
50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ
ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬਰ:
ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਇਨੋਵਾ ਕਾਰ ਵੀ ਆਪਣੇ ਕਬਜ਼ੇ ਵਿੱਚ ਲਈ ਹੈ। ਮੁਲਜ਼ਮਾਂ ਦੀ ਪਛਾਣ ਕਾਰ ਚਾਲਕ ਪਰਮਜੀਤ ਸਿੰਘ ਉਰਫ਼ ਗੁਰੀ ਵਾਸੀ ਜਵਾਹਰ ਸਿੰਘ ਵਾਲਾ (ਮੋਗਾ) ਅਤੇ ਗੁਰਸੇਵਕ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ਪੱਤੋ ਹੀਰਾ ਸਿੰਘ (ਮੋਗਾ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਸਬ ਇਸਪੈਕਟਰ ਤੇ ਤਫ਼ਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਸ਼ਮਸ਼ਾਨਘਾਟ ਮੁਹਾਲੀ ਸੜਕ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਇੱਕ ਇਨੋਵਾ ਕਾਰ ਨੂੰ ਟਾਰਚ ਦੀ ਲਾਈਟ ਮਾਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਇੱਕ ਦਮ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਜਵਾਨਾਂ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।
ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ਦੀਆਂ ਅਗਲੀਆਂ ਦੋਵੇਂ ਵਿਚਕਾਰ ਗੇਅਰ ਬਾਕਸ ਕੋਲ ਇੱਕ ਪਲਾਸਟਿਕ ਦੇ ਲਿਫ਼ਾਫ਼ੇ ’ਚੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਫ਼ਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਸੇਵਕ ਸਿੰਘ ਉਰਫ਼ ਨਿੱਕਾ ਖ਼ਿਲਾਫ਼ ਪਹਿਲਾ ਵੀ ਥਾਣਾ ਨਿਹਾਲ ਸਿੰਘ ਵਾਲਾ (ਮੋਗਾ) ਵਿੱਚ ਪਰਚੇ ਦਰਜ ਹਨ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।