ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸਮੀਰ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ (ਬਠਿੰਡਾ) ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ .315 ਬੋਰ ਦੀ ਰਾਈਫ਼ਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ। ਦੋਵੇਂ ਮੁਲਜ਼ਮਾਂ ’ਤੇ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦਾ ਦੋਸ਼ ਹੈ।
ਅੱਜ ਇੱਥੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੈਂਗਸਟਰ ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ, ਜੋ ਗੈਂਗਸਟਰ ਤੋਂ ਅਤਿਵਾਦੀ ਬਣੇ ਕੈਨੇਡਾ ਵਿੱਚ ਰਹਿੰਦੇ ਲਖਬੀਰ ਸਿੰਘ ਉਰਫ਼ ਲੰਡਾ ਦਾ ਕਰੀਬੀ ਸਾਥੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਮਨ-ਸ਼ਾਂਤੀ ਭੰਗ ਕਰਨ ਦੇ ਦੋਸ਼ ਵਿਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਪੁਰਾਣੇ ਕੇਸ ਦੀ ਜਾਂਚ ਦੌਰਾਨ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਸੀ, ਜੋ ਕਾਫ਼ੀ ਸਮੇਂ ਤੋਂ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਇਸ ਸਬੰਧੀ ਬੀਤੀ 23 ਅਗਸਤ ਨੂੰ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸੇ ਹੋਰ ਸਾਥੀਆਂ ਵਿਰੁੱਧ ਮੁਹਾਲੀ ਸਥਿਤ ਸਪੈਸ਼ਲ ਅਪਰੇਸ਼ਨ ਸੈੱਲ ਵਿੱਚ ਪਰਚਾ ਦਰਜ ਕੀਤਾ ਗਿਆ ਸੀ।
ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ, ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿਚ ਵੀ ਲੰਡਾ ਦੀ ਮਦਦ ਕਰਦਾ ਹੈ।
ਏਆਈਜੀ ਨੇ ਦੱਸਿਆ ਕਿ ਪੁਲੀਸ ਨੇ ਸੁਸ਼ਾਂਤ ਸਿਟੀ ਬਠਿੰਡਾ ਵਿੱਚ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਸਾਥੀਆਂ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ’ਤੇ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਵੱਲੋਂ ਨਿਰੰਤਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…