ ਨੇ ਕਿਹਾ ਕਿ ਹਾਕਮਾਂ ਵੱਲੋਂ ਅੱਜ ਵੀ ਲੋਕਾਂ ਨੂੰ ਜਾਤ ਪਾਤ ਅਤੇ ਧਰਮਾਂ ਵਿੱਚ ਵੰਡ ਕੇ ਲੁੱਟਿਆ ਅਤੇ ਕੁੱਟਿਆ ਜਾ ਰਿਹਾ ਹੈ। ਲੋੜ ਤਾਂ ਅੱਜ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੀ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਵਲੋੱ ਲਏ ਗਏ ਸੁਪਨੇ ਅਜੇ ਵੀ ਅਧੂਰੇ ਹਨ। ਅੱਜ ਲੋਕ ਮਹਿੰਗਾਈ ਦੀ ਚੱਕੀ ਵਿੱਚ ਪੀਸੇ ਜਾ ਰਹੇ ਹਨ। ਦੇਸ਼ ਦੀ ਨੌਜਵਾਨ ਪੀੜੀ ਨੂੰ ਨਸ਼ੇ ਵਿੱਚ ਫਸਾਇਆ ਜਾ ਰਿਹਾ ਹੈ ਤਾਂ ਉਹ ਰੁਜਗਾਰ ਨਾ ਮੰਗ ਸਕਣ। ਉਹਨਾਂ ਕਿਹਾ ਕਿ ਸਮਾਜ ਦੇ ਮੌਜੂਦਾ ਸਿਸਟਮ ਵਿੱਚ ਤਬਦੀਲੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਮੁਲਾਜ਼ਮ ਆਗੂ ਨਿਰਮਲ ਸਿੰਘ, ਰਾਮ ਕੁਮਾਰ, ਰਮੇਸ਼ ਕੁਮਾਰ, ਧਰਮ ਸਿੰਘ, ਮੱਘਰ ਸਿੰਘ, ਗੁਰਮੀਤ ਸਿੰਘ, ਸ਼ਾਮ ਲਾਲ, ਰਣਜੀਤ ਸਿੰਘ, ਵਿਜੈ ਕੁਮਾਰ, ਸੁਭਾਸ਼ ਚੰਦਰ, ਧਨਵੰਤ ਸਿੰਘ, ਰਾਧੇ ਸਿਆਮ, ਜਸਪਾਲ ਸਿੰਘ, ਯਸ਼ਪਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਅਗਾਂਹਵਧੂ ਸਾਹਿਤ ਤੇ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ।