
ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ ਤੇ 3 ਜਿੰਦਾ ਕਾਰਤੂਸ ਤੇ 100 ਗਰਾਮ ਹੈਰੋਇਨ ਬਰਾਮਦ
ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਦਿਸ਼ਾ-ਨਿਰਦੇਸ਼ਾਂ ਤਹਿਤ ਐਂਟੀ-ਨਾਰਕੌਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਛਾਂਗਾ ਰਾਏ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਹਾਲ ਕਿਰਾਏਦਾਰ ਆਂਸਲ (ਨੇੜੇ ਲਾਂਡਰਾਂ) ਅਤੇ ਗੁਰਪ੍ਰੀਤ ਸਿੰਘ ਵਾਸੀ ਢਾਣੀ ਡੰਡੇ ਵਾਲੀ, ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ, ਤਿੰਨ ਕਾਰਤੂਸ ਅਤੇ 100 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਂਟੀ ਨਾਰਕੌਟਿਕਸ-ਕਮ ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਪਾਰਟੀ ਚੱਪੜਚਿੜੀ ਨੇੜੇ ਮੌਜੂਦ ਸਨ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਗੁਰਪ੍ਰੀਤ ਸਿੰਘ ਅਕਸਰ ਖਰੜ-ਮੁਹਾਲੀ ਏਰੀਆ ਵਿੱਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਦੇ ਹਨ ਅਤੇ ਗੁਰਪ੍ਰੀਤ ਸਿੰਘ ਕੋਲ ਨਾਜਾਇਜ਼ ਪਿਸਤੌਲ ਵੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਬਲੌਂਗੀ ਥਾਣੇ ਐਨਡੀਪੀਐੱਸ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਸੈਕਟਰ-116 ਸਥਿਤ ਆਂਸਲ (ਲਾਂਡਰਾਂ) ਨੇੜਿਓਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਗੁਰਪ੍ਰੀਤ ਸਿੰਘ ਬਾਰ੍ਹਵੀਂ ਪਾਸ ਅਤੇ ਸ਼ਾਦੀ ਸ਼ੁਦਾ ਹੈ। ਉਹ ਕਰੀਬ ਇੱਕ ਸਾਲ ਤੋਂ ਮੁਹਾਲੀ ਏਰੀਆ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਇਸ ਤੋਂ ਪਹਿਲਾਂ ਟਰਾਈ ਸਿਟੀ ਮੈਡੀਕਲ, ਪਿੰਡ ਕੁੰਭੜਾ ਵਿੱਚ ਪੇਸ਼ੈਂਟ ਕੇਅਰ ਦਾ ਕੰਮ ਕਰਦਾ ਸੀ। ਜਦੋਂਕਿ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਵੀ ਬਾਰ੍ਹਵੀਂ ਪਾਸ ਹੈ ਅਤੇ ਬਲੌਂਗੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਮੁਲਜ਼ਮ ਕਿਰਾਏ ਦੀ ਕੈਬ ਚਲਾਉਂਦਾ ਸੀ ਅਤੇ ਗੋਪੀ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਨ ਲੱਗ ਪਿਆ।