nabaz-e-punjab.com

ਪੁਲੀਸ ਮੁਲਾਜ਼ਮ ’ਤੇ ਹਮਲਾ ਕਰਕੇ ਪੱਗ ਲਾਹੁਣ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ

ਸਿਰ ਵਿੱਚ ਇੱਟ ਲੱਗਣ ਕਾਰਨ ਸਿਪਾਹੀ ਰਮਨਦੀਪ ਸਿੰਘ ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਇੱਥੋਂ ਦੇ ਸੈਕਟਰ-65 ਦੀ ਗੁਰੂ ਨਾਨਕ ਕਲੋਨੀ (ਜਗਤਪੁਰਾ) ਵਿੱਚ ਪੀਸੀਆਰ ਪਾਰਟੀ ਦੇ ਇੱਕ ਸਿਪਾਹੀ ’ਤੇ ਕਥਿਤ ਤੌਰ ’ਤੇ ਹਮਲਾ ਕਰ ਕੇ ਪੁਲੀਸ ਮੁਲਾਜ਼ਮ ਦੀ ਪੱਗ ਲਾਹੁਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸਬੰਧੀ ਪੁਲੀਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਮਲਾਵਰਾਂ ਦੀ ਪਛਾਣ ਮਨੀ ਕੰਡਨ ਅਤੇ ਸ਼ਿੰਗਾਰਾ ਵਜੋਂ ਹੋਈ ਹੈ। ਦੋਵੇਂ ਗੁਰੂ ਨਾਨਕ ਕਲੋਨੀ ਜਗਤਪੁਰਾ ਦੇ ਵਸਨੀਕ ਹਨ। ਉਨ੍ਹਾਂ ਦੇ ਖ਼ਿਲਾਫ਼ ਥਾਣਾ ਫੇਜ਼-11 ਵਿੱਚ 353, 186, 332 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਅਨੁਸਾਰ ਕੱਲ੍ਹ ਰਾਤ ਗੁਰੂ ਨਾਨਕ ਕਲੋਨੀ ਵਿੱਚ ਇੱਕ ਮੰਗਣੀ ਸਮਾਗਮ ਹੋਇਆ ਸੀ ਅਤੇ ਡੀਜੇ ਵਜਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਮਨੀ ਅਤੇ ਸ਼ਿੰਗਾਰਾ ਵੀ ਇਸ ਝਗੜੇ ਵਿੱਚ ਸ਼ਾਮਲ ਸਨ। ਹੰਗਾਮੇ ਦੀ ਸੂਚਨਾ ਮਿਲਣ ’ਤੇ ਪੀਸੀਆਰ ਪਾਰਟੀ ਦੇ ਜਵਾਨ ਸਿਪਾਹੀ ਰਮਨਦੀਪ ਸਿੰਘ ਝਗੜਾ ਸੁਲਝਾਉਣ ਲਈ ਮੌਕੇ ’ਤੇ ਪਹੁੰਚ ਗਿਆ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਇਸ ਦੌਰਾਨ ਮੁਲਜ਼ਮ ਅਤੇ ਉਸਦੇ ਸਾਥੀਆਂ ਨੇ ਸਿਪਾਹੀ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਪਹਿਲਾਂ ਸਿਪਾਹੀ ’ਤੇ ਹਮਲਾ ਕੀਤਾ ਅਤੇ ਫਿਰ ਉਸ ਦੀ ਦਸਤਾਰ ਲਾਹ ਕੇ ਉਸ ਨੂੰ ਜਨਤਕ ਤੌਰ ’ਤੇ ਜ਼ਲੀਲ ਕੀਤਾ ਗਿਆ ਅਤੇ ਏਨੇ ਵਿੱਚ ਇਕ ਹਮਲਾਵਰਾਂ ਨੇ ਸਿਪਾਹੀ ਦੇ ਸਿਰ ਉੱਤੇ ਇੱਟ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੀੜਤ ਸਿਪਾਹੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਦਾਖ਼ਲ ਕਰਵਾਇਆ ਗਿਆ। ਅੱਜ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਫੇਜ਼-11 ਥਾਣਾ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …