ਨਸ਼ਾ ਤਸਕਰੀ: 100 ਗਰਾਮ ਹੈਰੋਇਨ ਸਣੇ ਦੋ ਮੁਲਜ਼ਮ ਕਾਬੂ, ਸਵਿਫ਼ਟ ਕਾਰ ਵੀ ਕੀਤੀ ਜ਼ਬਤ

ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦੇ ਆ ਰਹੇ ਨੇ ਦੋਵੇਂ ਮੁਲਜ਼ਮ: ਐਸਐਸਪੀ ਮਾਹਲ

ਦਿੱਲੀ ਤੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਮੁਹਾਲੀ ਤੇ ਖਰੜ ਖੇਤਰ ਵਿੱਚ ਮਹਿੰਗੇ ਭਾਅ ’ਤੇ ਵੇਚਦੇ ਹਨ ਨਸ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਹਿਮਾਚਲ ਨੰਬਰ ਦੀ ਸਵਿਫ਼ਟ ਡੀਜਾਇਰ ਕਾਰ ਵੀ ਕਬਜ਼ੇ ਵਿੱਚ ਲਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮਾਂ ਬਾਰੇ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਮੁੱਲਾ ਫੈਸ਼ਨ ਵਿਅਕਤੀ ਹਿਮਾਚਲ ਨੰਬਰ ਦੀ ਗੱਡੀ ਵਿੱਚ ਹੈਰੋਇਨ ਲੈ ਕੇ ਆ ਰਹੇ ਹਨ। ਜਿਨ੍ਹਾਂ ਨੇ ਇਹ ਨਸ਼ਾ ਮੁਹਾਲੀ ਅਤੇ ਖਰੜ ਇਲਾਕੇ ਵਿੱਚ ਸਪਲਾਈ ਕੀਤਾ ਜਾਣਾ ਹੈ।
ਐਸਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਮੁਹਾਲੀ ਦੇ ਐਸਪੀ (ਡੀ) ਵਜੀਰ ਸਿੰਘ ਖਹਿਰਾ, ਡੀਐਸਪੀ (ਡੀ) ਸੁਖਨਾਜ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕ੍ਰਿਸ਼ਚਨ ਸਕੂਲ ਖਰੜ ਨੇੜੇ ਨਾਕਾਬੰਦੀ ਕਰਕੇ ਸ਼ੱਕ ਦੇ ਆਧਾਰ ’ਤੇ ਸਵਿਫ਼ਟ ਡੀਜਾਇਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ’ਚੋਂ ਵਰਿੰਦਰ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਝਾਕੋਡਾ (ਸ਼ਿਮਲਾ) ਅਤੇ ਜਤਿੰਦਰ ਕੁਮਾਰ ਵਾਸੀ ਏਅਰਪੋਰਟ ਰੋਡ ਮੀਨਾ ਨਿਵਾਸ (ਸ਼ਿਮਲਾ) ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਖਰੜ ਸਿਟੀ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਮਾਹਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵਰਿੰਦਰ ਵਿੱਕੀ ਅਤੇ ਜਤਿੰਦਰ ਕੁਮਾਰ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰਦੇ ਆ ਰਹੇ ਹਨ ਅਤੇ ਉਹ ਖ਼ੁਦ ਵੀ ਨਸ਼ਾ ਕਰਨ ਦੇ ਆਦੀ ਹਨ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਇਹ ਵੀ ਦੱਸਿਆ ਕੇ ਉਹ ਦਿੱਲੀ ਤੋਂ ਹੈਰੋਇਨ ਸਸਤੇ ਭਾਅ ਵਿੱਚ ਲਿਆ ਕੇ ਮੁਹਾਲੀ ਅਤੇ ਖਰੜ ਖੇਤਰ ਵਿਖੇ ਮਹਿੰਗੇ ਭਾਅ ’ਤੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਕੋਲੋਂ ਹੈਰੋਇਨ ਸਪਲਾਈ ਕਰਨ ਵਾਲੇ ਮੁੱਖ ਤਸਕਰਾਂ ਬਾਰੇ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…