ਭ੍ਰਿਸ਼ਟਾਚਾਰ ਦਾ ਮਾਮਲਾ: ਘੜੂੰਆਂ ਥਾਣੇ ਦਾ ਐਸਐਚਓ ਤੇ ਗੰਨਮੈਨ ਦਾ ਦੋ ਦਿਨਾਂ ਪੁਲੀਸ ਰਿਮਾਂਡ

ਐਸਐਸਪੀ ਵੱਲੋਂ ਥਾਣੇਦਾਰ ਤੇ ਹੌਲਦਾਰ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਘੜੂੰਆਂ ਥਾਣੇ ਦੇ ਐਸਐਚਓ ਸਾਹਿਬ ਸਿੰਘ ਅਤੇ ਹੌਲਦਾਰ ਰਛਪਾਲ ਸਿੰਘ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਦੇ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਦੱਸਿਆ ਕਿ ਮੁਲਜ਼ਮਾਂ ਨੂੰ ਟਿੱਪਰ ਚਾਲਕਾਂ ਤੋਂ ਪਹਿਲਾ ਵਸੂਲੇ 7 ਹਜ਼ਾਰ ਰੁਪਏ ਬਰਾਮਦ ਕਰਨੇ ਹਨ ਅਤੇ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰਨੀ ਬਾਕੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਨੂੰ ਦੁਬਾਰਾ 12 ਦਸੰਬਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਦੇ ਡੀਐਸਪੀ ਤੇਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਤਲਾਸ਼ੀ ਦੌਰਾਨ ਹੌਲਦਾਰ ਰਛਪਾਲ ਸਿੰਘ ਦੇ ਘੜੂੰਆਂ ਥਾਣੇ ਵਿੱਚ ਸਥਿਤ ਸਰਕਾਰੀ ਕੁਆਰਟ ’ਚੋਂ ਛੇ ਡਾਇਰੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਨ੍ਹਾਂ ’ਤੇ ਜ਼ਿਆਦਾਤਰ ਨਾਮ ਪਤੇ ਅਤੇ ਟੈਲੀਫੋਨ ਨੰਬਰ ਇੱਟਾਂ ਦੇ ਭੱਠੇ ਵਾਲਿਆ, ਰੇਤੇ ਬਜਰੀ ਦੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਅਤੇ ਟਰੱਕ ਅਤੇ ਟਿੱਪਰ ਚਾਲਕਾਂ ਦੇ ਲਿਖੇ ਹੋਏ ਹਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਕਰ ਰਹੀ ਹੈ। ਥਾਣਾ ਮੁਖੀ ਸਮੇਤ ਇਸ ਗੋਰਖਧੰਦੇ ਵਿੱਚ ਸ਼ਾਮਲ ਹੋਰਨਾਂ ਮੁਲਾਜ਼ਮਾਂ ਦੀ ਸ਼ੱਕੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਕੋਈ ਵੀ ਕਸੂਰਵਾਰ ਪਾਇਆ ਗਿਆ। ਉਸ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਵਿਜੀਲੈਂਸ ਦੇ ਸੂਤਰਾਂ ਅਨੁਸਾਰ ਟਿੱਪਰ ਚਾਲਕਾਂ ਨੇ ਐਸਐਚਓ ਨੂੰ ਰੇਤੇ ਦੀ ਮਾਈਨਿੰਗ ਸਬੰਧੀ ਲੋੜੀਂਦੇ ਦਸਤਾਵੇਜ਼ ਵੀ ਦਿਖਾਉਂਦੇ ਹੋਏ ਹੌਲਦਾਰ ਦੇ ਖ਼ਿਲਾਫ਼ ਤੰਗ ਪ੍ਰੇਸ਼ਾਨ ਦੀ ਸ਼ਿਕਾਇਤ ਵੀ ਕੀਤੀ ਸੀ ਲੇਕਿਨ ਥਾਣਾ ਮੁਖੀ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਹੌਲਦਾਰ ਰਛਪਾਲ ਸਿੰਘ ਨਾਲ ਹੀ ਤਾਲਮੇਲ ਕਰਨ ਲਈ ਆਖਿਆ ਗਿਆ। ਵਿਜੀਲੈਂਸ ਅਨੁਸਾਰ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜਾਂ ਤਾਂ ਐਸਐਚਓ ਦੀ ਮਿਲੀਭੁਗਤ ਹੈ ਜਾਂ ਐਸਐਚਓ ਨੇ ਆਪਣੇ ਹੌਲਦਾਰ ਨੂੰ ਲੋੜ ਤੋਂ ਵੱਧ ਪਾਵਰਾਂ ਦਿੱਤੀਆਂ ਹੋਈਆਂ ਸਨ ਅਤੇ ਗੁੱਡ ਫੇਥ ਵਿੱਚ ਹੌਲਦਾਰ ਟਰੱਕਾਂ ਵਾਲਿਆਂ ਤੋਂ ਪੈਸੇ ਵਸੂਲੀ ਗਿਆ। ਵਿਜੀਲੈਂਸ ਇਨ੍ਹਾਂ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਇਸ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਉਧਰ, ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਐਸਐਚਓ ਸਾਹਿਬ ਸਿੰਘ ਅਤੇ ਹੌਲਦਾਰ ਰਛਪਾਲ ਸਿੰਘ ਨੂੰ ਰਿਸ਼ਵਤਖੋਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਆਯੋਜਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਸਬੰਧੀ ਵੀਆਈਵੀ ਡਿਊਟੀ ’ਤੇ ਤਾਇਨਾਤ ਘੜੂੰਆਂ ਥਾਣੇ ਦੇ ਐਸਐਚਓ ਸਾਹਿਬ ਸਿੰਘ ਅਤੇ ਉਸ ਦੇ ਡਰਾਈਵਰ ਕਮ ਗੰਨਮੈਨ ਹੌਲਦਾਰ ਰਛਪਾਲ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…