ਅਰਮੀਨੀਆ ਆਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ, ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਨੇ ਅਰਮੀਨੀਆ ਆਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਵਿੱਚ ਗੈਂਗਸਟਰ ਬੰਬੀਹਾ ਗਰੋਹ ਦਾ ਮੁਖੀ ਹੈ ਅਤੇ ਪੰਜਾਬ ਪੁਲੀਸ ਨੂੰ ਲੋੜੀਂਦਾ ਹੈ।
ਅੱਜ ਸ਼ਾਮ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਕਿੰਗਰਾ ਵਾਸੀ ਮੰਡੀ ਡੱਬਵਾਲੀ (ਹਰਿਆਣਾ) ਅਤੇ ਹਰਿੰਦਰ ਸਿੰਘ ਵਾਸੀ ਕੋਟਕਪੁਰਾ (ਫਰੀਦਕੋਟ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਫੇਜ਼-1 ਸਥਿਤ ਐਸਐਸਓਸੀ ਦੇ ਥਾਣੇ ਵਿੱਚ ਅਸਲਾ ਐਕਟ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਡੀਐਸਪੀ ਗੁਰਚਰਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕੁਲਦੀਪ ਸਿੰਘ ਕਿੰਗਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਿੰਗਰਾ ਅਪਰਾਧੀਆਂ ਅਤੇ ਬੰਬੀਹਾ ਗਰੁੱਪ ਦੇ ਮੈਂਬਰਾਂ ਨੂੰ ਸਿਰਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਛੁਪਣਗਾਹਾਂ ਮੁਹੱਈਆ ਕਰਵਾਉਂਦਾ ਸੀ। ਮੁਲਜ਼ਮ ਤੋਂ ਪੁੱਛ-ਪੜਤਾਲ ਦੌਰਾਨ ਮਿਲੇ ਸੁਰਾਗ ਤੋਂ ਬਾਅਦ ਪੁਲੀਸ ਨੇ ਉਸ ਦੇ ਦੂਜੇ ਸਾਥੀ ਹਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਇਕ ਦੇਸੀ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਕੁਲਦੀਪ ਕਿੰਗਰਾ ਅਤੇ ਹਰਿੰਦਰ ਸਿੰਘ ਮੋਗਾ ਦੇ ਰਹਿਣ ਵਾਲੇ ਜੈਕਪਾਲ ਸਿੰਘ ਉਰਫ਼ ਲਾਲੀ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ। ਜੈਕਪਾਲ ਲਾਲੀ ਗੈਂਗਸਟਰ ਲੱਕੀ ਪਟਿਆਲ ਦਾ ਪੁਰਾਣਾ ਸਾਥੀ ਹੈ। ਵਿਦੇਸ਼ ਆਧਾਰਿਤ ਸੰਚਾਲਕਾਂ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਹਰਿੰਦਰ ਸਿੰਘ ਪੰਜਾਬ ਦੇ ਕੁਝ ਕਾਰੋਬਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਤੋਂ ਜਬਰੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ, ਜਦਕਿ ਕੁਲਦੀਪ ਕਿੰਗਰਾ ਮੁਲਜ਼ਮਾਂ ਦੇ ਲੁਕਣ ਲਈ ਛੁਪਣਗਾਹਾਂ ਦਾ ਪ੍ਰਬੰਧ ਕਰਦਾ ਸੀ। ਹਰਿਆਣਾ ਦੇ ਸਿਰਸਾ ਇਲਾਕੇ ਵਿੱਚ ਰਹਿਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਵੀ ਉਨ੍ਹਾਂ ਦੇ ਨਿਸ਼ਾਨੇ ’ਤੇ ਸਨ। ਜੈਕਪਾਲ ਲਾਲੀ ਨੇ ਹੀ ਹਰਿੰਦਰ ਸਿੰਘ ਨੂੰ ਹਥਿਆਰ ਅਤੇ ਗੋਲੀ ਸਿੱਕਾ ਮੁਹੱਈਆ ਕਰਵਾਇਆ ਸੀ। ਇਸ ਤੋਂ ਪਹਿਲਾਂ ਜੈਕਪਾਲ ਲਾਲੀ ਨੇ ਹਰਿੰਦਰ ਸਿੰਘ ਨੂੰ ਦੋ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਏ ਸਨ ਜੋ ਉਸ ਨੇ ਅੱਗੇ ਆਪਣੇ ਸਾਥੀਆਂ ਨੂੰ ਦਿੱਤੇ ਸਨ। ਮੁਲਜ਼ਮਾਂ ਕੋਲੋਂ ਇਹ ਹਥਿਆਰ ਬਰਾਮਦ ਕਰਨੇ ਬਾਕੀ ਹਨ।
(ਬਾਕਸ ਆਈਟਮ)
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਰਾਕੇਟ-ਪ੍ਰੋਪੇਲਡ ਗ੍ਰੇਨੇਡ ਹਮਲੇ ਦੇ ਮੁੱਖ ਨਿਸ਼ਾਨੇਬਾਜ਼ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਦਾ ਕਰੀਬੀ ਸਾਥੀ ਹੈ। ਰਾਕੇਟ-ਪ੍ਰੋਪੇਲਡ ਗ੍ਰੇਨੇਡ ਹਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਇਲਾਵਾ ਦੀਪਕ ਰੰਗਾ ਹਿੰਸਕ ਹੱਤਿਆਵਾਂ ਸਮੇਤ ਕਈ ਹੋਰ ਅਤਿਵਾਦੀ ਅਤੇ ਅਪਰਾਧਾਂ ਵਿੱਚ ਸ਼ਾਮਲ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…