ਸਾਰੇ ਪੰਜਾਬੀਆਂ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ.ਅੰਬੇਦਕਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਂਟ

ਡਾ.ਅੰਬੇਦਕਰ ਜੀ ਨੇ ਗ਼ਰੀਬਾਂ ਦਾ ਜੀਵਨ ਪੱਧਰਾ ਉੱਚਾ ਚੁੱਕਣ ਲਈ ਯੋਗਦਾਨ ਵਿਸ਼ਵ ਲਈ ਲਾਮਿਸਾਲ: ਮੁੱਖ ਮੰਤਰੀ

ਜਲੰਧਰ ਵਿੱਚ ਰਾਜ ਪੱਧਰੀ ਸਮਾਗਮ ਮਨਾਉਣ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਬਾ ਸਾਹਿਬ ਦੇ ਬੁੱਤ ਰਾਸ਼ਟਰ ਨੂੰ ਸਮਰਪਿਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਅਪਰੈਲ:
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਜੀ ਦੇ 126 ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕਰਨ ਤੋਂ ਇਲਾਵਾ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਜਸ਼ਨ ਮਨਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਯੁੱਗ ਪੁਰਸ਼ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 126ਵੇਂ ਜਨਮ ਦਿਨ ਨੂੰ ਸ਼ਰਧਾਜਲੀਂ ਦਿੰਦਿਆਂ ਵਿਸ਼ੇਸ਼ ਤੌਰ ’ਤੇ ਸੂਬੇ ਦੇ ਪੰਜ ਜਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ,ਪਠਾਨਕੋਟ,ਸ੍ਰੀ ਮੁਕਤਸਰ ਸਾਹਿਬ,ਲੁਧਿਆਣਾ ਅਤੇ ਜਲੰਧਰ ਵਿਖੇ ਬਾਬਾ ਸਾਹਿਬ ਦੇ ਬੁੱਤ ਸਥਾਪਿਤ ਕਰਕੇ ਰਾਸ਼ਟਰ ਦੇ ਸਮਰਪਿਤ ਕੀਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਾਨ ਸ਼ਖਸੀਅਤ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਨੂੰ ਉਨ੍ਹਾਂ ਦੇ 126ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਮਾਜ ਦੇ ਕਮਜ਼ੋਰ ਤਬਕਿਆਂ ਦਾ ਪੱਧਰ ਉਚਾ ਚੁੱਕਣ ਲਈ ਪਾਏ ਲਾਮਿਸਾਲ ਯੋਗਦਾਨ ਨੂੰ ਚੇਤੇ ਕੀਤਾ। ਲੋਕਾਂ ਨੂੰ ਦਿੱਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਅੰਬੇਦਕਰ ਨੂੰ ਇਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥਸਾਸ਼ਤਰੀ, ਸਮਾਜ ਸੁਧਾਰਕ ਅਤੇ ਇਕ ਉੱਘੀ ਸਖਸ਼ੀਅਤ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਇਕ ਗਰੀਬ ਪਰਿਵਾਰ ਵਿੱਚ ਪੈਦਾ ਹੋਏ ਸਨ ਪਰ ਪੱਛੜੇ ਤੇ ਕਮਜ਼ੋਰ ਤਬਕਿਆਂ ਪ੍ਰਤੀ ਮਹਾਨ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆਂ ਦੀ ਕਤਾਰ ਵਿਚ ਖੜ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰ ਦ੍ਰਿਸ਼ਟੀ ਦਾ ਨਤੀਜਾ ਸੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਨ ਸਮਾਜ ਸੁਧਾਰਕ ਵੱਲੋਂ ਦਿਖਾਏ ਰਸਤੇ ’ਤੇ ਚੱਲਣ ਦਾ ਸੱਦਾ ਦਿੰਦਿਆਂ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਕੰਮ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਡਾ. ਅੰਬੇਦਕਰ ਦੇ ਵਿਚਾਰਾਂ ਦੇ ਧਾਰਨੀ ਬਣਨ ਦਾ ਸੱਦਾ ਦਿੰਦਿਆਂ ਮੁਲਕ ਨੂੰ ਤਰੱਕੀ ਦੀ ਮੰਜ਼ਲ ਵੱਲ ਲਿਜਾਣ ਲਈ ਧਰਮ, ਜਾਤ, ਰੰਗ ਤੇ ਨਸਲ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠਣ ਦੀ ਅਪੀਲ ਕੀਤੀ। ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਆਯੋਜਿਤ ਕੀਤੇ ਗਏ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਦੇ ਬੁਲਾਰਿਆਂ ਨੇ ਸੂਬੇ ਵਿਚ ਸਮਾਨਤਾ ’ਤੇ ਅਧਾਰਿਤ ਸਮਾਜ ਦੀ ਸਿਰਜਣਾ ਅਤੇ ਸਮਾਜ ਦੇ ਗਰੀਬ ਅਤੇ ਲੋੜਵੰਦਾਂ ਦੀ ਭਲਾਈ ਅਤੇ ਸਰਵ-ਪੱਖੀ ਵਿਕਾਸ ਨੂੰ ਯਕੀਨੀ ਕਰਨ ਬਾਰੇ ਕਿਹਾ ।ਬੁਲਾਰਿਆਂ ਨੇ ਕਿਹਾ ਕਿ ਕਮਜ਼ੋਰ ਤਬਕਿਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਆਰੀ ਸਿੱਖਿਆ ਯਕੀਨੀ ਤੌਰ ’ਤੇ ਮੁਹੱਈਆ ਕਰਵਾਈ ਜਾਵੇਗੀ ।ਉਨ੍ਹਾਂ ਵਲੋਂ ਕਿਹਾ ਗਿਆ ਕਿ ਬਾਬਾ ਸਾਹਿਬ ਦੇ ਸਪਨੇ ਨੂੰ ਸੱਚ ਕਰਨ ਲਈ ਸੂਬਾ ਸਰਕਾਰ ਲੋੜਵੰਦਾਂ ਦਾ ਸਰਵ-ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਜਿਸ ਲਈ ਗਰੀਬਾਂ ਦੀ ਭਲਾਈ ਨਾਲ ਸਬੰਧਤ ਨੀਤੀਆਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…