ਟਰੱਕਾਂ ਦੀ ਹੜਤਾਲ: ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, ਡੀਸੀ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ

ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ

ਮਸਲੇ ਦੇ ਹੱਲ ਲਈ ਤੇਲ ਕੰਪਨੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਸੰਪਰਕ ਵਿੱਚ ਹੈ ਮੁਹਾਲੀ ਪ੍ਰਸ਼ਾਸਨ: ਡੀਸੀ ਆਸ਼ਿਕਾ ਜੈਨ

ਪੈਟਰੋਲ-ਡੀਜ਼ਲ ਤੇ ਜ਼ਰੂਰੀ ਵਸਤਾਂ ਬਾਰੇ ਝੂਠੀ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਕੇਂਦਰ ਸਰਕਾਰ ਵੱਲੋਂ ‘ਹਿੱਟ ਐਂਡ ਰਨ’ ਸਬੰਧੀ ਕਾਨੂੰਨ ਵਿੱਚ ਕੀਤੀ ਗਈ ਸੋਧ ਖ਼ਿਲਾਫ਼ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਮੱਦੇਨਜ਼ਰ ਮੰਗਲਵਾਰ ਨੂੰ ਮੁਹਾਲੀ ਅਤੇ ਆਸਪਾਸ ਪੈਟਰੋਲ ਪੰਪਾਂ ’ਤੇ ਆਪਣੇ ਵਾਹਨਾਂ ਵਿੱਚ ਤੇਲ ਭਰਵਾਉਣ ਲਈ ਲੋਕਾਂ ਦੀਆਂ ਲੰਮੀਆਂ ਲਾਈਨਾਂ ਦੇਖਣ ਨੂੰ ਮਿਲੀਆਂ। ਇੰਜ ਹੀ ਜ਼ਰੂਰੀ ਵਸਤਾਂ ਦੀ ਖ਼ਰੀਦ ਲਈ ਸ਼ਾਪਿੰਗ ਮਾਲਾਂ ਵਿੱਚ ਆਮ ਦਿਨਾਂ ਨਾਲੋਂ ਪਿਛਲੇ ਦੋ ਦਿਨਾਂ ਤੋਂ ਲੋਕਾਂ ਦੀ ਭੀੜ ਨਜ਼ਰ ਆ ਰਹੀ ਹੈ। ਹਰ ਕੋਈ ਵਿਅਕਤੀ ਤੇਲ ਅਤੇ ਖਾਣ-ਪੀਣ ਦਾ ਸਮਾਨ ਸਟੋਰ ਕਰਨ ਲਈ ਕਾਹਦਾ ਦਿਖਾਈ ਦੇ ਰਿਹਾ ਹੈ।
ਉਧਰ, ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਕਦਮੀ ਕਰਦਿਆਂ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚੇ ਮੁਹਾਲੀ ਜ਼ਿਲ੍ਹੇ ਅੰਦਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇਹ ਵੀ ਅਪੀਲ ਕੀਤੀ ਹੈ ਕਿ ਪੈਟਰੋਲ-ਡੀਜ਼ਲ ਦਾ ਬਿਨਾਂ ਲੋੜ ਤੋਂ ਭੰਡਾਰ ਕਰਕੇ ਇਸ ਦੀ ਕਮੀ ਪੈਦਾ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਮੁੱਚੇ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਯੂਨੀਅਨਾਂ ਅਤੇ ਤੇਲ ਕੰਪਨੀਆਂ ਦੇ ਸੇਲਜ਼ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਸਥਿਤੀ ਨੂੰ ਸੰਭਾਲਣ ਅਤੇ ਟਰਾਂਸਪੋਰਟ ਅਪਰੇਟਰਾਂ ਦਾ ਭਰੋਸਾ ਜਿੱਤਣ ਲਈ ਕੋਸ਼ਿਸ਼ ਕਰ ਰਹੀ ਹੈ।
ਡੀਸੀ ਆਸ਼ਿਕਾ ਜੈਨ ਨੇ ਆਮ ਲੋਕਾਂ ਨੂੰ ਇਸ ਸਮੇਂ ਤੇਲ ਦਾ ਭੰਡਾਰ ਨਾ ਕਰਨ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਭਾਗੀਦਾਰਾਂ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਚਾਹੇ ਉਹ ਤੇਲ ਕੰਪਨੀਆਂ, ਟਰਾਂਸਪੋਰਟ ਯੂਨੀਅਨਾਂ ਜਾਂ ਪੈਟਰੋਲੀਅਮ ਡੀਲਰ ਹੋਣ ਤਾਂ ਜੋ ਸਥਿਤੀ ਨੂੰ ਸਹੀ ਲੀਹ ’ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਿਰਫ਼ ਤੇਲ ਹੀ ਨਹੀਂ, ਸਗੋਂ ਹੋਰ ਜ਼ਰੂਰੀ ਵਸਤਾਂ ਜਿਵੇਂ ਐਲਪੀਜੀ ਅਤੇ ਦਵਾਈਆਂ ਦੀ ਸਪਲਾਈ ਵਿੱਚ ਵੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਝੂਠੀਆਂ ਅਫ਼ਵਾਹਾਂ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆਂ ਜਾਵੇਗਾ।
ਉਨ੍ਹਾਂ ਕਿਹਾ ਕਿ ਐੱਸਐੱਸਪੀ ਰਾਹੀਂ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਪੈਟਰੋਲ ਪੰਪਾਂ ’ਤੇ ਗਸ਼ਤ ਵਧਾਉਣ ਦੀ ਤਾਕੀਦ ਕੀਤੀ ਗਈ ਹੈ ਤਾਂ ਜੋ ਉੱਥੇ ਗੜਬੜ ਵਰਗੀ ਸਥਿਤੀ ਪੈਦਾ ਨਾ ਸਕੇ ਅਤੇ ਪੂਰੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸਾਂ ਅਤੇ ਹੋਰਾਂ ਲਈ ਕਿਸੇ ਵੀ ਅਣਚਾਹੇ ਸਥਿਤੀ ਨੂੰ ਰੋਕਣ ਲਈ ਲੋੜੀਂਦੀ ਮਾਤਰਾ ਵਿੱਚ ਸਟਾਕ ਰਾਖਵਾਂ ਰੱਖਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …